ਮ੍ਰਿਤਕ ਦਲਜੀਤ ਸਿੰਘ ਦੇ ਪਰਿਵਾਰ ਦੀ ਚਿਤਾਵਨੀ, ਬਿਨਾਂ ਸਹਿਮਤੀ ਤੋਂ ਸਸਕਾਰ ਕੀਤਾ ਤਾਂ ਹਾਈਕੋਰਟ ਦਾ ਦਰਵਾਜ਼ਾ ਖੜਕਾਵਾਂਗੇ
ਇਸੇ ਕਾਰਨ ਉਹ ਪਰਵਿੰਦਰ ਸਿੰਘ ਝੋਟਾ ਦੇ ਹੱਕ ਵਿੱਚ ਲੱਗੇ ਧਰਨੇ ਵਿੱਚ ਪਹੁੰਚੇ ਹਨ ਅਤੇ ਝੋਟਾ ਦੇ ਪਿਤਾ ਭੀਮ ਸਿੰਘ ਕੋਲ ਸ਼ਰਨ ਲਈ ਹੈ। ਉਨ੍ਹਾਂ ਦੋਸ਼ ਲਾਇਆ ਕਿ ਉਨ੍ਹਾਂ ਨੂੰ ਨਾ ਤਾਂ ਦਲਜੀਤ ਸਿੰਘ ਦੀ ਲਾਸ਼ ਸੌਂਪੀ ਜਾ ਰਹੀ ਹੈ ਅਤੇ ਨਾ ਹੀ ਉਨ੍ਹਾਂ ਦੀ ਆਪਣੇ ਪਿਤਾ ਨਾਲ ਮੁਲਾਕਾਤ ਕਰਵਾਈ ਜਾ ਰਹੀ ਹੈ।
Publish Date: Fri, 30 Oct 2026 10:35 AM (IST)
Updated Date: Fri, 30 Oct 2026 10:42 AM (IST)
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ। ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦੀ ਮੌਤ ਤੋਂ ਬਾਅਦ ਉਸ ਦੇ ਪਰਿਵਾਰ ਅਤੇ ਪੁਲਿਸ ਵਿਚਾਲੇ ਵਿਵਾਦ ਹੋਰ ਗੰਭੀਰ ਹੁੰਦਾ ਜਾ ਰਿਹਾ ਹੈ। ਮ੍ਰਿਤਕ ਦਲਜੀਤ ਸਿੰਘ ਦੀ ਪਤਨੀ ਪਰਮਜੀਤ ਕੌਰ ਅਤੇ ਭੈਣ ਪਰਿਵਾਰਕ ਮੈਂਬਰਾਂ ਨੇ ਪੁਲਿਸ ’ਤੇ ਧੱਕੇਸ਼ਾਹੀ ਅਤੇ ਡਰਾਉਣ-ਧਮਕਾਉਣ ਦੇ ਦੋਸ਼ ਲਗਾਉਂਦਿਆਂ ਕਿਹਾ ਕਿ ਉਨ੍ਹਾਂ ਨਾਲ ਲਗਾਤਾਰ ਧੱਕਾ ਹੋ ਰਿਹਾ ਹੈ।
ਇਸੇ ਕਾਰਨ ਉਹ ਪਰਵਿੰਦਰ ਸਿੰਘ ਝੋਟਾ ਦੇ ਹੱਕ ਵਿੱਚ ਲੱਗੇ ਧਰਨੇ ਵਿੱਚ ਪਹੁੰਚੇ ਹਨ ਅਤੇ ਝੋਟਾ ਦੇ ਪਿਤਾ ਭੀਮ ਸਿੰਘ ਕੋਲ ਸ਼ਰਨ ਲਈ ਹੈ। ਉਨ੍ਹਾਂ ਦੋਸ਼ ਲਾਇਆ ਕਿ ਉਨ੍ਹਾਂ ਨੂੰ ਨਾ ਤਾਂ ਦਲਜੀਤ ਸਿੰਘ ਦੀ ਲਾਸ਼ ਸੌਂਪੀ ਜਾ ਰਹੀ ਹੈ ਅਤੇ ਨਾ ਹੀ ਉਨ੍ਹਾਂ ਦੀ ਆਪਣੇ ਪਿਤਾ ਨਾਲ ਮੁਲਾਕਾਤ ਕਰਵਾਈ ਜਾ ਰਹੀ ਹੈ।
ਪਰਮਜੀਤ ਕੌਰ ਅਤੇ ਅਮਰਜੀਤ ਕੌਰ ਨੇ ਕਿਹਾ ਕਿ ਉਨ੍ਹਾਂ ਨੂੰ ਡਰਾਉਣ-ਧਮਕਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇੱਥੋਂ ਤੱਕ ਕਿ ਧਰਨੇ ਵਾਲੀ ਥਾਂ ਤੋਂ ਵੀ ਉਨ੍ਹਾਂ ਨੂੰ ਪੁਲਿਸ ਵੱਲੋਂ ਚੁੱਕਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਉਨ੍ਹਾਂ ਦੇ ਪਿਤਾ ਨੂੰ ਵੀ ਡਰਾ-ਧਮਕਾ ਕੇ ਦਸਤਖ਼ਤ ਕਰਵਾਏ ਗਏ, ਜਿਸ ਤੋਂ ਬਾਅਦ ਦਲਜੀਤ ਸਿੰਘ ਦਾ ਪੋਸਟਮਾਰਟਮ ਕਰਵਾਇਆ ਗਿਆ।
ਦਲਜੀਤ ਸਿੰਘ ਦੀ ਭੈਣ ਅਮਰਜੀਤ ਕੌਰ ਨੇ ਦੱਸਿਆ ਕਿ ਉਸ ਦਾ ਭਰਾ ਨਸ਼ਾ ਕਰਦਾ ਸੀ ਪਰ ਉਹ ਉਸ ਨੂੰ 10-15 ਦਿਨ ਆਪਣੇ ਕੋਲ ਲੈ ਕੇ ਗਈ ਸੀ, ਜਿੱਥੇ ਉਸ ਨੇ ਨਸ਼ਾ ਛੱਡ ਦਿੱਤਾ ਸੀ। ਉਸ ਨੇ ਦੋਸ਼ ਲਾਇਆ ਕਿ ਬਾਅਦ ਵਿੱਚ ਕੁਝ ਨਸ਼ਾ ਕਰਨ ਵਾਲੇ ਲੋਕਾਂ ਨੇ ਉਸ ਦੇ ਭਰਾ ਨੂੰ ਮੁੜ ਨਸ਼ੇ ਵੱਲ ਲਗਾ ਦਿੱਤਾ, ਜਿਸ ਕਾਰਨ ਉਸ ਦੀ ਮੌਤ ਹੋ ਗਈ।
ਦੋਵਾਂ ਔਰਤਾਂ ਨੇ ਸਪੱਸ਼ਟ ਕੀਤਾ ਕਿ ਪਰਿਵਾਰ ਦੀ ਸਹਿਮਤੀ ਤੋਂ ਬਿਨਾਂ ਸਸਕਾਰ ਕਰਨ ਦਾ ਫ਼ੈਸਲਾ ਉਨ੍ਹਾਂ ਨੂੰ ਮਨਜ਼ੂਰ ਨਹੀਂ ਹੋਵੇਗਾ। ਜੇਕਰ ਅਜਿਹਾ ਕੀਤਾ ਗਿਆ ਤਾਂ ਉਹ ਇਸ ਮਾਮਲੇ ਨੂੰ ਲੈ ਕੇ ਹਾਈਕੋਰਟ ਵਿੱਚ ਕਾਨੂੰਨੀ ਲੜਾਈ ਲੜਨਗੀਆਂ।