ਅੰਮ੍ਰਿਤ ਸੰਚਾਰ ਦੌਰਾਨ ਪ੍ਰਾਣੀ ਗੁਰੂ ਵਾਲੇ ਬਣੇ
ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ
Publish Date: Mon, 08 Jun 2026 04:35 PM (IST)
Updated Date: Mon, 08 Jun 2026 04:38 PM (IST)

ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ ਤਲਵੰਡੀ ਸਾਬੋ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਵਿਖੇ ਹਫ਼ਤਾਵਰੀ ਗੁਰਮਤਿ ਸਮਾਗਮ ਸ਼ਰਧਾ ਤੇ ਭਾਵਨਾ ਸਹਿਤ ਕਰਵਾਇਆ ਗਿਆ। ਇਸ ਵਿਸ਼ੇਸ਼ ਸਮਾਗਮ ਦੌਰਾਨ ਢਾਡੀ ਦਰਬਾਰ ਸਜਾਇਆ ਗਿਆ। ਇਸ ਵਿਚ ਢਾਡੀ ਜਥਿਆਂ ਨੇ ਬੀਰ-ਰਸੀ ਵਾਰਾਂ ਅਤੇ ਸਿੱਖ ਇਤਿਹਾਸ ਸਰਵਣ ਕਰਵਾ ਕੇ ਸੰਗਤ ਨੂੰ ਨਿਹਾਲ ਕੀਤਾ। ਸਮਾਗਮ ਵਿਚ ਇਲਾਕੇ ਅਤੇ ਦੂਰ ਦੁਰਾਡੇ ਤੋਂ ਵੱਡੀ ਗਿਣਤੀ ਵਿਚ ਸੰਗਤ ਨੇ ਹਾਜ਼ਰੀ ਭਰ ਕੇ ਗੁਰੂ ਜਸ ਸਰਵਣ ਕੀਤਾ। ਸਮਾਗਮ ਦੇ ਨਾਲ ਨਾਲ ਵਿਸ਼ੇਸ਼ ਤੌਰ ਤੇ ਅੰਮ੍ਰਿਤ ਸੰਚਾਰ ਵੀ ਕਰਵਾਇਆ ਗਿਆ, ਜਿਸ ਵਿਚ 175 ਪ੍ਰਾਣੀਆਂ ਨੇ ਖੰਡੇ ਬਾਟੇ ਦੀ ਪਾਹੁਲ ਪ੍ਰਾਪਤ ਕੀਤੀ। ਇਸ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜੱਥੇਦਾਰ, ਸਿੰਘ ਸਾਹਿਬ ਬਾਬਾ ਟੇਕ ਸਿੰਘ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਉਨ੍ਹਾਂ ਨੇ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣੇ ਪ੍ਰਾਣੀਆਂ ਨੂੰ ਮੁਬਾਰਕਬਾਦ ਦਿੱਤੀ ਅਤੇ ਗੁਰਮਤਿ ਰਹਿਣੀ-ਬਹਿਣੀ ਵਿਚ ਪ੍ਰਪੱਕ ਰਹਿਣ ਦੀ ਪ੍ਰੇਰਨਾ ਦਿੱਤੀ। ਸੰਗਤ ਨੂੰ ਸੰਬੋਧਨ ਕਰਦਿਆਂ ਸਿੰਘ ਸਾਹਿਬ ਬਾਬਾ ਟੇਕ ਸਿੰਘ ਨੇ ਕੌਮ ਦੇ ਮੌਜੂਦਾ ਹਾਲਾਤਾਂ ਤੇ ਡੂੰਘੀ ਚਿੰਤਾ ਪ੍ਰਗਟਾਈ ਅਤੇ ਸਮੁੱਚੀ ਸਿੱਖ ਕੌਮ ਨੂੰ ਇਕਜੁੱਟ ਹੋਣ ਦਾ ਜ਼ੋਰਦਾਰ ਸੱਦਾ ਦਿੱਤਾ। ਉਨ੍ਹਾਂ ਜੂਨ 1984 ਦੇ ਕੌਮੀ ਦਰਦ ਨੂੰ ਯਾਦ ਕਰਦਿਆਂ ਕਿਹਾ ਕਿ ਉਸ ਸਮੇਂ ਦੀ ਭਾਰਤੀ ਹਕੂਮਤ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਸਮੇਤ ਵੱਖ ਵੱਖ ਗੁਰਦੁਆਰਾ ਸਾਹਿਬਾਨ ਤੇ ਫ਼ੌਜੀ ਹਮਲਾ ਕਰਕੇ ਸਿੱਖਾਂ ਨੂੰ ਬੇਗਾਨਗੀ ਦਾ ਅਹਿਸਾਸ ਕਰਵਾਇਆ ਸੀ। ਜੱਥੇਦਾਰ ਸਾਹਿਬ ਨੇ ਮੌਜੂਦਾ ਹਾਲਾਤਾਂ ਦੀ ਤੁਲਨਾ ਕਰਦਿਆਂ ਸਖ਼ਤ ਸ਼ਬਦਾਂ ਵਿਚ ਕਿਹਾ, ਕਿ “ਜਿਸ ਤਰੀਕੇ ਨਾਲ 1984 ਵਿੱਚ ਭਾਰਤੀ ਹਕੂਮਤ ਨੇ ਹਮਲਾ ਕੀਤਾ ਸੀ, ਬਿਲਕੁਲ ਉਵੇਂ ਹੀ ਅੱਜ ਦੀ ਮੌਜੂਦਾ ਪੰਜਾਬ ਸਰਕਾਰ ਕਾਲਾ ਕਾਨੂੰਨ ਲਿਆ ਕੇ ਸਿੱਖਾਂ ਦੇ ਅਧਿਕਾਰਾਂ ਤੇ ਸਿੱਧਾ ਹਮਲਾ ਕਰ ਰਹੀ ਹੈ। ਸਰਕਾਰ ਵੱਲੋਂ ਗੁਰਦੁਆਰਾ ਪ੍ਰਬੰਧਾਂ ਵਿਚ ਨਾਜਾਇਜ਼ ਦਖ਼ਲਅੰਦਾਜ਼ੀ ਕੀਤੀ ਜਾ ਰਹੀ ਹੈ, ਜਿਸ ਨੂੰ ਕੌਮ ਕਦੇ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਸਮੂਹ ਪੰਥਕ ਧਿਰਾਂ ਅਤੇ ਸੰਗਤ ਨੂੰ ਅਪੀਲ ਕੀਤੀ ਕਿ ਅਜਿਹੇ ਗੰਭੀਰ ਸਮੇਂ ਸਾਨੂੰ ਆਪਣੇ ਅਧਿਕਾਰਾਂ ਤੇ ਗੁਰਧਾਮਾਂ ਦੀ ਮਰਯਾਦਾ ਦੀ ਰਾਖੀ ਲਈ ਇਕਮੁੱਠ ਹੋ ਕੇ ਪਹਿਰਾ ਦੇਣ ਦੀ ਲੋੜ ਹੈ। ਇਸ ਮੌਕੇ ਨਰਿੰਦਰਜੀਤ ਸਿੰਘ ਮੈਨੇਜਰ ਤਖ਼ਤ ਸ੍ਰੀ ਦਮਦਮਾ ਸਾਹਿਬ, ਭੋਲਾ ਸਿੰਘ ਇੰਚਾਰਜ ਸਬ ਆਫ਼ਿਸ ਧਰਮ ਪ੍ਰਚਾਰ ਕਮੇਟੀ ਅਤੇ ਗਿਆਨੀ ਜਗਤਾਰ ਸਿੰਘ ਮੁਖ ਗ੍ਰੰਥੀ ਤਖ਼ਤ ਸ੍ਰੀ ਦਮਦਮਾ ਸਾਹਿਬ ਹਾਜ਼ਰ ਸਨ।