ਜਨਗਣਨਾ - 2027 ਦੇ ਦੂਜੇ ਪੜਾਅ ਤਹਿਤ 16 ਤੋਂ 30 ਨਵੰਬਰ ਤੱਕ ਨਾਗਰਿਕ ਆਨਲਾਈਨ ਸਵੈ ਗਣਨਾ ਕਰ ਸਕਣਗੇ : ਡਿਪਟੀ ਕਮਿਸ਼ਨਰ ਭਾਰਤ ਸਰਕਾਰ ਵੱਲੋਂ ਕਰਵਾਈ ਜਾ ਰਹੀ
Publish Date: Tue, 10 Nov 2026 05:47 PM (IST)
Updated Date: Tue, 10 Nov 2026 05:48 PM (IST)
ਸਵੈ-ਗਣਨਾ ਦੀ ਸਹੂਲਤ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ ਮਾਨਸਾ ਭਾਰਤ ਸਰਕਾਰ ਵੱਲੋਂ ਕਰਵਾਈ ਜਾ ਰਹੀ ਜਨਗਣਨਾ-2027 ਦੇ ਦੂਜੇ ਪੜਾਅ ਸਬੰਧੀ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਮਹੱਤਵਪੂਰਨ ਰਾਸ਼ਟਰੀ ਕਾਰਜ ਦਾ ਮੁੱਖ ਉਦੇਸ਼ ਦੇਸ਼ ਦੀ ਅਬਾਦੀ, ਪਰਿਵਾਰਾਂ ਅਤੇ ਸਮਾਜਿਕ-ਆਰਥਿਕ ਸਥਿਤੀ ਸੰਬਧੀ ਸਹੀ ਭਰੋਸੇਯੋਗ ਅੰਕੜੇ ਇਕੱਠੇ ਕਰਨਾ ਹੈ। ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਜਨਗਣਨਾ ਦੇ ਇਸ ਮਹੱਤਵਪੂਰਨ ਕਾਰਜ ਵਿੱਚ ਆਪਣਾ ਪੂਰਨ ਸਹਿਯੋਗ ਦੇਣ ਅਤੇ ਗਣਨਾਕਾਰਾਂ ਵੱਲੋਂ ਪੁੱਛੀ ਗਈ ਜਾਣਕਾਰੀ ਸਹੀ ਅਤੇ ਮੁਕੰਮਲ ਮੁਹੱਈਆ ਕਰਵਾਉਣ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਨਗਣਨਾ ਦੇ ਦੂਜੇ ਪੜਾਅ ਦੌਰਾਨ ਸਵੈ-ਗਣਨਾ ਦੀ ਸਹੂਲਤ ਵੀ ਮਹੱਤਵਪੂਰਨ ਭੂਮਿਕਾ ਨਿਭਾਏਗੀ। ਉਨ੍ਹਾਂ ਦੱਸਿਆ ਕਿ ਸਵੈ-ਗਣਨਾ 16 ਨਵੰਬਰ ਤੋਂ ਮਿਤੀ 30 ਨਵੰਬਰ 2026 ਤੱਕ ਕੀਤੀ ਜਾ ਸਕੇਗੀ। ਇਸ ਰਾਹੀਂ ਨਾਗਰਿਕ ਨਿਰਧਾਰਤ ਸਮੇਂ ਦੌਰਾਨ ਆਨਲਾਈਨ ਮਾਧਿਅਮ ਰਾਹੀਂ ਆਪਣੇ ਪਰਿਵਾਰ ਦੀ ਜਾਣਕਾਰੀ ਖੁਦ ਦਰਜ ਕਰ ਸਕਣਗੇ। ਇਸ ਨਾਲ ਜਨਗਣਨਾ ਪ੍ਰਕਿਰਿਆ ਵਿੱਚ ਲੋਕਾਂ ਦੀ ਭਾਗੀਦਾਰੀ ਵਧੇਗੀ ਅਤੇ ਡਿਜ਼ੀਟਲ ਸਹੂਲਤਾਂ ਨੂੰ ਵੀ ਉਤਸ਼ਾਹ ਮਿਲੇਗਾ। ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਵੈ-ਗਣਨਾ ਦੀ ਸਹੂਲਤ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਜਨਗਣਨਾ ਟੀਮਾਂ ਨੂੰ ਪੂਰਾ ਸਹਿਯੋਗ ਦੇਣ। ਲੋਕਾਂ ਵੱਲੋਂ ਦਿੱਤੀ ਗਈ ਸਹੀ ਜਾਣਕਾਰੀ ਭਵਿੱਖ ਵਿੱਚ ਯੋਜਨਾਵਾਂ, ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੀਆਂ ਨੀਤੀਆਂ ਬਣਾਉਣ ਵਿੱਚ ਅਹਿਮ ਯੋਗਦਾਨ ਪਾਵੇਗੀ।