ਅੰਮ੍ਰਿਤਪਾਲ ਸਿੰਘ ਦੀ ਮਾਤਾ ਦਾ ਵੱਡਾ ਬਿਆਨ: ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਵਾਲਿਆਂ ਨੂੰ ਸੁੱਟਿਆ ਜਾ ਰਿਹਾ ਜੇਲ੍ਹਾਂ 'ਚ
ਉਨ੍ਹਾਂ ਕਿਹਾ ਕਿ ਪੰਜਾਬ ਦੀ ਜਵਾਨੀ ਨਸ਼ਿਆਂ ਕਾਰਨ ਬਰਬਾਦ ਹੋ ਰਹੀ ਹੈ ਅਤੇ ਸਰਕਾਰਾਂ ਇਸ ਸਮੱਸਿਆ ਨੂੰ ਖ਼ਤਮ ਕਰਨ ’ਚ ਨਾਕਾਮ ਰਹੀਆਂ ਹਨ। ਉਨ੍ਹਾਂ ਸਵਾਲ ਕੀਤਾ ਕਿ ਜੇਕਰ ਮਾਨਸਾ ਵਿੱਚ ਇੰਨੀ ਵੱਡੀ ਗਿਣਤੀ ਵਿੱਚ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਜਾ ਸਕਦੇ ਹਨ ਤਾਂ ਨਸ਼ਿਆਂ ਦੀ ਰੋਕਥਾਮ ਲਈ ਵੀ ਪੁਲਿਸ ਦੀ ਇਸੇ ਤਰ੍ਹਾਂ ਤਾਇਨਾਤੀ ਕਿਉਂ ਨਹੀਂ ਕੀਤੀ ਜਾਂਦੀ।
Publish Date: Wed, 21 Oct 2026 03:04 PM (IST)
Updated Date: Wed, 21 Oct 2026 03:15 PM (IST)
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ। ਅੰਮ੍ਰਿਤਪਾਲ ਸਿੰਘ ਦੀ ਮਾਤਾ ਬਲਵਿੰਦਰ ਕੌਰ ਨੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਨੂੰ ਲੈ ਕੇ ਸਰਕਾਰਾਂ ਦੀ ਕਾਰਗੁਜ਼ਾਰੀ ’ਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਨਸ਼ਾ ਵੇਚਣ ਵਾਲਿਆਂ ਨੂੰ ਰੋਕਣ ਲਈ ਸੰਘਰਸ਼ ਕਰਦਾ ਰਿਹਾ ਪਰ ਉਸ ਨੂੰ ਆਪਣੀ ਜਾਨ ਗੁਆਉਣੀ ਪਈ।
ਉਨ੍ਹਾਂ ਦੋਸ਼ ਲਾਇਆ ਕਿ ਨਸ਼ਾ ਵੇਚਣ ਵਾਲਿਆਂ ਦੀ ਪੁਸ਼ਤਪਨਾਹੀ ਕੀਤੀ ਜਾਂਦੀ ਹੈ, ਜਦਕਿ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਨੂੰ ਜੇਲ੍ਹਾਂ ’ਚ ਸੁੱਟ ਦਿੱਤਾ ਜਾਂਦਾ ਹੈ ਜਾਂ ਉਨ੍ਹਾਂ ਦੀ ਜਾਨ ਨੂੰ ਖ਼ਤਰਾ ਪੈਦਾ ਹੋ ਜਾਂਦਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਦੀ ਜਵਾਨੀ ਨਸ਼ਿਆਂ ਕਾਰਨ ਬਰਬਾਦ ਹੋ ਰਹੀ ਹੈ ਅਤੇ ਸਰਕਾਰਾਂ ਇਸ ਸਮੱਸਿਆ ਨੂੰ ਖ਼ਤਮ ਕਰਨ ’ਚ ਨਾਕਾਮ ਰਹੀਆਂ ਹਨ। ਉਨ੍ਹਾਂ ਸਵਾਲ ਕੀਤਾ ਕਿ ਜੇਕਰ ਮਾਨਸਾ ਵਿੱਚ ਇੰਨੀ ਵੱਡੀ ਗਿਣਤੀ ਵਿੱਚ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਜਾ ਸਕਦੇ ਹਨ ਤਾਂ ਨਸ਼ਿਆਂ ਦੀ ਰੋਕਥਾਮ ਲਈ ਵੀ ਪੁਲਿਸ ਦੀ ਇਸੇ ਤਰ੍ਹਾਂ ਤਾਇਨਾਤੀ ਕਿਉਂ ਨਹੀਂ ਕੀਤੀ ਜਾਂਦੀ।
ਬਲਵਿੰਦਰ ਕੌਰ ਨੇ ਆਪਣੇ ਪੁੱਤਰ ਅੰਮ੍ਰਿਤਪਾਲ ਸਿੰਘ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਸ ਨੇ ਵੀ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਆਵਾਜ਼ ਉਠਾਈ ਸੀ ਪਰ ਉਸ ਨੂੰ ਜੇਲ੍ਹ ਵਿੱਚ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਕਾਰਨ ਆਪਣੇ ਪੁੱਤਰ ਗੁਆਉਣ ਵਾਲੀਆਂ ਮਾਵਾਂ ਦੀ ਵੀ ਇਹੀ ਆਸ ਹੈ ਕਿ ਅੰਮ੍ਰਿਤਪਾਲ ਸਿੰਘ ਜੇਲ੍ਹ ਤੋਂ ਬਾਹਰ ਆਵੇ ਤਾਂ ਜੋ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਦੀ ਮੁਹਿੰਮ ਨੂੰ ਹੋਰ ਮਜ਼ਬੂਤੀ ਮਿਲ ਸਕੇ।
ਉਨ੍ਹਾਂ ਪੰਜਾਬ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਜਦੋਂ ਮਾਨਸਾ ਵਿੱਚ ਇੱਕ ਮਾਂ ਦਾ ਪੁੱਤ ਆਪਣੀ ਜਾਨ ਗੁਆ ਬੈਠਾ ਹੈ, ਉਸ ਸਮੇਂ ਮੁੱਖ ਮੰਤਰੀ ਵਿਦੇਸ਼ ਦੌਰੇ ’ਤੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਅਤੇ ਅਕਾਲੀ ਦਲ ਵੱਲੋਂ ਵੀ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੇ ਵਾਅਦੇ ਕੀਤੇ ਜਾਂਦੇ ਰਹੇ ਹਨ ਪਰ ਜ਼ਮੀਨੀ ਪੱਧਰ ’ਤੇ ਨਸ਼ਿਆਂ ਦੀ ਸਮੱਸਿਆ ਬਰਕਰਾਰ ਹੈ।
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੀ ਗੱਲ ’ਤੇ ਪ੍ਰਤੀਕਿਰਿਆ ਦਿੰਦਿਆਂ ਬਲਵਿੰਦਰ ਕੌਰ ਨੇ ਕਿਹਾ ਕਿ ਸਿਰਫ਼ ਬਿਆਨਬਾਜ਼ੀ ਨਾਲ ਨਸ਼ਿਆਂ ਦਾ ਖ਼ਾਤਮਾ ਨਹੀਂ ਹੋ ਸਕਦਾ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਨੂੰ ਨਸ਼ਾ ਮੁਕਤ ਕਰਨਾ ਹੈ ਤਾਂ ਸਾਰੀਆਂ ਸਿਆਸੀ ਧਿਰਾਂ ਅਤੇ ਸਮਾਜ ਨੂੰ ਇਕਜੁੱਟ ਹੋ ਕੇ ਇਸ ਵਿਰੁੱਧ ਲੜਾਈ ਲੜਨੀ ਪਵੇਗੀ। ਉਨ੍ਹਾਂ ਜ਼ੋਰ ਦਿੱਤਾ ਕਿ ਨੌਜਵਾਨਾਂ ਦੀ ਜ਼ਿੰਦਗੀ ਬਚਾਉਣ ਲਈ ਸਰਕਾਰਾਂ ਨੂੰ ਠੋਸ ਕਦਮ ਚੁੱਕਣੇ ਚਾਹੀਦੇ ਹਨ।