ਦੇਸ਼ ਦੀ ਸੰਸਦ ’ਚ ਵੀ ਗੂੰਜੇਗਾ ਪਰਵਿੰਦਰ ਸਿੰਘ ਝੋਟਾ ਦੇ ਕਤਲ ਦਾ ਮਾਮਲਾ : ਸਚਿਨ ਪਾਇਲਟ
ਪੰਜਾਬ ’ਚ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਦਾ ਮਾਮਲਾ ਹੁਣ ਦੇਸ਼ ਦੀ ਸੰਸਦ ’ਚ ਵੀ ਗੂੰਜੇਗਾ। ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਪਾਰਟੀ ਸੰਸਦ ਤੋਂ ਲੈ ਕੇ ਸੜਕ ਤੱਕ ਹਰ ਪੱਧਰ ’ਤੇ ਲੜਾਈ ਲੜੇਗੀ ਅਤੇ ਇਸ ਮਾਮਲੇ ਨੂੰ ਪੂਰੀ ਗੰਭੀਰਤਾ ਨਾਲ ਉਠਾਇਆ ਜਾਵੇਗਾ।
Publish Date: Fri, 16 Oct 2026 07:26 PM (IST)
Updated Date: Fri, 16 Oct 2026 07:29 PM (IST)
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ : ਪੰਜਾਬ ’ਚ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਦਾ ਮਾਮਲਾ ਹੁਣ ਦੇਸ਼ ਦੀ ਸੰਸਦ ’ਚ ਵੀ ਗੂੰਜੇਗਾ। ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਪਾਰਟੀ ਸੰਸਦ ਤੋਂ ਲੈ ਕੇ ਸੜਕ ਤੱਕ ਹਰ ਪੱਧਰ ’ਤੇ ਲੜਾਈ ਲੜੇਗੀ ਅਤੇ ਇਸ ਮਾਮਲੇ ਨੂੰ ਪੂਰੀ ਗੰਭੀਰਤਾ ਨਾਲ ਉਠਾਇਆ ਜਾਵੇਗਾ। ਇਹ ਐਲਾਨ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਅਤੇ ਰਾਜਸਥਾਨ ਦੇ ਸਾਬਕਾ ਉਪ ਮੁੱਖ ਮੰਤਰੀ ਸਚਿਨ ਪਾਇਲਟ ਨੇ ਸ਼ੁੱਕਰਵਾਰ ਸ਼ਾਮ ਨੂੰ ਮਾਨਸਾ ਵਿਖੇ ਝੋਟਾ ਦੇ ਕਤਲ ਦੇ ਵਿਰੋਧ ’ਚ ਚੱਲ ਰਹੇ ਧਰਨੇ ’ਚ ਸ਼ਮੂਲੀਅਤ ਕਰਦਿਆਂ ਕੀਤਾ।
ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਸਚਿਨ ਪਾਇਲਟ ਨੇ ਕਿਹਾ ਕਿ ਇਹ ਘਟਨਾ ਬੇਹੱਦ ਦੁਖਦਾਈ ਹੈ ਅਤੇ ਨਸ਼ਿਆਂ ਵਿਰੁੱਧ ਸੰਘਰਸ਼ ਕਰਨ ਵਾਲੇ ਵਿਅਕਤੀ ਨਾਲ ਵਾਪਰੀ ਇਸ ਘਟਨਾ ਨੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣਾ ਸਿਰਫ਼ ਪਰਿਵਾਰ ਦੀ ਲੜਾਈ ਨਹੀਂ, ਸਗੋਂ ਪੰਜਾਬ ਦੇ ਭਵਿੱਖ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਦੀ ਲੜਾਈ ਵੀ ਹੈ। ਉਨ੍ਹਾਂ ਕਿਹਾ ਕਿ ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵੀ ਇਸ ਘਟਨਾ ਨੂੰ ਲੈ ਕੇ ਬਹੁਤ ਦੁਖੀ ਹਨ। ਉਹ ਉਨ੍ਹਾਂ ਨੂੰ ਮਿਲ ਕੇ ਮਾਨਸਾ ਦੀ ਸਥਿਤੀ ਅਤੇ ਪੀੜਤ ਪਰਿਵਾਰ ਦੀਆਂ ਮੰਗਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦੇਣਗੇ। ਉਨ੍ਹਾਂ ਭਰੋਸਾ ਦਿੱਤਾ ਕਿ ਕਾਂਗਰਸ ਪਾਰਟੀ ਦੇ ਸੰਸਦ ਮੈਂਬਰਾਂ ਅਤੇ ਹੋਰ ਵਿਰੋਧੀ ਧਿਰਾਂ ਦੇ ਮੈਂਬਰਾਂ ਨੂੰ ਨਾਲ ਲੈ ਕੇ ਇਸ ਮਾਮਲੇ ’ਚ ਇਨਸਾਫ਼ ਦੀ ਮੰਗ ਉਠਾਈ ਜਾਵੇਗੀ।
ਸਚਿਨ ਪਾਇਲਟ ਨੇ ਪੰਜਾਬ ’ਚ ਨਸ਼ਿਆਂ ਦੀ ਸਮੱਸਿਆ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਨਸ਼ਿਆਂ ਨੇ ਪੰਜਾਬ ਦੇ ਅਨੇਕਾਂ ਪਰਿਵਾਰਾਂ ਨੂੰ ਉਜਾੜ ਕੇ ਰੱਖ ਦਿੱਤਾ ਹੈ। ਚਿੱਟੇ ਵਰਗੇ ਘਾਤਕ ਨਸ਼ਿਆਂ ਕਾਰਨ ਮਾਪਿਆਂ ਦੇ ਸੁਪਨੇ ਟੁੱਟ ਰਹੇ ਹਨ ਅਤੇ ਨੌਜਵਾਨਾਂ ਦੀ ਜ਼ਿੰਦਗੀ ਤਬਾਹ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰੀ ਵਿਰੁੱਧ ਆਵਾਜ਼ ਉਠਾਉਣ ਵਾਲੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਵੱਲੋਂ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਦੇ ਸੰਦਰਭ ’ਚ ਵਾਪਰੀ ਇਸ ਘਟਨਾ ਦੀ ਗੰਭੀਰਤਾ ਨਾਲ ਜਾਂਚ ਹੋਣੀ ਚਾਹੀਦੀ ਹੈ ਅਤੇ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਸਜ਼ਾ ਮਿਲਣੀ ਚਾਹੀਦੀ ਹੈ। ਉਨ੍ਹਾਂ ਜ਼ੋਰ ਦਿੱਤਾ ਕਿ ਮਾਮਲੇ ’ਚ ਇਨਸਾਫ਼ ਯਕੀਨੀ ਬਣਾਉਣ ਦੇ ਨਾਲ-ਨਾਲ ਨਸ਼ਿਆਂ ਦੇ ਕਾਰੋਬਾਰ ਨੂੰ ਜੜ੍ਹੋਂ ਖ਼ਤਮ ਕਰਨ ਲਈ ਵੀ ਠੋਸ ਕਦਮ ਚੁੱਕਣੇ ਪੈਣਗੇ।
ਪੰਜਾਬ ਕਾਂਗਰਸ ਪ੍ਰਧਾਨ ਪ੍ਰਗਟ ਸਿੰਘ ਨੇ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਨੂੰ ਸੱਚੀ ਸ਼ਰਧਾਂਜਲੀ ਇਹੀ ਹੋਵੇਗੀ ਕਿ ਪੰਜਾਬ ’ਚੋਂ ਚਿੱਟੇ ਦਾ ਖ਼ਾਤਮਾ ਕੀਤਾ ਜਾਵੇ ਅਤੇ ਉਸ ਨੂੰ ਇਨਸਾਫ਼ ਦਿਵਾਉਣ ਲਈ ਹਰ ਸੰਭਵ ਯਤਨ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਭਵਿੱਖ ’ਚ ਅਜਿਹੀਆਂ ਘਟਨਾਵਾਂ ਨਾ ਵਾਪਰਨ, ਇਸ ਲਈ ਸਮਾਜ, ਸਰਕਾਰ ਅਤੇ ਪ੍ਰਸ਼ਾਸਨ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ। ਉਨ੍ਹਾਂ ਪੀੜਤ ਪਰਿਵਾਰ ਨੂੰ ਭਰੋਸਾ ਦਿਵਾਇਆ ਕਿ ਜਦੋਂ ਵੀ ਪਰਿਵਾਰ ਉਨ੍ਹਾਂ ਨੂੰ ਮਦਦ ਲਈ ਆਵਾਜ਼ ਦੇਵੇਗਾ, ਉਹ ਉਨ੍ਹਾਂ ਦੇ ਨਾਲ ਖੜ੍ਹੇ ਹੋਣਗੇ। ਨਸ਼ਿਆਂ ਵਿਰੁੱਧ ਚੱਲ ਰਹੀ ਲੜਾਈ ’ਚ ਵੀ ਕਾਂਗਰਸ ਪਾਰਟੀ ਵੱਲੋਂ ਪੂਰਾ ਸਹਿਯੋਗ ਦਿੱਤਾ ਜਾਵੇਗਾ।
ਇਸ ਮੌਕੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਸਹਾਇਕ ਖਜਾਨਚੀ ਅਤੇ ਪੰਜਾਬ ਦੇ ਸਾਬਕਾ ਮੰਤਰੀ ਵਿਜੇਇੰਦਰ ਸਿੰਗਲਾ, ਪੰਜਾਬ ਕਾਂਗਰਸ ਕਮੇਟੀ ਪ੍ਰਧਾਨ ਪ੍ਰਗਟ ਸਿੰਘ, ਐਕਟਿੰਗ ਪ੍ਰਧਾਨ ਰਾਜ ਕੁਮਾਰ ਵੇਰਕਾ, ਸੁਖਵਿੰਦਰ ਸਿੰਘ ਡੈਣੀ, ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ, ਗੁਰਕੀਰਤ ਸਿੰਘ ਕੋਟਲੀ, ਜ਼ਿਲਾ ਪ੍ਰਧਾਨ ਕੁਲਵੰਤ ਰਾਏ ਸਿੰਗਲਾ, ਰਵਿੰਦਰ ਡਲਵੀ ਸਕੱਤਰ ਏ.ਸੀ.ਸੀ,ਜ਼ਿਲਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਬਿਕਰਮ ਮੋਫਰ, ਕਾਂਗਰਸੀ ਆਗੂ ਬਲਵਿੰਦਰ ਨਾਰੰਗ, ਸਾਬਕਾ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਆਦਿ ਹਾਜ਼ਰ ਸਨ।