ਬਾਬਾ ਲਾਲ ਸਿੰਘ ਜੀ ਦੀ 34ਵੀਂ ਬਰਸੀ ਮਨਾਈ
ਆਲ ਇੰਡੀਆ ਵਾਲਮੀਕਿ ਖ਼ਾਲਸਾ
Publish Date: Sat, 13 Jun 2026 03:46 PM (IST)
Updated Date: Sun, 14 Jun 2026 04:00 AM (IST)

ਨਿੱਜੀ ਪੱਤਰ ਪ੍ਰੇਰਕ ਪੰਜਾਬੀ ਜਾਗਰਣ ਮੋਗਾ: ਆਲ ਇੰਡੀਆ ਵਾਲਮੀਕਿ ਖ਼ਾਲਸਾ ਦਲ ਵੱਲੋਂ ਬਹੋਨਾ ਚੌਂਕ ਸਥਿਤ ਹੈੱਡਕੁਆਰਟਰ ਬਸਤੀ ਲਾਲ ਸਿੰਘ ਵਿਖੇ ਮਹਾਨ ਸਮਾਜ ਸੇਵੀ ਅਤੇ ਧਾਰਮਿਕ ਸ਼ਖ਼ਸੀਅਤ ਬਾਬਾ ਲਾਲ ਸਿੰਘ ਜੀ ਦੀ 34ਵੀਂ ਬਰਸੀ ਬਹੁਤ ਹੀ ਸ਼ਰਧਾ, ਸਤਿਕਾਰ ਅਤੇ ਧਾਰਮਿਕ ਭਾਵਨਾਵਾਂ ਨਾਲ ਮਨਾਈ ਗਈ। ਇਸ ਮੌਕੇ ਵੱਡੀ ਗਿਣਤੀ ਵਿਚ ਸਮਾਜਿਕ, ਧਾਰਮਿਕ ਅਤੇ ਰਾਜਨੀਤਿਕ ਸ਼ਖ਼ਸੀਅਤਾਂ ਨੇ ਹਾਜ਼ਰੀ ਭਰ ਕੇ ਬਾਬਾ ਲਾਲ ਸਿੰਘ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਉਨ੍ਹਾਂ ਦੀਆਂ ਸਮਾਜ ਪ੍ਰਤੀ ਸੇਵਾਵਾਂ ਨੂੰ ਯਾਦ ਕੀਤਾ। ਜ਼ਿਕਰਯੋਗ ਹੈ ਕਿ ਬਾਬਾ ਲਾਲ ਸਿੰਘ ਜੀ ਆਲ ਇੰਡੀਆ ਵਾਲਮੀਕਿ ਖ਼ਾਲਸਾ ਦਲ ਦੇ ਬਾਨੀ ਬਾਬਾ ਪ੍ਰੀਤਮ ਸਿੰਘ ਜੀ ਦੇ ਪਿਤਾ ਸਨ ਅਤੇ ਮੌਜੂਦਾ ਸੇਵਾਦਾਰ ਅਮਰਜੀਤ ਸਿੰਘ ਗਿੱਲ ਦੇ ਦਾਦਾ ਸਨ। ਉਨ੍ਹਾਂ ਦੀਆਂ ਸਮਾਜਿਕ ਅਤੇ ਲੋਕ ਭਲਾਈ ਦੀਆਂ ਸੇਵਾਵਾਂ ਨੂੰ ਸਨਮਾਨ ਦਿੰਦਿਆਂ ਬਸਤੀ ਦਾ ਨਾਮ ਵੀ ਉਨ੍ਹਾਂ ਦੇ ਨਾਮ ਤੇ ਬਸਤੀ ਲਾਲ ਸਿੰਘ ਰੱਖਿਆ ਹੋਇਆ ਹੈ। ਇਸ ਮੌਕੇ ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ ਚੰਦ ਪੁਰਾਣਾ ਦੇ ਮੁੱਖ ਸੇਵਾਦਾਰ ਸੰਤ ਬਾਬਾ ਗੁਰਦੀਪ ਸਿੰਘ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ ਅਤੇ ਬਾਬਾ ਲਾਲ ਸਿੰਘ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਉਨ੍ਹਾਂ ਦੀਆਂ ਸਮਾਜ ਲਈ ਦਿੱਤੀਆਂ ਕੁਰਬਾਨੀਆਂ ਅਤੇ ਸੇਵਾਵਾਂ ਨੂੰ ਯਾਦ ਕੀਤਾ। ਇਸ ਮੌਕੇ ਆਪਣੇ ਸੰਬੋਧਨ ਦੌਰਾਨ ਸੰਤ ਬਾਬਾ ਗੁਰਦੀਪ ਸਿੰਘ ਨੇ ਕਿਹਾ ਕਿ ਮਹਾਨ ਸ਼ਖ਼ਸੀਅਤਾਂ ਕਦੇ ਵੀ ਸਰੀਰਕ ਤੌਰ ’ਤੇ ਸਾਡੇ ਵਿਚਕਾਰ ਨਹੀਂ ਰਹਿੰਦੀਆਂ ਪਰ ਉਨ੍ਹਾਂ ਦੇ ਵਿਚਾਰ, ਆਦਰਸ਼ ਅਤੇ ਸਮਾਜ ਸੇਵਾ ਦੇ ਕਾਰਜ ਹਮੇਸ਼ਾ ਲੋਕਾਂ ਦੇ ਦਿਲਾਂ ’ਚ ਜ਼ਿੰਦਾ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਬਾਬਾ ਲਾਲ ਸਿੰਘ ਜੀ ਨੇ ਆਪਣਾ ਸਾਰਾ ਜੀਵਨ ਸਮਾਜ ਦੀ ਭਲਾਈ ਅਤੇ ਲੋਕਾਂ ਦੀ ਸੇਵਾ ਲਈ ਸਮਰਪਿਤ ਕੀਤਾ, ਜਿਸ ਕਾਰਨ ਅੱਜ ਵੀ ਲੋਕ ਉਨ੍ਹਾਂ ਨੂੰ ਬੇਅੰਤ ਸਤਿਕਾਰ ਨਾਲ ਯਾਦ ਕਰਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਅਜਿਹੀਆਂ ਮਹਾਨ ਹਸਤੀਆਂ ਦੇ ਜੀਵਨ ਤੋਂ ਪ੍ਰੇਰਣਾ ਲੈ ਕੇ ਸਮਾਜ ਸੇਵਾ, ਏਕਤਾ ਅਤੇ ਭਾਈਚਾਰਕ ਸਾਂਝ ਦੇ ਰਾਹ ’ਤੇ ਚੱਲਣਾ ਚਾਹੀਦਾ ਹੈ। ਸਮਾਜ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਆਪਸੀ ਪਿਆਰ, ਸਹਿਯੋਗ ਅਤੇ ਸੇਵਾ ਦੀ ਭਾਵਨਾ ਬਹੁਤ ਜ਼ਰੂਰੀ ਹੈ।ਇਸ ਮੌਕੇ ਆਲ ਇੰਡੀਆ ਵਾਲਮੀਕਿ ਖਾਲਸਾ ਦਲ ਦੇ ਮੁਖੀ ਅਮਰਜੀਤ ਸਿੰਘ ਗਿੱਲ ਨੇ ਸਮਾਗਮ ਵਿਚ ਪਹੁੰਚੇ ਸੰਤ ਮਹਾਂਪੁਰਖਾਂ, ਸਮਾਜਿਕ ਆਗੂਆਂ, ਅਹੁਦੇਦਾਰਾਂ ਅਤੇ ਸੰਗਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਬਾਬਾ ਲਾਲ ਸਿੰਘ ਜੀ ਦੀ ਯਾਦ ਵਿਚ ਹਰ ਸਾਲ ਇਸ ਤਰ੍ਹਾਂ ਦੇ ਸਮਾਗਮ ਕਰਵਾਏ ਜਾਂਦੇ ਹਨ ਤਾਂ ਜੋ ਨਵੀਂ ਪੀੜ੍ਹੀ ਨੂੰ ਉਨ੍ਹਾਂ ਦੇ ਜੀਵਨ, ਸੰਘਰਸ਼ ਅਤੇ ਸਮਾਜ ਸੇਵਾ ਬਾਰੇ ਜਾਣੂ ਕਰਵਾਇਆ ਜਾ ਸਕੇ। ਸਮਾਗਮ ਦੌਰਾਨ ਸੰਗਤਾਂ ਨੇ ਬਾਬਾ ਲਾਲ ਸਿੰਘ ਜੀ ਦੇ ਜੀਵਨ ਨਾਲ ਜੁੜੀਆਂ ਯਾਦਾਂ ਸਾਂਝੀਆਂ ਕੀਤੀਆਂ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਪ੍ਰਧਾਨ ਸੋਹਣ ਸਿੰਘ ਖ਼ਾਲਸਾ ਸਿੰਘਾਂਵਾਲਾ ਸ਼ੰਕਰ ਸਿੰਘ ਘਾਰੂ, ਬੇਅੰਤ ਸਿੰਘ, ਗਿੱਲ ਸਿੰਘ, ਭਿੰਦਾ ਸਿੰਘ, ਬਲਦੇਵ ਸਿੰਘ, ਕੁਲਦੀਪ ਸਿੰਘ, ਹਰਦੇਵ ਸਿੰਘ, ਕਮਲਜੀਤ ਸਿੰਘ, ਰਾਮ ਸਿੰਘ, ਗੁਰਪ੍ਰੀਤ ਸਿੰਘ ਗੋਪੀ, ਰਾਜਵਿੰਦਰ ਸਿੰਘ ਸਿਲਿਆਣੀ, ਈਐੱਸਆਈ ਢਲਵਿੰਦਰ ਸਿੰਘ ਅਤੇੇ ਨਾਇਬ ਸਿੰਘ ਬਹੋਨਾ ਆਦਿ ਹਾਜ਼ਰ ਸਨ।