- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ

ਮਨਦੀਪ ਸਿੰਘ ਝਾਂਜੀ, ਪੰਜਾਬੀ ਜਾਗਰਣ ਮੋਗਾ: ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਜ਼ਿਲ੍ਹਾ ਕਮੇਟੀ ਮੋਗਾ ਦੀ ਇਕ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਸੈਦੋ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਆਗੂਆਂ ਨੇ ਕੇਂਦਰ ਦੀ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਅਤੇ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਉੱਤੇ ਤਿੱਖੇ ਹਮਲੇ ਕਰਦੇ ਹੋਏ ਦੋਸ਼ ਲਗਾਇਆ ਕਿ ਦੋਵੇਂ ਹਕੂਮਤਾਂ ਕਿਸਾਨਾਂ ਅਤੇ ਆਮ ਲੋਕਾਂ ਦੇ ਮਸਲਿਆਂ ਦਾ ਹੱਲ ਕਰਨ ਦੀ ਬਜਾਏ ਦਮਨਕਾਰੀ ਰਵੱਈਆ ਅਪਣਾ ਰਹੀਆਂ ਹਨ। ਆਗੂਆਂ ਨੇ ਕਿਹਾ ਕਿ ਆਰਥਿਕ ਸੁਧਾਰਾਂ ਦੇ ਨਾਂ ਹੇਠ ਸਰਕਾਰੀ ਮਹਿਕਮਿਆਂ ਦਾ ਨਿੱਜੀਕਰਨ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਦੇ ਹੱਕਾਂ ਨੂੰ ਲਗਾਤਾਰ ਕੁਚਲਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਧਨੇਰ ਵੱਲੋਂ 10 ਜੁਲਾਈ ਨੂੰ ਚੰਡੀਗੜ੍ਹ ਵਿਖੇ ਵੱਡਾ ਧਰਨਾ ਅਤੇ ਮੁਜ਼ਾਹਰਾ ਕੀਤਾ ਜਾਵੇਗਾ, ਜਿਸ ’ਚ ਵੱਡੀ ਗਿਣਤੀ ’ਚ ਕਿਸਾਨ ਸ਼ਮੂਲੀਅਤ ਕਰਨਗੇ। ਕਿਸਾਨ ਆਗੂਆਂ ਮੁਤਾਬਕ ਇਹ ਸੰਘਰਸ਼ ਭਾਰਤ-ਅਮਰੀਕਾ ਵਪਾਰ ਸਮਝੌਤੇ, ਅਮਰੀਕਾ ਵੱਲੋਂ ਇਰਾਨ ਉੱਤੇ ਥੋਪੀ ਜਾ ਰਹੀ ਜੰਗੀ ਸਥਿਤੀ ਅਤੇ ਇਸ ਕਾਰਨ ਵਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੈਟਰੋਲ, ਡੀਜ਼ਲ ਅਤੇ ਖਾਦ ਦੇ ਭਾਅ ਵਿਚ ਵਾਧੇ ਨੇ ਕਿਸਾਨਾਂ ਅਤੇ ਆਮ ਲੋਕਾਂ ਦੀ ਕਮਰ ਤੋੜ ਦਿੱਤੀ ਹੈ। ਨਿੱਤ ਵਰਤੋਂ ਦੀਆਂ ਵਸਤੂਆਂ ਦੀਆਂ ਕੀਮਤਾਂ ਅਸਮਾਨ ਛੂਹ ਰਹੀਆਂ ਹਨ। ਜਥੇਬੰਦੀ ਨੇ ਮੰਗ ਕੀਤੀ ਕਿ ਅਮਰੀਕਾ ਨਾਲ ਹੋਣ ਵਾਲਾ ਵਪਾਰ ਸਮਝੌਤਾ ਰੱਦ ਕੀਤਾ ਜਾਵੇ, ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਵਧੀਆਂ ਕੀਮਤਾਂ ਤੁਰੰਤ ਵਾਪਸ ਲਈਆਂ ਜਾਣ ਅਤੇ ਲੋਕਾਂ ਉੱਤੇ ਟੈਕਸਾਂ ਦਾ ਭਾਰ ਘਟਾਇਆ ਜਾਵੇ। ਆਗੂਆਂ ਨੇ ਇਹ ਵੀ ਮੰਗ ਕੀਤੀ ਕਿ ਬਹੁਕੌਮੀ ਕੰਪਨੀਆਂ, ਵੱਡੇ ਸਰਮਾਏਦਾਰਾਂ ਅਤੇ ਵੱਡੇ ਜ਼ਮੀਨਦਾਰਾਂ ਉੱਤੇ ਯੋਗ ਟੈਕਸ ਲਗਾ ਕੇ ਸਰਕਾਰੀ ਖ਼ਜ਼ਾਨਾ ਮਜ਼ਬੂਤ ਕੀਤਾ ਜਾਵੇ ਅਤੇ ਉਹ ਧਨ ਲੋਕ ਭਲਾਈ ਲਈ ਵਰਤਿਆ ਜਾਵੇ। ਮੀਟਿੰਗ ’ਚ ਪੰਜਾਬ ਸਰਕਾਰ ਦੀ ਨਵੀਂ ਲੈਂਡ ਪੂਲਿੰਗ ਨੀਤੀ ਦਾ ਵੀ ਸਖ਼ਤ ਵਿਰੋਧ ਕੀਤਾ ਗਿਆ। ਕਿਸਾਨ ਆਗੂਆਂ ਨੇ ਕਿਹਾ ਕਿ ਇਹ ਨੀਤੀ ਕਿਸਾਨਾਂ ਦੀਆਂ ਜ਼ਮੀਨਾਂ ਹੜਪਣ ਦਾ ਰਸਤਾ ਖੋਲ੍ਹੇਗੀ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇ ਸਰਕਾਰ ਨੇ ਇਹ ਨੀਤੀ ਵਾਪਸ ਨਾ ਲਈ ਤਾਂ ਆਉਣ ਵਾਲੇ ਸਮੇਂ ’ਚ ਵੱਡਾ ਸੰਘਰਸ਼ ਛੇੜਿਆ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਮੀਟਿੰਗ ਵਿਚ ਗੁਰਮੀਤ ਸਿੰਘ ਕਿਸ਼ਨਪੁਰਾ, ਬਲੌਰ ਸਿੰਘ ਘੱਲਕਲਾਂ, ਗੁਰਦੇਵ ਸਿੰਘ ਕਿਸ਼ਨਪੁਰਾ, ਜਸਵਿੰਦਰ ਸਿੰਘ ਘੱਲਕਲਾਂ, ਗੁਰਚਰਨ ਸਿੰਘ ਰਾਮਾ, ਕੇਵਲ ਕ੍ਰਿਸ਼ਨ ਬੱਧਣੀ, ਬਲਜੀਤ ਸਿੰਘ ਸੁਖਾਨੰਦ, ਜੰਗੀਰ ਸਿੰਘ ਹਿੰਮਤਪੁਰਾ, ਸੁਖਜੀਤ ਸਿੰਘ ਲੰਡੇ, ਅਮਰੀਕ ਸਿੰਘ ਘੋਲੀਆ, ਨਛੱਤਰ ਸਿੰਘ ਝੰਡੇਵਾਲਾ, ਇਕਬਾਲ ਸਿੰਘ ਸਿੰਘਾਂਵਾਲਾ, ਜਗਦੇਵ ਸਿੰਘ ਸਿੰਘਾਂਵਾਲਾ, ਬੂਟਾ ਸਿੰਘ ਭਾਗੀਕੇ, ਕੁਲਦੀਪ ਕੌਰ ਕੁੱਸਾ ਅਤੇ ਕਰਮਜੀਤ ਕੌਰ ਹਿੰਮਤਪੁਰਾ ਸਮੇਤ ਹੋਰ ਕਈ ਸਾਥੀ ਹਾਜ਼ਰ ਰਹੇ।