ਪਰਾਲੀ ਨੂੰ ਅੱਗ ਨਾ ਲਗਾ ਕੇ ਵਾਤਾਵਰਣ ਦੀ ਰਾਖੀ ’ਚ ਯੋਗਦਾਨ ਪਾਉਣ ਦਾ ਇਹ ਸੁਨਹਿਰਾ ਸਮਾਂ : ਗੁਰਮੀਤ ਕੁਮਾਰ ਡਿਪਟੀ ਕਮਿਸ਼ਨਰ ਨਵਜੋਤ ਕੌਰ ਦੀਆਂ ਹਦਾਇਤਾਂ
Publish Date: Sat, 14 Nov 2026 05:29 PM (IST)
Updated Date: Sat, 14 Nov 2026 05:30 PM (IST)
ਚਤਰ ਪੰਜਾਬੀ, ਪੰਜਾਬੀ ਜਾਗਰਣ ਬੁਢਲਾਡਾ ਉਪ ਮੰਡਲ ਮੈਜਿਸਟਰੇਟ ਗੁਰਮੀਤ ਕੁਮਾਰ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਪਿੰਡਾਂ ਦੀਆਂ ਸਾਂਝੀਆਂ ਥਾਵਾਂ ਤੇ ਖੇਤਾਂ ਵਿਚ ਜਾ ਕੇ ਕਿਸਾਨਾਂ ਨੂੰ ਪਰਾਲੀ ਦੇ ਪ੍ਰਬੰਧਨ ਤੇ ਪਰਾਲੀ ਨੂੰ ਖੇਤਾਂ ਵਿਚ ਹੀ ਵਾਹੁੰਦੇ ਹੋਏ ਧਰਤੀ ਦੀ ਉਪਜਾਊ ਸ਼ਕਤੀ ਵਿੱਚ ਵਾਧਾ ਕਰਨ ਲਈ ਪ੍ਰੇਰਿਤ ਕਰ ਰਹੇ ਹਨ। ਸਬ ਡਵੀਜ਼ਨ ਬੁਢਲਾਡਾ ਦੇ ਪਿੰਡਾਂ ਰੱਲੀ, ਦਾਤੇਵਾਸ, ਕੁਲਾਣਾ, ਦਰਿਆਪੁਰ, ਭਾਦੜਾ ਆਦਿ ਵਿਖੇ ਖੇਤਾਂ ਵਿਚ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਉਪ ਮੰਡਲ ਮੈਜਿਸਟ੍ਰੇਟ ਨੇ ਕਿਹਾ ਕਿ ਵਾਤਾਵਰਨ ਦੀ ਰਾਖੀ ਵਿਚ ਯੋਗਦਾਨ ਪਾਉਣ ਦਾ ਇਹ ਸੁਨਹਿਰਾ ਸਮਾਂ ਹੈ ਤੇ ਕਿਸਾਨ ਵੀਰ ਮਨੁੱਖਤਾ, ਬਨਸਪਤੀ ਤੇ ਪਸ਼ੂ ਪੰਛੀਆਂ ਦੀਆਂ ਕੀਮਤੀ ਜਾਨਾਂ ਨੂੰ ਸੁਰੱਖਿਅਤ ਰੱਖਣ ਦੀ ਇਸ ਮੁਹਿੰਮ ਵਿਚ ਆਪਣਾ ਵਡਮੁੱਲਾ ਯੋਗਦਾਨ ਪਾ ਸਕਦੇ ਹਨ। ਉਹਨਾਂ ਨੇ ਕਿਹਾ ਕਿ ਸਬ ਡਵੀਜ਼ਨ ਦੇ ਅਨੇਕਾਂ ਪਿੰਡਾਂ ਵਿੱਚ ਅਜਿਹੇ ਅਗਾਹਵਧੂ ਕਿਸਾਨ ਵੀ ਹਨ ਜਿਹੜੇ ਪਿਛਲੇ ਕਈ ਸਾਲਾਂ ਤੋਂ ਪਰਾਲੀ ਪ੍ਰਬੰਧਨ ਦੀ ਮਿਸਾਲ ਕਾਇਮ ਕਰ ਰਹੇ ਹਨ ਤੇ ਅਜਿਹੇ ਕਿਸਾਨਾਂ ਨੂੰ ਵੱਧ ਚੜ ਕੇ ਪ੍ਰਸ਼ਾਸਨ ਦਾ ਸਾਥ ਦਿੰਦੇ ਹੋਏ ਹੋਰ ਕਿਸਾਨਾਂ ਨੂੰ ਵੀ ਇਹ ਰਸਤਾ ਚੁਣਨ ਲਈ ਸਰਗਰਮ ਰਹਿਣਾ ਚਾਹੀਦਾ ਹੈ। ਗੁਰਮੀਤ ਕੁਮਾਰ ਨੇ ਕਿਹਾ ਕਿ ਪਰਾਲੀ ਸਾੜਨ ਨਾਲ ਪੈਦਾ ਹੁੰਦਾ ਧੂਆਂ ਪਿਛਲੇ ਸਮਿਆਂ ਦੌਰਾਨ ਅਨੇਕਾਂ ਕੀਮਤੀ ਜਾਨਾਂ ਨੂੰ ਖਤਰੇ ਵਿਚ ਪਾ ਚੁੱਕਾ ਹੈ ਤੇ ਕਿਸਾਨਾਂ ਨੂੰ ਆਪਣੇ ਬੱਚਿਆਂ ਤੇ ਬਜ਼ੁਰਗਾਂ ਦੀ ਸਿਹਤ ਪ੍ਰਤੀ ਅਵੇਸਲਾ ਨਹੀਂ ਹੋਣਾ ਚਾਹੀਦਾ। ਉਨ੍ਹਾਂ ਨੇ ਕਿਸਾਨਾਂ ਨੂੰ ਫਸਲੀ ਪ੍ਰਬੰਧਨ ਦੇ ਵੱਖ-ਵੱਖ ਨੁਕਤਿਆਂ ਬਾਰੇ ਜਾਣਕਾਰੀ ਦਿੱਤੀ ਤੇ ਪਿੰਡ ਪੱਧਰ ’ਤੇ ਪ੍ਰਸ਼ਾਸਨ ਵੱਲੋਂ ਕੀਤੇ ਮਸ਼ੀਨਰੀ ਉਪਲਬਧ ਕਰਵਾਉਣ ਦੇ ਪ੍ਰਬੰਧਾਂ ਬਾਰੇ ਵਿਸਥਾਰ ਵਿੱਚ ਦੱਸਿਆ।