- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ ਮੋਗਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਉਨ੍ਹਾਂ ਦੇ ਬਣਦੇ ਹੱਕ ਦਵਾਉਣ ਦੇ ਮਕਸਦ ਨਾਲ ਚਲਾਈ ਜਾ ਰਹੀ ਮੁੱਖ ਮੰਤਰੀ ਮੇਰਾ ਘਰ ਮੇਰੇ ਨਾਮ ਯੋਜਨਾ ਤਹਿਤ ਅੱਜ ਪਿੰਡ ਡਗਰੂ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਲਾਲ ਲਕੀਰ ਅੰਦਰ ਆਉਂਦੇ 411 ਮਕਾਨਾਂ ਦੇ ਮਾਲਕਾਂ ਨੂੰ ਉਨ੍ਹਾਂ ਦੇ ਮਕਾਨਾਂ ਦੇ ਮਾਲਕੀ ਹੱਕ ਪ੍ਰਦਾਨ ਕਰਦਿਆਂ ਰਜਿਸਟਰੀਆਂ ਸੌਂਪੀਆਂ ਗਈਆਂ। ਇਸ ਪਹਿਲਕਦਮੀ ਨਾਲ ਪਿੰਡ ਦੇ ਸੈਂਕੜੇ ਪਰਿਵਾਰਾਂ ਨੂੰ ਆਪਣੇ ਘਰਾਂ ਦਾ ਕਾਨੂੰਨੀ ਮਾਲਕੀ ਹੱਕ ਪ੍ਰਾਪਤ ਹੋਇਆ ਹੈ। ਇਸ ਮੌਕੇ ਮੋਗਾ ਦੀ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਆਮ ਲੋਕਾਂ ਦੀਆਂ ਲੰਬੇ ਸਮੇਂ ਤੋਂ ਚੱਲੀਆਂ ਆ ਰਹੀਆਂ ਸਮੱਸਿਆਵਾਂ ਦਾ ਹੱਲ ਕਰਨ ਅਤੇ ਉਨ੍ਹਾਂ ਨੂੰ ਬਣਦੇ ਹੱਕ ਦਿਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਕਿਸੇ ਵੀ ਪਰਿਵਾਰ ਲਈ ਆਪਣਾ ਘਰ ਸਿਰਫ਼ ਰਹਿਣ ਦੀ ਜਗ੍ਹਾ ਹੀ ਨਹੀਂ ਹੁੰਦਾ, ਸਗੋਂ ਇਹ ਉਸ ਦੀ ਮਿਹਨਤ, ਸੁਪਨਿਆਂ ਅਤੇ ਭਾਵਨਾਵਾਂ ਨਾਲ ਜੁੜਿਆ ਹੁੰਦਾ ਹੈ। ਪਿੰਡਾਂ ਵਿੱਚ ਅਜਿਹੇ ਬਹੁਤ ਸਾਰੇ ਪਰਿਵਾਰ ਸਨ, ਜੋ ਕਈ ਦਹਾਕਿਆਂ ਤੋਂ ਆਪਣੇ ਮਕਾਨਾਂ ਵਿਚ ਰਹਿ ਰਹੇ ਸਨ, ਪਰ ਉਨ੍ਹਾਂ ਕੋਲ ਘਰਾਂ ਦੀ ਕਾਨੂੰਨੀ ਮਾਲਕੀ ਸਾਬਤ ਕਰਨ ਲਈ ਲੋੜੀਂਦੇ ਦਸਤਾਵੇਜ਼ ਨਹੀਂ ਸਨ। ਹੁਣ 411 ਪਰਿਵਾਰਾਂ ਨੂੰ ਰਜਿਸਟਰੀਆਂ ਮਿਲਣ ਨਾਲ ਉਨ੍ਹਾਂ ਨੂੰ ਆਪਣੇ ਘਰਾਂ ਦੇ ਮਾਲਕੀ ਹੱਕਾਂ ਦਾ ਕਾਨੂੰਨੀ ਸਬੂਤ ਪ੍ਰਾਪਤ ਹੋਇਆ ਹੈ। ਇਸ ਨਾਲ ਪਰਿਵਾਰਾਂ ਵਿਚ ਖੁਸ਼ੀ ਅਤੇ ਸੰਤੁਸ਼ਟੀ ਦਾ ਮਾਹੌਲ ਹੈ। ਵਿਧਾਇਕ ਨੇ ਕਿਹਾ ਕਿ ਪਿੰਡ ਡਗਰੂ ਦੇ 411 ਪਰਿਵਾਰਾਂ ਨੂੰ ਮਾਲਕੀ ਹੱਕ ਮਿਲਣਾ ਇਸ ਗੱਲ ਦਾ ਸਬੂਤ ਹੈ ਕਿ ਸਰਕਾਰ ਲੋਕਾਂ ਦੀਆਂ ਬੁਨਿਆਦੀ ਲੋੜਾਂ ਅਤੇ ਅਧਿਕਾਰਾਂ ਨੂੰ ਪਹਿਲ ਦੇ ਰਹੀ ਹੈ। ਮਾਨ ਸਰਕਾਰ ਦਾ ਵਾਅਦਾ ਹੈ ਕਿ ਹਰ ਪਰਿਵਾਰ ਨੂੰ ਉਸ ਦੇ ਘਰ ਦਾ ਪੱਕਾ ਮਾਲਕੀ ਹੱਕ ਮਿਲੇ ਅਤੇ ਲੋਕ ਸਨਮਾਨ ਤੇ ਸੁਰੱਖਿਆ ਨਾਲ ਆਪਣਾ ਜੀਵਨ ਬਤੀਤ ਕਰ ਸਕਣ।