ਐੱਸਕੇਐੱਮ ਵੱਲੋਂ 6 ਨੂੰ ਡੀਸੀ ਦਫ਼ਤਰ ਅੱਗੇ ਧਰਨੇ ਦਾ ਐਲਾਨ
ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਮਾਨਸਾ ਦੀ
Publish Date: Tue, 31 Mar 2026 06:17 PM (IST)
Updated Date: Wed, 01 Apr 2026 04:08 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਮਾਨਸਾ ਦੀ ਮੀਟਿੰਗ ਗੁਰਦੁਆਰਾ ਭਾਈ ਬਹਿਲੋ ਫਫੜੇ ਭਾਈ ਕੇ ਵਿਖੇ ਮੱਖਣ ਸਿੰਘ ਭੈਣੀ ਬਾਘਾ ਬੀਕੇਯੂ ਏਕਤਾ ਡਕੌਂਦਾ, ਰੂਪ ਸਿੰਘ ਢਿੱਲੋਂ ਕੁੱਲ ਹਿੰਦ ਕਿਸਾਨ ਸਭਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਜ਼ਿਲ੍ਹੇ ਨਾਲ ਸੰਬੰਧਿਤ ਸਾਰੀਆਂ ਜੱਥੇਬੰਦੀਆਂ ਸ਼ਾਮਿਲ ਹੋਈਆਂ। ਮੀਟਿੰਗ ਸਬੰਧੀ ਮੱਖਣ ਸਿੰਘ ਭੈਣੀ ਬਾਘਾ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਪੰਜਾਬ ਵੱਲੋਂ 6 ਅਪ੍ਰੈਲ ਨੂੰ ਸਾਰੇ ਪੰਜਾਬ ਵਿੱਚ ਡੀਸੀ ਦਫ਼ਤਰਾਂ ਅੱਗੇ ਸਬੰਧਿਤ ਮੰਗਾਂ ਜਿਵੇਂ ਕਿ ਪੰਜਾਬ ਦੇ ਪਾਣੀਆਂ ਦਾ ਮਸਲਾ, ਕਿਸਾਨਾਂ ਮਜ਼ਦੂਰਾਂ ਦੀ ਕਰਜ਼ਾ ਮੁਕਤੀ, ਹੜ੍ਹ ਪੀੜ੍ਹਤਾਂ ਦੀਆਂ ਮੰਗਾਂ, ਸਾਰੀਆਂ ਫ਼ਸਲਾਂ ਦੀ ਐਮਐਸਪੀ ਤੇ ਖ਼ਰੀਦ ਦੀ ਗਰੰਟੀ ਕਾਨੂੰਨ ਤੋਂ ਇਲਾਵਾ ਕੇਂਦਰ ਸਰਕਾਰ ਵੱਲੋਂ ਕੀਤੇ ਜਾ ਰਹੇ ਇੰਡੋ-ਅਮਰੀਕਾ ਵਪਾਰ ਸਮਝੌਤਾ ਅਤੇ ਨਿੱਜੀਕਰਨ ਦੀਆਂ ਨੀਤੀਆਂ ਦੇ ਖਿਲਾਫ਼ ਧਰਨੇ ਦਿੱਤੇ ਜਾਣਗੇ। ਰੂਪ ਸਿੰਘ ਢਿੱਲੋਂ ਨੇ ਕਿਹਾ ਕਿ ਸੰਯੁਕਤ ਮੋਰਚੇ ਦੀਆਂ ਮੰਗਾਂ ਅਨੁਸਾਰ ਮੁਕਤ ਵਪਾਰ ਸਮਝੌਤਾ, ਬਿਜਲੀ ਸੋਧ ਬਿਲ 2025, ਬੀਜ ਬਿੱਲ 2025, ਚਾਰ ਲੇਬਰ ਕੋਡ ਤੇ ਮਗਨਰੇਗਾ ਕਾਨੂੰਨ ਨੂੰ ਰੱਦ ਕਰਨ ਦੇ ਖਿਲਾਫ਼ ਲੋਕ ਸੰਘਰਸ਼ ਨੂੰ ਤੇਜ਼ ਕੀਤਾ ਜਾਵੇਗਾ। ਮੀਟਿੰਗ ਵਿੱਚ ਧਰਨੇ ਨੂੰ ਸਫਲ ਬਣਾਉਣ ਲਈ ਆਗੂਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ। ਮੀਟਿੰਗ ਵਿਚ ਗੁਰਨਾਮ ਸਿੰਘ ਭੀਖੀ ਪੰਜਾਬ ਕਿਸਾਨ ਯੂਨੀਅਨ, ਪਰਸ਼ੋਤਮ ਸਿੰਘ ਬੀਕੇਯੂ ਲੱਖੋਵਾਲ, ਭੋਲਾ ਸਿੰਘ ਮਾਖਾ ਬੀਕੇਯੂ ਉਗਰਾਹਾਂ, ਅਮਰੀਕ ਸਿੰਘ ਫਫੜੇ ਭਾਈਕੇ ਜਮਹੂਰੀ ਕਿਸਾਨ ਸਭਾ, ਮਹਿੰਦਰ ਸਿੰਘ, ਕਾਕਾ ਸਿੰਘ ਬੀਕੇਯੂ ਡਕੌਂਦਾ ਬੁਰਜ ਗਿੱਲ, ਭਜਨ ਸਿੰਘ ਘੁੰਮਣ ਕ੍ਰਾਂਤੀਕਾਰੀ ਕਿਸਾਨ ਯੂਨੀਅਨ, ਬਲਜੀਤ ਸਿੰਘ ਭੈਣੀ ਬਾਘਾ, ਜੀਵਨ ਕੁਮਾਰ, ਕ੍ਰਿਸ਼ਨ ਕੁਮਾਰ ਮੈਡੀਕਲ ਪ੍ਰੈਕਟੀਸ਼ਨਰ ਆਦਿ ਹਾਜ਼ਰ ਸਨ।