ਟਰੇਡ ਯੂਨੀਅਨਾਂ 1 ਅਪ੍ਰੈਲ ਨੂੰ ਮਨਾਉਣਗੀਆਂ ਕਾਲਾ ਦਿਵਸ : ਚੌਹਾਨ/ਘਰਾਂਗਣਾ
ਕੇਂਦਰੀ ਟਰੇਡ ਯੂਨੀਅਨਾਂ ਦੇ ਸੱਦੇ ਉੱਤੇ ਪੰਜਾਬ
Publish Date: Sun, 29 Mar 2026 07:08 PM (IST)
Updated Date: Mon, 30 Mar 2026 04:09 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਕੇਂਦਰੀ ਟਰੇਡ ਯੂਨੀਅਨਾਂ ਦੇ ਸੱਦੇ ‘ਤੇ ਪੰਜਾਬ ਦੀਆਂ ਟਰੇਡ ਯੂਨੀਅਨਾਂ ਵੱਲੋਂ ਪਹਿਲੀ ਅਪ੍ਰੈਲ ਨੂੰ ਚਾਰ ਲੇਬਰ ਕੋਡਾਂ ਦੇ ਵਿਰੋਧ ਵਿੱਚ ਕਾਲਾ ਦਿਵਸ ਐਲਾਨਦਿਆਂ ਸੰਘਰਸ਼ ਦਿਵਸ ਮਨਾਉਣ ਦਾ ਫ਼ੈਸਲਾ ਕੀਤਾ ਹੈ। ਸਥਾਨਕ ਬਾਬਾ ਬੂਝਾ ਸਿੰਘ ਭਵਨ ’ਚ ਟਰੇਡ ਯੂਨੀਅਨਾਂ ਏਟਕ ਬੂਟਾ ਸਿੰਘ ਬਰਨਾਲਾ, ਏਕਟੂ ਅਜੈਬ ਸਿੰਘ ਭੈਣੀ ਬਾਘਾ, ਪੰਜਾਬ ਖੇਤ ਮਜ਼ਦੂਰ ਸਭਾ ਦੇ ਕ੍ਰਿਸ਼ਨ ਚੌਹਾਨ, ਮਜ਼ਦੂਰ ਮੁਕਤੀ ਮੋਰਚਾ ਦੇ ਬਲਵਿੰਦਰ ਸਿੰਘ ਘਰਾਂਗਣਾ ਬੀਕੇਯੂ ਡਕੌਂਦਾ ਮਹਿੰਦਰ ਸਿੰਘ ਭੈਣੀਬਾਘਾ, ਪੰਜਾਬ ਕਿਸਾਨ ਯੂਨੀਅਨ ਦੇ ਸੁਖਚਰਨ ਸਿੰਘ ਦਾਨੇਵਾਲੀਆ ਆਦਿ ਆਗੂਆਂ ਵੱਲੋਂ ਮੀਟਿੰਗ ਕੀਤੀ ਗਈ।
ਮੀਟਿੰਗ ਦੌਰਾਨ ਆਗੂਆਂ ਨੇ ਕਿਹਾ ਕਿ 1 ਅਪ੍ਰੈਲ ਨੂੰ ਕਾਲਾ ਦਿਨ ਦਿਵਸ ਵਜੋਂ ਮਨਾਇਆ ਜਾਵੇਗਾ ਤੇ ਤੇਜਾ ਸਿੰਘ ਸੁਤੰਤਰ ਭਵਨ ਤੋਂ ਠੀਕਰੀਵਾਲਾ ਤੱਕ ਰੋਸ ਮਾਰਚ ਕਰਨ ਉਪਰੰਤ ਮੋਦੀ ਸਰਕਾਰ ਦੀ ਅਰਥੀ ਫੂਕੀ ਜਾਵੇਗੀ। ਆਗੂਆਂ ਸੰਯੁਕਤ ਕਿਸਾਨ ਮੋਰਚਾ, ਮੁਲਾਜ਼ਮ ਜਥਬੰਦੀਆਂ, ਪੈਨਸ਼ਨਰਜ਼ ਜੱਥੇਬੰਦੀਆਂ, ਸਕੀਮ ਵਰਕਰ ਅਤੇ ਠੇਕਾ ਮੁਲਾਜ਼ਮ ਜਥੇਬੰਦੀਆਂ ਨੂੰ ਸ਼ਾਮਲ ਹੋਣ ਦੀ ਅਪੀਲ ਕੀਤੀ। ਕੇਂਦਰ ਸਰਕਾਰ ਕਾਰਪੋਰੇਟ ਘਰਾਣਿਆਂ ਤੇ ਦੇਸੀ ਵਿਦੇਸ਼ੀ ਸਰਮਾਏਦਾਰਾਂ ਨੂੰ ਖੁਸ਼ ਕਰਨ ਲਈ ਮਜ਼ਦੂਰਾਂ ਤੋਂ ਯੂਨੀਅਨ ਬਣਾਉਣ ਤੇ ਸੰਘਰਸ਼ ਕਰਨ ਵਰਗੇ ਜ਼ਮਹੂਰੀ ਹੱਕ ਖੋਹਣ ਲਈ ਕੇਂਦਰ ਸਰਕਾਰ ਨੇ ਮਜ਼ਦੂਰ ਪੱਖੀ 29 ਲੇਬਰ ਕਾਨੂੰਨਾਂ ਨੂੰ ਖ਼ਤਮ ਕਰਕੇ 4 ਲੇਬਰ ਕੋਡ ਲੈ ਕੇ ਆਈ ਹੈ।
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਇੰਨ੍ਹਾਂ ਚਾਰ ਲੇਬਰ ਕੋਡਾਂ ਨੂੰ 1 ਅਪ੍ਰੈਲ ਤੋਂ ਲਾਗੂ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਕੋਡ ਲਾਗੂ ਹੋਣ ਨਾਲ ਮਜ਼ਦੂਰਾਂ ਕੋਲ ਆਪਣੇ ਅਧਿਕਾਰਾਂ ਨੂੰ ਸੁਰੱਖਿਅਤ ਕਰਨ ਅਤੇ ਪ੍ਰਾਪਤ ਕਰਨ ਲਈ ਯੂਨੀਅਨ ਬਣਾਉਣ ਅਤੇ ਸੰਘਰਸ਼ ਕਰਨ ਦਾ ਜਮਹੂਰੀ ਅਧਿਕਾਰ ਖ਼ਤਮ ਹੋ ਜਾਵੇਗਾ। ਪੱਕੀ ਨੌਕਰੀ ਦੀ ਥਾਂ "ਫ਼ਿਕਸਡ ਟਰਮ ਇੰਪਲਾਇਮੈਂਟ" ਲਾਗੂ ਹੋਵੇਗਾ,ਨੌਕਰੀ ਦੀ ਸੁਰੱਖਿਆ ਖ਼ਤਮ ਹੋ ਜਾਵੇਗੀ। ਕੰਮ ਦਾ ਮਿਹਨਤਾਨਾ ਵਧਾਉਣ ਦੀ ਥਾਂ ਕੰਮ ਘੰਟੇ 8 ਤੋਂ 12 ਘੰਟੇ ਦੀ ਦਿਹਾੜੀ ਹੋਵੇਗੀ। ਇਨ੍ਹਾਂ ਕੋਡਾਂ ਰਾਹੀਂ ਗਰੀਬੀ ਰੇਖਾ ਤੋਂ ਹੇਠਾਂ ਇਕ ਰਾਸ਼ਟਰੀ ਫਲੋਰ ਘੱਟੋ-ਘੱਟ ਮਜ਼ਦੂਰੀ ਨੂੰ ਕਾਨੂੰਨੀ ਜਾਮਾ ਪਹਿਨਾਇਆ ਜਾ ਰਿਹਾ ਹੈ, ਜਿਸ ਨਾਲ ਅਸਲ ਘੱਟੋ ਘੱਟ ਮਜ਼ਦੂਰੀ ਦੇ ਅਧਿਕਾਰ ਨੂੰ ਖ਼ਤਮ ਕੀਤਾ ਜਾ ਰਿਹਾ ਹੈ। ਅਸੰਗਠਿਤ ਖੇਤਰ ਦੇ ਮਜ਼ਦੂਰਾਂ ਨੂੰ ਹੱਕਾਂ ਤੋਂ ਵਾਂਝਾ ਕੀਤਾ ਹੈ। ਇਹ ਕੋਡ ਭਾਰਤੀ ਸੰਵਿਧਾਨ, ਅੰਤਰਰਾਸ਼ਟਰੀ ਮਜ਼ਦੂਰ ਮਿਆਰਾਂ ਅਤੇ ਮਨੁੱਖੀ ਅਧਿਕਾਰਾਂ ਦੇ ਖਿਲਾਫ਼ ਹਨ। ਮੀਟਿੰਗ ਦੌਰਾਨ ਹੋਰਨਾਂ ਤੋਂ ਇਲਾਵਾ ਰਾਜ ਸਿੰਘ ਨੰਬਰਦਾਰ, ਗੁਰਸੇਵਕ ਸਿੰਘ ਮਾਨਬੀਬੜੀਆਂ, ਭੋਲਾ ਸਿੰਘ ਗੁੜੱਦੀ, ਰਤਨ ਭੋਲਾ, ਬਲਵੰਤ ਸਿੰਘ ਫੱਕਰ ਆਦਿ ਆਗੂ ਹਾਜ਼ਰ ਸਨ।