ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਸਕੱਤਰ ਵਰਿੰਦਰ ਸ਼ਰਮਾ ਅਤੇ ਡਿਪਟੀ ਕਮਿਸ਼ਨਰ ਨਵਜੋਤ ਕੌਰ ਵੱਲੋਂ ਪੀਐਮ ਸ਼੍ਰੀ ਸਰਕਾਰੀ ਸਕੂਲਾਂ ਦਾ ਦੌਰਾ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ
Publish Date: Tue, 06 Oct 2026 05:19 PM (IST)
Updated Date: Tue, 06 Oct 2026 05:20 PM (IST)
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ ਮਾਨਸਾ ਸਰਕਾਰੀ ਸਕੂਲਾਂ ਵਿਚ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਸਰਕਾਰ ਦੀ ਵਚਨਬੱਧਤਾ ਤਹਿਤ ਫੂਡ ਤੇ ਸਿਵਲ ਸਪਲਾਈ ਵਿਭਾਗ ਦੇ ਸਕੱਤਰ-ਕਮ-ਡਾਇਰੈਕਟਰ ਵਰਿੰਦਰ ਸ਼ਰਮਾ ਅਤੇ ਡਿਪਟੀ ਕਮਿਸ਼ਨਰ ਨਵਜੋਤ ਕੌਰ ਵੱਲੋਂ ਪੀਐਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੀਖੀ ਅਤੇ ਪੀਐਮ ਸ਼੍ਰੀ ਸਰਕਾਰੀ ਹਾਈ ਸਕੂਲ ਸਮਾਓ ਦਾ ਅਚਨਚੇਤ ਦੌਰਾ ਕੀਤਾ ਗਿਆ। ਜ਼ਿਕਰਯੋਗ ਹੈ ਕਿ ਵਰਿੰਦਰ ਸ਼ਰਮਾ ਜ਼ਿਲ੍ਹਾ ਮਾਨਸਾ ਦੇ ਪ੍ਰਭਾਰੀ ਸਕੱਤਰ ਵੀ ਹਨ। ਇਸ ਦੌਰੇ ਦਾ ਮੁੱਖ ਮੰਤਵ ਸਕੂਲਾਂ ਵਿਚ ਵਿਦਿਆਰਥੀਆਂ ਨੂੰ ਦਿੱਤੀਆਂ ਜਾ ਰਹੀਆਂ ਆਧੁਨਿਕ ਸਹੂਲਤਾਂ ਅਤੇ ਪੜ੍ਹਾਈ ਦੇ ਮਾਹੌਲ ਦਾ ਜਾਇਜ਼ਾ ਲੈਣਾ ਸੀ। ਸ਼ਰਮਾ ਨੇ ਸਕੂਲਾਂ ਵਿਚ ਸਮਾਰਟ ਕਲਾਸ ਰੂਮਾਂ, ਵਿਗਿਆਨ ਪ੍ਰਯੋਗਸ਼ਾਲਾਵਾਂ, ਲਾਇਬ੍ਰੇਰੀਆਂ, ਖੇਡਾਂ ਤੇ ਸਭਿਆਚਾਰਕ ਗਤੀਵਿਧੀਆਂ ਦੇ ਪ੍ਰਬੰਧਾਂ ਨੂੰ ਦੇਖਿਆ ਤੇ ਅਧਿਆਪਕਾਂ ਦੇ ਨਾਲ ਵਿਸਤ੍ਰਿਤ ਗੱਲਬਾਤ ਕੀਤੀ। ਉਨ੍ਹਾਂ ਨੇ ਕਲਾਸ ਰੂਮਾਂ ਵਿਚ ਜਾ ਕੇ ਵਿਦਿਆਰਥੀਆਂ ਨਾਲ ਸਿੱਧੀ ਗੱਲਬਾਤ ਕੀਤੀ ਤੇ ਉਨ੍ਹਾਂ ਦੀ ਪੜ੍ਹਾਈ ਦੇ ਪੱਧਰ ਨੂੰ ਪਰਖਿਆ। ਉਨ੍ਹਾਂ ਕਿਹਾ ਕਿ ਵਿਦਿਆਰਥੀ ਲਾਇਬ੍ਰੇਰੀਆਂ ਵਿਚ ਨਿਯਮਤ ਤੌਰ ਉੱਤੇ ਸਮਾਂ ਬਿਤਾਉਣ ਅਤੇ ਆਪਣੇ ਭਵਿੱਖ ਨੂੰ ਰੁਸ਼ਨਾਉਣ ਲਈ ਵੱਧ ਤੋਂ ਵੱਧ ਕਿਤਾਬਾਂ ਪੜ੍ਹਨ। ਵਰਿੰਦਰ ਸ਼ਰਮਾ ਨੇ ਕਿਹਾ ਕਿ ਪੀਐਮ ਸ਼੍ਰੀ ਸਕੂਲ, ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਮਾਡਲ ਵਜੋਂ ਤਿਆਰ ਕੀਤੇ ਜਾ ਰਹੇ ਹਨ। ਸਰਕਾਰ ਦਾ ਮੁੱਖ ਟੀਚਾ ਸਰਕਾਰੀ ਸਕੂਲਾਂ ਦੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਨਾਲੋਂ ਵੀ ਉੱਤਮ ਸਿੱਖਿਆ ਅਤੇ ਸਹੂਲਤਾਂ ਮੁਹੱਈਆ ਕਰਵਾਉਣਾ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਸਕੂਲ ਪ੍ਰਬੰਧਕਾਂ ਨੂੰ ਹਦਾਇਤ ਕੀਤੀ ਕਿ ਵਿਦਿਆਰਥੀਆਂ ਦੀ ਸੁਰੱਖਿਆ, ਸਫ਼ਾਈ ਅਤੇ ਪੜ੍ਹਾਈ ਦੇ ਮਿਆਰ ਨਾਲ ਕੋਈ ਸਮਝੌਤਾ ਨਾ ਕੀਤਾ ਜਾਵੇ। ਉਨ੍ਹਾਂ ਅਧਿਆਪਕਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹ ਪੂਰੀ ਤਨਦੇਹੀ ਨਾਲ ਬੱਚਿਆਂ ਦਾ ਭਵਿੱਖ ਤਰਾਸ਼ ਰਹੇ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨਾਲ ਆਪਣੇ ਜੀਵਨ ਤਜਰਬੇ ਸਾਂਝੇ ਕੀਤੇ ਤੇ ਜ਼ਿੰਦਗੀ ਵਿਚ ਬੁਲੰਦੀ ਨੂੰ ਛੂਹਣ ਲਈ ਟੀਚੇ ਨਿਰਧਾਰਤ ਕਰਨ ਲਈ ਪ੍ਰੇਰਿਆ। ਉਨ੍ਹਾਂ ਨੇ ਵਿਦਿਆਰਥਣਾਂ ਵੱਲੋਂ ਲੈਬ ਵਿਚ ਤਿਆਰ ਕੀਤੇ ਗਏ ਵਿਗਿਆਨਕ ਮਾਡਲਾਂ ਨੂੰ ਵੀ ਦੇਖਿਆ ਤੇ ਹੱਲਾਸ਼ੇਰੀ ਦਿੱਤੀ। ਇਸ ਮੌਕੇ ਉਪ ਮੰਡਲ ਮੈਜਿਸਟਰੇਟ ਬਲਜੀਤ ਕੌਰ, ਜ਼ਿਲ੍ਹਾ ਸਿੱਖਿਆ ਅਫ਼ਸਰ ਨੀਲਮ ਰਾਣੀ, ਨੋਡਲ ਅਫ਼ਸਰ ਹਰਜਿੰਦਰ ਸਿੰਘ, ਡੀਐਸਐਮ ਅਮਨਦੀਪ ਸਿੰਘ ਤੇ ਸਕੂਲ ਸਟਾਫ਼ ਹਾਜ਼ਰ ਸਨ।