ਜ਼ਿਲ੍ਹਾ ਪ੍ਰੀਸ਼ਦ ਦੇ 15 ਤੇ ਬਲਾਕ ਸੰਮਤੀ ਦੇ 101 ਮੈਂਬਰਾਂ ਨੇ ਚੁੱਕੀ ਸਹੁੰ
ਪੰਜਾਬ ਸਰਕਾਰ ਵੱਲੋਂ ਐਲਾਨੇ ਪ੍ਰੋਗਰਾਮ
Publish Date: Fri, 27 Feb 2026 04:21 PM (IST)
Updated Date: Sat, 28 Feb 2026 03:59 AM (IST)

ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ, ਮੋਗਾ: ਪੰਜਾਬ ਸਰਕਾਰ ਵੱਲੋਂ ਐਲਾਨੇ ਪ੍ਰੋਗਰਾਮ ਅਨੁਸਾਰ ਅੱਜ ਮੋਗਾ ਜ਼ਿਲ੍ਹੇ ਦੇ 15 ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਤੇ ਬਲਾਕ ਸੰਮਤੀਆਂ ਦੇ ਚੁਣੇ ਹੋਏ 101 ਮੈਂਬਰਾਂ ਵੱਲੋਂ ਸਹੁੰ ਚੁੱਕੀ ਗਈ । ਸਥਾਨਕ ਇਕ ਪੈਲੇਸ ਵਿਚ ਹੋਏ ਪ੍ਰਭਾਵਸ਼ਾਲੀ ਸਮਾਗਮ ਵਿਚ ਜ਼ਿਲ੍ਹਾ ਪ੍ਰੀਸ਼ਦ ਮੋਗਾ ਤੋਂ ਇਲਾਵਾ ਬਲਾਕ ਸੰਮਤੀ ਮੋਗਾ, ਬਾਘਾ ਪੁਰਾਣਾ, ਨਿਹਾਲ ਸਿੰਘ ਵਾਲਾ, ਧਰਮਕੋਟ ਅਤੇ ਕੋਟਈਸੇਖਾਂ ਦੇ ਮੈਂਬਰਾਂ ਨੂੰ ਸੰਵਿਧਾਨ ਪ੍ਰਤੀ ਸੱਚੀ ਸ਼ਰਧਾ, ਭਾਰਤ ਦੀ ਪ੍ਰਭੂ ਸੱਤਾ ਅਤੇ ਅਖੰਡਤਾ ਨੂੰ ਕਾਇਮ ਰੱਖਣ ਬਿਨ੍ਹਾਂ ਕਿਸੇ ਡਰ, ਪੱਖਪਾਤ, ਸੰਦੇਹ ਜਾਂ ਮਾੜੀ ਭਾਵਨਾ ਦੇ, ਭਾਰਤ ਦੇ ਸੰਵਿਧਾਨ ਅਤੇ ਕਾਨੂੰਨ ਮੁਤਾਬਿਕ ਨਿਆਂ ਕਰਨ ਦੀ ਸਹੁੰ ਚੁਕਾਈ। ਇਸ ਮੌਕੇ ਵਿਧਾਇਕ ਨਿਹਾਲ ਸਿੰਘ ਵਾਲਾ ਮਨਜੀਤ ਸਿੰਘ ਬਿਲਾਸਪੁਰ, ਵਿਧਾਇਕ ਮੋਗਾ ਅਮਨਦੀਪ ਕੌਰ ਅਰੋੜਾ, ਵਿਧਾਇਕ ਵਿਧਾਇਕ ਧਰਮਕੋਟ ਦਵਿੰਦਰਜੀਤ ਸਿੰਘ ਲਾਡੀ ਢੋਸ ਨੇ ਸਹੁੰ ਚੁੱਕਣ ਵਾਲੇ ਮੈਂਬਰਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਉਹ ਪੇਂਡੂ ਖੇਤਰਾਂ ਦੇ ਵਿਕਾਸ ਲਈ ਮੋਹਰੀ ਭੂਮਿਕਾ ਨਿਭਾਉਣ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਅਤੇ ਕਸਬਿਆਂ ਦੇ ਵਿਕਾਸ ਲਈ ਪਹਿਲ ਦੇ ਆਧਾਰ ’ਤੇ ਕੰਮ ਕੀਤਾ ਜਾ ਰਿਹਾ ਹੈ ਜਿਸ ਵਿਚ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਮੈਂਬਰਾਂ ਦੀ ਭੂਮਿਕਾ ਬਹੁਤ ਅਹਿਮ ਹੈ । ਉਨ੍ਹਾਂ ਕਿਹਾ ਕਿ ਮੈਂਬਰ ਵਿਕਾਸ ਕੰਮਾਂ ਲਈ ਨਿਗਰਾਨ ਦੀ ਭੂਮਿਕਾ ਨਿਭਾਉਣ ਤਾਂ ਜੋ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਦੇ ਨਾਲ ਨਾਲ ਗੁਣਵੱਤਾ ਨੂੰ ਵੀ ਯਕੀਨੀ ਬਣਾਇਆ ਜਾ ਸਕੇ। ਵਧੀਕ ਡਿਪਟੀ ਕਮਿਸ਼ਨਰ ਵਿਕਾਸ ਕੁਲਪ੍ਰੀਤ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਭਾਰਤ ਵਿਚ ਦਿਹਾਤੀ ਖੇਤਰਾਂ ਦੇ ਵਿਕਾਸ ਲਈ ਤੀਹਰੀ ਪ੍ਰਸ਼ਾਸ਼ਕੀ ਪ੍ਰਣਾਲੀ ਵਿਚ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀਆਂ ਦੀ ਭੂਮਿਕਾ ਬਹੁਤ ਅਹਿਮ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੇ ਮੈਂਬਰਾਂ ਨੂੰ ਪ੍ਰਸ਼ਾਸਕੀ ਕੰਮਾਂ ਲਈ ਪੂਰਨ ਸਹਿਯੋਗ ਦਿੱਤਾ ਜਾਵੇਗਾ। ਇਸ ਮੌਕੇ ਰਜਨੀਸ਼ ਗਰਗ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ , ਨੀਤੂ ਗਰਗ ਡਿਪਟੀ ਸੀਈਓ ਜ਼ਿਲ੍ਹਾ ਪ੍ਰੀਸ਼ਦ, ਸੁਖਦੀਪ ਸਿੰਘ ਤੇ ਮਨਜੀਤ ਕੌਰ ਬੀਡੀਪੀਓ ਹਾਜ਼ਰ ਸਨ।