- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੋਗਾ-ਫਿਰੋਜ਼ਪੁਰ ਰੋਡ ’ਤੇ ਪਿੰਡ

ਕੁਲਵਿੰਦਰ ਸਿੰਘ ਸਹੋਤਾ, ਪੰਜਾਬੀ ਜਾਗਰਣ ਘੱਲ ਕਲਾਂ: ਮੋਗਾ-ਫਿਰੋਜ਼ਪੁਰ ਰੋਡ ’ਤੇ ਪਿੰਡ ਘੱਲ ਕਲਾਂ ਨੇੜੇ ਸ਼ੁੱਕਰਵਾਰ ਨੂੰ ਵਾਪਰੇ ਇਕ ਭਿਆਨਕ ਸੜਕ ਹਾਦਸੇ ਵਿਚ ਸਵਿਫ਼ਟ ਕਾਰ ਸਵਾਰ ਇਕ ਵਿਅਕਤੀ ਦੀ ਮੌਤ ਹੋ ਗਈ। ਹਾਦਸਾ ਟਿੱਪਰ ਅਤੇ ਸਵਿਫ਼ਟ ਕਾਰ ਵਿਚਕਾਰ ਹੋਈ ਜ਼ਬਰਦਸਤ ਟੱਕਰ ਕਾਰਨ ਵਾਪਰਿਆ। ਮ੍ਰਿਤਕ ਦੀ ਪਛਾਣ ਸੰਦੀਪ ਸਿੰਘ ਪੁੱਤਰ ਜਸਵਿੰਦਰ ਸਿੰਘ, ਵਾਸੀ ਸ਼ਿਮਲਾਪੁਰੀ, ਲੁਧਿਆਣਾ ਵਜੋਂ ਹੋਈ ਹੈ। ਉਸ ਦੀ ਉਮਰ ਕਰੀਬ 35 ਸਾਲ ਦੱਸੀ ਜਾ ਰਹੀ ਹੈ। ਇਕੱਤਰ ਕੀਤੀ ਜਾਣਕਾਰੀ ਅਨੁਸਾਰ ਸੰਦੀਪ ਸਿੰਘ ਆਪਣੀ ਸਵਿਫਟ ਕਾਰ ਵਿਚ ਲੁਧਿਆਣਾ ਤੋਂ ਫਰੀਦਕੋਟ ਵੱਲ ਜਾ ਰਿਹਾ ਸੀ। ਦੱਸਿਆ ਜਾ ਰਿਹਾ ਹੈ ਕਿ ਉਹ ਆਪਣੀ ਪਤਨੀ ਨੂੰ ਲੈਣ ਲਈ ਫਰੀਦਕੋਟ ਜਾ ਰਿਹਾ ਸੀ। ਜਦੋਂ ਉਹ ਮੋਗਾ-ਫਿਰੋਜ਼ਪੁਰ ਰੋਡ ’ਤੇ ਪਿੰਡ ਘੱਲ ਕਲਾਂ ਨੇੜੇ ਪਹੁੰਚਿਆ ਤਾਂ ਉਸ ਦੀ ਕਾਰ ਦੀ ਇੱਕ ਟਿੱਪਰ ਨਾਲ ਜ਼ਬਰਦਸਤ ਟੱਕਰ ਹੋ ਗਈ। ਘਟਨਾ ਸਥਾਨ ’ਤੇ ਇਕੱਠੇ ਹੋਏ ਲੋਕਾਂ ਨੇ ਦੱਸਿਆ ਕਿ ਟੱਕਰ ਇੰਨੀ ਭਿਆਨਕ ਸੀ ਕਿ ਸਵਿਫ਼ਟ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ ਅਤੇ ਕਾਰ ਸਵਾਰ ਸੰਦੀਪ ਸਿੰਘ ਦੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਆਸ-ਪਾਸ ਦੇ ਲੋਕਾਂ ਵੱਲੋਂ ਮੌਕੇ ’ਤੇ ਪਹੁੰਚ ਕੇ ਪੁਲਿਸ ਨੂੰ ਸੂਚਿਤ ਕੀਤਾ ਗਿਆ। ਸੂਚਨਾ ਮਿਲਣ ’ਤੇ ਸਬੰਧਤ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਘਟਨਾ ਦਾ ਜਾਇਜ਼ਾ ਲਿਆ। ਪੁਲਿਸ ਵੱਲੋਂ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਮੋਗਾ ਵਿਖੇ ਰੱਖਵਾ ਦਿੱਤਾ ਗਿਆ ਹੈ। ਪੁਲਿਸ ਅਨੁਸਾਰ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਪਹੁੰਚਣ ਤੋਂ ਬਾਅਦ ਹੀ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਹਾਦਸੇ ਦੇ ਅਸਲ ਕਾਰਨਾਂ ਦੀ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਇਸ ਦਰਦਨਾਕ ਹਾਦਸੇ ਦੀ ਖ਼ਬਰ ਮਿਲਣ ਤੋਂ ਬਾਅਦ ਮ੍ਰਿਤਕ ਦੇ ਪਰਿਵਾਰ ਅਤੇ ਜਾਣ-ਪਛਾਣ ਵਾਲਿਆਂ ਵਿਚ ਸੋਗ ਦੀ ਲਹਿਰ ਦੌੜ ਗਈ। ਜਾਂਚ ਕਰ ਰਹੇ ਪੁਲਿਸ ਅਧਿਕਾਰੀਆਂ ਨੇ ਪਰਿਵਾਰ ਦੇ ਮੈਂਬਰਾਂ ਦੇ ਬਿਆਨਾਂ ਕਾਰਵਾਈ ਸ਼ੁਰੂ ਕਰ ਦਿੱਤੀ ਹੈ।