ਪਰਾਲੀ ਦੀ ਸਾਂਭ ਸੰਭਾਲ ਸਬੰਧੀ ਪਿੰਡ ਪੱਧਰੀ ਜਾਗਰੂਕਤਾ ਕੈਂਪ ਲਗਾਇਆ ਕ੍ਰਿਸ਼ੀ ਵਿਗਿਆਨ ਕੇਂਦਰ, ਮਾਨਸਾ ਵੱਲੋਂ ਝੋਨੇ
Publish Date: Sat, 12 Sep 2026 05:21 PM (IST)
Updated Date: Sat, 12 Sep 2026 05:23 PM (IST)
ਪੱਤਰ ਪ੍ਰੇਰਕ ਪੰਜਾਬੀ ਜਾਗਰਣ ਮਾਨਸਾ ਕ੍ਰਿਸ਼ੀ ਵਿਗਿਆਨ ਕੇਂਦਰ ਮਾਨਸਾ ਵੱਲੋਂ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧ ਸਬੰਧੀ ਪਿੰਡ ਧਲੇਵਾਂ ਵਿਖੇ ਪਿੰਡ ਪੱਧਰੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ। ਕੈਂਪ ਦੀ ਸ਼ੁਰੂਆਤ ਵਿਚ ਡਾ. ਅਜੇ ਸਿੰਘ, ਸਹਾਇਕ ਪ੍ਰੋਫ਼ੈਸਰ (ਪਸ਼ੂ ਵਿਗਿਆਨ), ਕ੍ਰਿਸ਼ੀ ਵਿਗਿਆਨ ਕੇਂਦਰ ਮਾਨਸਾ ਨੇ ਆਪਣੇ ਭਾਸ਼ਣ ਦੌਰਾਨ ਕਿਸਾਨਾਂ ਨੂੰ ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਉਪਲੱਬਧ ਸਹੂਲਤਾਂ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕੀਤੀ। ਕੈਂਪ ਦੌਰਾਨ ਉਨ੍ਹਾਂ ਨੇ ਨੌਜਵਾਨਾਂ ਨੂੰ ਖੇਤੀ ਸਹਾਇਕ ਧੰਦਿਆਂ ਨੂੰ ਅਪਣਾਉਣ ਲਈ ਵੀ ਪ੍ਰੇਰਿਆ। ਉਨ੍ਹਾਂ ਨੇ ਝੋਨੇ ਦੀ ਪਰਾਲੀ ਨੂੰ ਪਸ਼ੂਆਂ ਦੀ ਖੁਰਾਕ ਅਤੇ ਡੇਅਰੀ ਵਿੱਚ ਬੈਡਿੰਗ ਸਮੱਗਰੀ ਵੱਜੋਂ ਵਰਤਣ ਬਾਰੇ ਦੱਸਿਆ। ਇੰਜ. ਅਲੋਕ ਗੁਪਤਾ ਨੇ ਪੀਏਯੂ ਸਮਾਰਟ ਸੀਡਰ, ਸਰਫ਼ੇਸ ਸੀਡਰ, ਹੈਪੀ ਸੀਡਰ ਅਤੇ ਹੋਰ ਮਸ਼ੀਨਰੀ ਬਾਰੇ ਜਾਣਕਾਰੀ ਸਾਂਝੀ ਕੀਤੀ ਅਤੇ ਪਰਾਲੀ ਨੂੰ ਖੇਤ ਵਿੱਚ ਹੀ ਸੰਭਾਲਣ ਦੇ ਲਾਭ ਸਾਂਝੇ ਕੀਤੇ। ਕੈਂਪ ਦੌਰਾਨ ਖੁਰਾਕ ਸੁਰੱਖਿਆ ਦੇ ਸਬੰਧ ਵਿੱਚ ਸਬਜ਼ੀਆਂ ਦੀ ਮਹੱਤਤਾ ਬਾਰੇ ਦੱਸਦੇ ਹੋਏ ਕਿਸਾਨਾਂ ਨੂੰ ਸਬਜ਼ੀਆਂ ਦੀ ਘਰੇਲੂ ਬਗੀਚੀ ਲਾਉਣ ਲਈ ਵੀ ਪ੍ਰੇਰਿਤ ਕੀਤਾ। ਅੰਤ ਵਿੱਚ ਕਿਸਾਨ ਵੀਰਾਂ ਨੂੰ ਹਾੜ੍ਹੀ ਦੀਆਂ ਫ਼ਸਲਾਂ ਲਈ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਦਰਸਾਏ ਪੈਮਾਨਿਆਂ ਮੁਤਾਬਿਕ ਕੀਟਨਾਸ਼ਕ ਵਰਤਣ ਲਈ ਪ੍ਰੇਰਿਆ ਗਿਆ। ਅੰਤ ’ਚ ਕੈਂਪ ’ਤੇ ਪਹੁੰਚੇ ਹੋਏ ਕਿਸਾਨਾਂ ਨੂੰ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਲਾਏ ਜਾ ਰਹੇ ਕਿਸਾਨ ਮੇਲੇ ਬਾਰੇ ਜਾਣਕਾਰੀ ਦਿੱਤੀ। ਪਿੰਡ ਪੱਧਰੀ ਕੈਂਪ ਵਿੱਚ 50 ਤੋਂ ਵੱਧ ਕਿਸਾਨ ਵੀਰਾਂ ਨੇ ਭਾਗ ਲਿਆ ਤੇ ਮਾਹਿਰਾਂ ਵੱਲੋਂ ਕਿਸਾਨਾਂ ਦੇ ਸਵਾਲਾਂ ਦੇ ਜਵਾਬ ਤਸੱਲੀਬਖ਼ਸ਼ ਤਰੀਕੇ ਨਾਲ ਦਿੱਤੇ ਗਏ।