ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਉਨ੍ਹਾਂ ਖ਼ਿਲਾਫ਼ ਪਰਚਾ ਦਰਜ ਕਰ ਕੇ ਉਨ੍ਹਾਂ ਨੂੰ ਜੇਲ੍ਹ ਵਿਚ ਭੇਜਿਆ ਗਿਆ ਪਰ ਉਹ ਨਾ ਤਾਂ ਝੁਕੇ ਹਨ ਅਤੇ ਨਾ ਹੀ ਡਰੇ ਹਨ। ਉਨ੍ਹਾਂ ਕਿਹਾ ਕਿ ਪੰਜਾਬੀਆਂ ਦੀ ਪਛਾਣ ਹੀ ਸੰਘਰਸ਼ ਨਾਲ ਹੁੰਦੀ ਹੈ ਅਤੇ ਉਹ ਹਮੇਸ਼ਾ ਸੱਚ ਦੇ ਨਾਲ ਖੜ੍ਹੇ ਰਹਿਣਗੇ।

ਪਵਨ ਗਰਗ, ਪੰਜਾਬੀ ਜਾਗਰਣ, ਬਾਘਾਪੁਰਾਣਾ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬਾਘਾਪੁਰਾਣਾ ’ਚ ‘ਪੰਜਾਬ ਬਚਾਓ’ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕ ਮੌਜੂਦਾ ਸਰਕਾਰ ਤੋਂ ਤੰਗ ਆ ਚੁੱਕੇ ਹਨ ਅਤੇ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਅਕਾਲੀ ਦਲ ਨੂੰ ਮੁੜ ਸੱਤਾ ਵਿਚ ਲਿਆਉਣ ਦਾ ਮਨ ਬਣਾ ਚੁੱਕੇ ਹਨ।
ਇਹ ਰੈਲੀ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਜਥੇਦਾਰ ਤੀਰਥ ਸਿੰਘ ਮਾਹਲਾ ਦੀ ਅਗਵਾਈ ਹੇਠ ਕਰਵਾਈ ਗਈ ਸੀ, ਜਿਸ ਵਿਚ ਹਲਕੇ ਦੇ ਪਿੰਡਾਂ ਅਤੇ ਸ਼ਹਿਰਾਂ ਤੋਂ ਵੱਡੀ ਗਿਣਤੀ ਵਿਚ ਪਾਰਟੀ ਵਰਕਰਾਂ ਅਤੇ ਸਮਰਥਕਾਂ ਨੇ ਸ਼ਮੂਲੀਅਤ ਕੀਤੀ। ਰੈਲੀ ਨੂੰ ਸੰਬੋਧਨ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਜਦੋਂ ਅਕਾਲੀ ਦਲ ਦੀ ਸਰਕਾਰ ਬਣੇਗੀ ਤਾਂ ਕਿਸਾਨਾਂ ਨੂੰ ਖੇਤੀ ਲਈ 12 ਘੰਟੇ ਨਿਰੰਤਰ ਬਿਜਲੀ ਦਿੱਤੀ ਜਾਵੇਗੀ ਤਾਂ ਜੋ ਉਹ ਬਿਨ੍ਹਾਂ ਕਿਸੇ ਮੁਸ਼ਕਲ ਦੇ ਆਪਣੀ ਖੇਤੀਬਾੜੀ ਦਾ ਕੰਮ ਕਰ ਸਕਣ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਹਮੇਸ਼ਾ ਹੀ ਕਿਸਾਨਾਂ ਅਤੇ ਆਮ ਲੋਕਾਂ ਦੇ ਹਿੱਤਾਂ ਦੀ ਰੱਖਿਆ ਕਰਦੀ ਆਈ ਹੈ ਅਤੇ ਭਵਿੱਖ ਵਿਚ ਵੀ ਇਹ ਵਚਨਬੱਧਤਾ ਜਾਰੀ ਰਹੇਗੀ। ਉਨ੍ਹਾਂ ਆਪਣੇ ਸੰਬੋਧਨ ਦੌਰਾਨ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਸ਼ੁਰੂ ਕੀਤੀਆਂ ਲੋਕ ਭਲਾਈ ਦੀਆਂ ਯੋਜਨਾਵਾਂ ਨੂੰ ਯਾਦ ਕਰਦਿਆਂ ਕਿਹਾ ਕਿ ਬਜ਼ੁਰਗਾਂ ਲਈ ਪੈਨਸ਼ਨ ਯੋਜਨਾ, ਗਰੀਬ ਪਰਿਵਾਰਾਂ ਲਈ ਨੀਲੇ ਕਾਰਡ, ਆਟਾ ਦਾਲ ਸਕੀਮ ਅਤੇ ਬੇਟੀਆਂ ਲਈ ਸਗਨ ਸਕੀਮ ਵਰਗੀਆਂ ਕਈ ਮਹੱਤਵਪੂਰਨ ਯੋਜਨਾਵਾਂ ਬਾਦਲ ਸਾਹਿਬ ਦੇ ਦੌਰ ਵਿਚ ਸ਼ੁਰੂ ਹੋਈਆਂ ਸਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਨੇ ਹਮੇਸ਼ਾ ਹੀ ਗਰੀਬ ਅਤੇ ਲੋੜਵੰਦ ਵਰਗਾਂ ਦੀ ਭਲਾਈ ਲਈ ਕੰਮ ਕੀਤਾ ਹੈ। ਸੁਖਬੀਰ ਬਾਦਲ ਨੇ ਐਲਾਨ ਕਰਦਿਆਂ ਕਿਹਾ ਕਿ ਜਦੋਂ ਅਕਾਲੀ ਦਲ ਦੀ ਸਰਕਾਰ ਮੁੜ ਬਣੇਗੀ ਤਾਂ ਬੇਟੀਆਂ ਦੇ ਵਿਆਹ ਲਈ ਸਗਨ ਸਕੀਮ ਦੇ ਤਹਿਤ 1 ਲੱਖ ਰੁਪਏ ਦੀ ਮਦਦ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਨੌਜਵਾਨਾਂ ਨੂੰ ਆਪਣਾ ਰੋਜ਼ਗਾਰ ਸ਼ੁਰੂ ਕਰਨ ਲਈ 10 ਲੱਖ ਰੁਪਏ ਤੱਕ ਦਾ ਲੋਨ ਦਿੱਤਾ ਜਾਵੇਗਾ, ਜਿਸ ’ਤੇ ਕੋਈ ਵੀ ਵਿਆਜ ਨਹੀਂ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਦੇ ਸਮੇਂ ਸੂਬੇ ਦੇ ਲਗਪਗ ਸਾਢੇ ਤਿੰਨ ਲੱਖ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਗਈਆਂ ਸਨ ਜਦਕਿ ਮੌਜੂਦਾ ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਵਿਚ ਅਸਫ਼ਲ ਰਹੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਸੂਬੇ ਵਿੱਚ ਬੇਰੁਜ਼ਗਾਰੀ ਵਧ ਰਹੀ ਹੈ ਅਤੇ ਨੌਜਵਾਨ ਮਜਬੂਰ ਹੋ ਕੇ ਵਿਦੇਸ਼ਾਂ ਵੱਲ ਰੁਖ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਦੇ ਸਮੇਂ ਸਕੂਲਾਂ ਵਿਚ ਪੜ੍ਹਦੀਆਂ ਲੜਕੀਆਂ ਨੂੰ ਸਾਈਕਲ ਦਿੱਤੇ ਜਾਂਦੇ ਸਨ ਤਾਂ ਜੋ ਉਹ ਆਸਾਨੀ ਨਾਲ ਆਪਣੀ ਪੜ੍ਹਾਈ ਜਾਰੀ ਰੱਖ ਸਕਣ ਪਰ ਮੌਜੂਦਾ ਸਰਕਾਰ ਨੇ ਇਹ ਯੋਜਨਾ ਵੀ ਬੰਦ ਕਰ ਦਿੱਤੀ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਇਹ ਸਾਰੀਆਂ ਯੋਜਨਾਵਾਂ ਮੁੜ ਸ਼ੁਰੂ ਕੀਤੀਆਂ ਜਾਣਗੀਆਂ।
ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਉਨ੍ਹਾਂ ਖ਼ਿਲਾਫ਼ ਪਰਚਾ ਦਰਜ ਕਰ ਕੇ ਉਨ੍ਹਾਂ ਨੂੰ ਜੇਲ੍ਹ ਵਿਚ ਭੇਜਿਆ ਗਿਆ ਪਰ ਉਹ ਨਾ ਤਾਂ ਝੁਕੇ ਹਨ ਅਤੇ ਨਾ ਹੀ ਡਰੇ ਹਨ। ਉਨ੍ਹਾਂ ਕਿਹਾ ਕਿ ਪੰਜਾਬੀਆਂ ਦੀ ਪਛਾਣ ਹੀ ਸੰਘਰਸ਼ ਨਾਲ ਹੁੰਦੀ ਹੈ ਅਤੇ ਉਹ ਹਮੇਸ਼ਾ ਸੱਚ ਦੇ ਨਾਲ ਖੜ੍ਹੇ ਰਹਿਣਗੇ। ਮਜੀਠੀਆ ਨੇ ਕਿਹਾ ਕਿ ਉਨ੍ਹਾਂ ਨੇ 6–7 ਮਹੀਨੇ ਜੇਲ੍ਹ ਵਿਚ ਕੱਟੇ ਹਨ ਪਰ ਉਹ ਹੌਸਲਾ ਨਹੀਂ ਹਾਰੇ। ਉਨ੍ਹਾਂ ਕਿਹਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਵਿਚ ਨਾਕਾਮ ਰਹੀ ਹੈ। ਸੁਖਬੀਰ ਬਾਦਲ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਹਲਕਾ ਬਾਘਾਪੁਰਾਣਾ ਤੋਂ ਜਥੇਦਾਰ ਤੀਰਥ ਸਿੰਘ ਮਾਹਲਾ ਨੂੰ ਵੱਡੇ ਫ਼ਰਕ ਨਾਲ ਜਿਤਾਇਆ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਮਾਹਲਾ ਨੂੰ ਵਿਧਾਇਕ ਬਣਾਇਆ ਗਿਆ ਤਾਂ ਸਰਕਾਰ ਬਣਨ ’ਤੇ ਉਨ੍ਹਾਂ ਨੂੰ ਵੱਡੀ ਜ਼ਿੰਮੇਵਾਰੀ ਦੇਣਾ ਮੇਰੀ ਜ਼ਿੰਮੇਵਾਰੀ ਹੋਵੇਗੀ ਅਤੇ ਹਲਕੇ ਦੇ ਵਿਕਾਸ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ। ਰੈਲੀ ਵਿਚ ਹੋਏ ਵੱਡੇ ਇਕੱਠ ਦੀ ਵੀ ਸੁਖਬੀਰ ਸਿੰਘ ਬਾਦਲ ਵੱਲੋਂ ਰੱਜ ਕੇ ਹੌਸਲਾ ਅਫ਼ਜਾਈ ਕੀਤੀ ਗਈ। ਉਨ੍ਹਾਂ ਕਿਹਾ ਕਿ ਬਾਘਾਪੁਰਾਣਾ ਵਿਚ ਇਕੱਠ ਇਸ ਗੱਲ ਦਾ ਸਪੱਸ਼ਟ ਸੰਕੇਤ ਹੈ ਕਿ ਲੋਕ ਅਕਾਲੀ ਦਲ ਨਾਲ ਖੜ੍ਹੇ ਹਨ ਅਤੇ ਆਉਣ ਵਾਲੇ ਸਮੇਂ ਵਿਚ ਸੂਬੇ ਦੀ ਰਾਜਨੀਤੀ ਵਿਚ ਵੱਡਾ ਬਦਲਾਅ ਆਵੇਗਾ। ਇਸ ਮੌਕੇ ਪਾਰਟੀ ਦੇ ਕਈ ਸੀਨੀਅਰ ਆਗੂ, ਸਥਾਨਕ ਲੀਡਰ ਅਤੇ ਵੱਡੀ ਗਿਣਤੀ ਵਿਚ ਵਰਕਰ ਮੌਜੂਦ ਸਨ, ਜਿਨ੍ਹਾਂ ਨੇ ਰੈਲੀ ਨੂੰ ਕਾਮਯਾਬ ਬਣਾਉਣ ਵਿਚ ਆਪਣਾ ਯੋਗਦਾਨ ਦਿੱਤਾ।