‘ਯੁੱਧ ਨਸ਼ਿਆਂ ਵਿਰੁੱਧ’ ਰੈਲੀ ਦੌਰਾਨ ਹੰਗਾਮਾ, ਨੌਜਵਾਨ ਨੇ ਚੁੱਕੇ ਸਵਾਲ
ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ੇ ਵਿਰੁੱਧ
Publish Date: Tue, 13 Jan 2026 06:15 PM (IST)
Updated Date: Wed, 14 Jan 2026 04:07 AM (IST)
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ,
ਮਾਨਸਾ : ਪਿੰਡ ਜੋਗਾ ‘ਚ ਅੱਜ ਉਸ ਸਮੇਂ ਹੰਗਾਮਾ ਹੋ ਗਿਆ, ਜਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਥਾਣਾ ਜੋਗਾ ਦੀ ਪੁਲਿਸ ਤੇ ਆਪ ਵਰਕਰਾਂ ਵੱਲੋਂ ਕੱਢੀ ਰੈਲੀ ਨੂੰ ਰੋਕ ਕੇ ਇੱਕ ਨੌਜਵਾਨ ਵੱਲੋਂ ਸਵਾਲ ਪੁੱਛੇ ਸ਼ੁਰੂ ਕਰ ਦਿੱਤੇ। ਪਿੰਡ ਦੇ ਨੌਜਵਾਨ ਜਗਸੀਰ ਸਿੰਘ ਸੀਰਾ ਨੇ ਦੋਸ਼ ਲਾਉਂਦਿਆਂ ਕਿਹਾ ਕਿ ਉਨ੍ਹਾਂ ਦੇ ਪਿੰਡ ’ਚ ਰੋਜ਼ਾਨਾ ਨਸ਼ਿਆਂ ਦੀ ਤਸਕਰੀ ਹੋ ਰਹੀ ਹੈ, ਪਰ ਅਜਿਹੇ ਅਨਸਰਾਂ ਖ਼ਿਲਾਫ਼ ਕਾਰਵਾਈ ਨਹੀਂ ਹੋ ਰਹੀ। ਪਰ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀਆਂ ਜ਼ਰੂਰ ਕੱਢੀਆਂ ਜਾ ਰਹੀਆਂ ਹਨ। ਨੌਜਵਾਨ ਨੇ ਕਿਹਾ ਕਿ ਜਦ ਉਨ੍ਹਾਂ ਨੇ ਰੈਲੀ ਨੂੰ ਰੋਕ ਕੇ ਸਵਾਲ ਪੁੱਛੇ ਤਾਂ ਕੋਈ ਸੰਤੁਸ਼ਟੀਜਨਕ ਜਵਾਬ ਉਨ੍ਹਾਂ ਨੂੰ ਨਾ ਮਿਲਿਆ। ਉਸ ਨੇ ਕਿਹਾ ਕਿ ਉਹ ਹਮੇਸ਼ਾ ਨਸ਼ਿਆਂ ਖ਼ਿਲਾਫ਼ ਅਵਾਜ਼ ਚੁੱਕਦੇ ਰਹੇ ਹਨ ਅਤੇ ਚੁੱਕਦੇ ਰਹਿਣਗੇ। ਡੀਐੱਸਪੀ ਬੂਟਾ ਸਿੰਘ ਗਿੱਲ ਨੇ ਕਿਹਾ ਕਿ ‘ਯੁੱਧ ਨਸ਼ਾ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਤਸਕਰਾਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਕਿਸੇ ਵੀ ਨਸ਼ਾ ਤਸਕਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ੇ ਨੂੰ ਜੜ੍ਹੋਂ ਖ਼ਤਮ ਕਰਨ ਲਈ ਪੁਲਿਸ ਦਾ ਸਹਿਯੋਗ ਕਰਨ।