ਮੰਡੀਆਂ ਵਿਚ ਹੁਣ ਤੱਕ 22,753 ਮੀਟ੍ਰਿਕ ਟਨ ਝੋਨੇ ਦੀ ਆਮਦ, 18,277 ਦੀ ਹੋਈ ਖਰੀਦ ਡੀਸੀ ਮੋਗਾ ਸਾਗਰ ਸੇਤੀਆ
Publish Date: Tue, 13 Oct 2026 04:16 PM (IST)
Updated Date: Wed, 14 Oct 2026 04:03 AM (IST)
ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ, ਮੋਗਾ : ਡੀਸੀ ਮੋਗਾ ਸਾਗਰ ਸੇਤੀਆ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਮੰਡੀਆਂ ਵਿਚ ਸਿਰਫ਼ ਸੁੱਕਾ ਝੋਨਾ ਹੀ ਲੈ ਕੇ ਆਉਣ, ਤਾਂ ਜੋ ਫ਼ਸਲ ਦੀ ਖਰੀਦ ਬਿਨਾਂ ਕਿਸੇ ਬੇਲੋੜੀ ਦੇਰੀ ਦੇ ਹੋ ਸਕੇ ਤੇ ਉਨ੍ਹਾਂ ਦੇ ਸਮੇਂ ਦੀ ਬੱਚਤ ਹੋਵੇ। ਉਨ੍ਹਾਂ ਕਿਸਾਨਾਂ ਨੂੰ ਝੋਨੇ ਦੀ ਕਟਾਈ ਦਿਨ ਸਮੇਂ ਕਰਨ ਦੀ ਅਪੀਲ ਕਰਦਿਆਂ ਦੱਸਿਆ ਕਿ ਜ਼ਿਲ੍ਹਾ ਮੋਗਾ ਵਿਚ ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਇਨਾਂ ਨਾਲ ਝੋਨੇ ਦੀ ਕਟਾਈ ’ਤੇ ਪਾਬੰਦੀ ਲਗਾਈ ਗਈ ਹੈ। ਡੀਸੀ ਸਾਗਰ ਸੇਤੀਆ ਨੇ ਦੱਸਿਆ ਕਿ ਸਵੇਰੇ ਤਰੇਲ ਅਤੇ ਸ਼ਾਮ ਸਮੇਂ ਨਮੀ ਵਧਣ ਕਾਰਨ ਝੋਨੇ ਦੀ ਗੁਣਵੱਤਾ ਪ੍ਰਭਾਵਿਤ ਹੋ ਸਕਦੀ ਹੈ, ਜਿਸ ਨਾਲ ਮੰਡੀਆਂ ਵਿਚ ਫ਼ਸਲ ਦੀ ਖਰੀਦ ਦੌਰਾਨ ਮੁਸ਼ਕਲ ਆ ਸਕਦੀ ਹੈ। ਇਸ ਲਈ ਕਿਸਾਨ ਨਿਰਧਾਰਤ ਸਮੇਂ ਦੌਰਾਨ ਹੀ ਕਟਾਈ ਕਰਨ ਅਤੇ ਸੁੱਕੀ ਫ਼ਸਲ ਮੰਡੀਆਂ ਵਿੱਚ ਲਿਆਉਣ ਨੂੰ ਤਰਜੀਹ ਦੇਣ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਵੱਖ-ਵੱਖ ਅਨਾਜ ਮੰਡੀਆਂ ਵਿਚ ਝੋਨੇ ਦੀ ਸਰਕਾਰੀ ਖਰੀਦ ਅਤੇ ਲਿਫਟਿੰਗ ਦਾ ਕੰਮ ਲਗਾਤਾਰ ਜਾਰੀ ਹੈ। ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿਚ 22,753 ਮੀਟ੍ਰਿਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ, ਜਿਸ ਵਿਚੋਂ ਵੱਖ-ਵੱਖ ਸਰਕਾਰੀ ਖਰੀਦ ਏਜੰਸੀਆਂ ਵੱਲੋਂ 18,277 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਖਰੀਦ ਏਜੰਸੀਆਂ ਦੇ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਦੱਸਿਆ ਕਿ ਪਨਗ੍ਰੇਨ ਵੱਲੋਂ 9,544 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 4,404 ਮੀਟ੍ਰਿਕ ਟਨ, ਪਨਸਪ ਵੱਲੋਂ 2,837 ਮੀਟ੍ਰਿਕ ਟਨ ਅਤੇ ਪੰਜਾਬ ਰਾਜ ਗੋਦਾਮ ਨਿਗਮ ਵੱਲੋਂ 1,491 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਡੀਸੀ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੰਡੀਆਂ ਵਿਚ ਕਿਸਾਨਾਂ ਦੀ ਸਹੂਲਤ ਲਈ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ ਤੇ ਉਨ੍ਹਾਂ ਨੂੰ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਖਰੀਦ ਪ੍ਰਕਿਰਿਆ ਵਿਚ ਤੇਜ਼ੀ ਬਣਾਈ ਰੱਖਣ ਅਤੇ ਖਰੀਦੇ ਗਏ ਝੋਨੇ ਦੀ ਸਮੇਂ ਸਿਰ ਲਿਫਟਿੰਗ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ, ਤਾਂ ਜੋ ਮੰਡੀਆਂ ਵਿਚ ਫ਼ਸਲ ਦੀ ਆਮਦ ਅਤੇ ਖਰੀਦ ਦਾ ਕੰਮ ਨਿਰਵਿਘਨ ਜਾਰੀ ਰਹੇ।