ਮਾਲਵੇ ਨੂੰ ਮਾਨ ਸਰਕਾਰ ਦਾ ਵੱਡਾ ਤੋਹਫ਼ਾ, ਮੋਗਾ ’ਚ 120 ਬੈੱਡਾਂ ਦੇ 'ਕੈਪੀਟਲ ਹਸਪਤਾਲ' ਦਾ ਉਦਘਾਟਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮੋਗਾ ’ਚ 120 ਬੈੱਡਾਂ ਵਾਲੇ ਅਤਿ-ਆਧੁਨਿਕ 'ਕੈਪੀਟਲ ਹਸਪਤਾਲ' ਦਾ ਉਦਘਾਟਨ ਕਰਦਿਆਂ ਕਿਹਾ ਕਿ ਇਹ ਸਹੂਲਤ ਮਾਲਵਾ ਖੇਤਰ ’ਚ ਬਿਹਤਰ ਸਿਹਤ ਸੇਵਾਵਾਂ ਨੂੰ ਯਕੀਨੀ ਬਣਾਏਗੀ।
Publish Date: Sun, 26 Jul 2026 10:29 AM (IST)
Updated Date: Sun, 26 Jul 2026 10:31 AM (IST)
ਜਾਗਰਣ ਪੱਤਰਕਾਰ, ਮੋਗਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮੋਗਾ ’ਚ 120 ਬੈੱਡਾਂ ਵਾਲੇ ਅਤਿ-ਆਧੁਨਿਕ 'ਕੈਪੀਟਲ ਹਸਪਤਾਲ' ਦਾ ਉਦਘਾਟਨ ਕਰਦਿਆਂ ਕਿਹਾ ਕਿ ਇਹ ਸਹੂਲਤ ਮਾਲਵਾ ਖੇਤਰ ’ਚ ਬਿਹਤਰ ਸਿਹਤ ਸੇਵਾਵਾਂ ਨੂੰ ਯਕੀਨੀ ਬਣਾਏਗੀ।
ਇਸ ਨੂੰ ਮੋਗਾ ਜ਼ਿਲ੍ਹੇ ਦਾ ਪਹਿਲਾ ਨੈਸ਼ਨਲ ਐਕਰੀਡੀਟੇਸ਼ਨ ਬੋਰਡ ਫਾਰ ਹਾਸਪਤਾਲਸ ਐਂਡ ਹੈਲਥਕੇਅਰ ਪ੍ਰੋਵਾਈਡਰਜ਼ (ਐੱਨ.ਏ.ਬੀ.ਐੱਚ.)-ਮਾਨਤਾ ਪ੍ਰਾਪਤ ਮਲਟੀ-ਸਪੈਸ਼ਲਿਟੀ ਹਸਪਤਾਲ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਹਸਪਤਾਲ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਗੰਭੀਰ ਬਿਮਾਰੀਆਂ ਦਾ ਵਿਸ਼ੇਸ਼ ਇਲਾਜ ਮੁਹੱਈਆ ਕਰਵਾਏਗਾ।
ਮੁੱਖ ਮੰਤਰੀ ਨੇ ਦੱਸਿਆ ਕਿ ਯੋਗ ਮਰੀਜ਼ 'ਮੁੱਖ ਮੰਤਰੀ ਸਿਹਤ ਯੋਜਨਾ' ਅਤੇ 'ਆਯੁਸ਼ਮਾਨ ਭਾਰਤ ਪ੍ਰਧਾਨ ਮੰਤਰੀ ਜਨ ਅਰੋਗਯ ਯੋਜਨਾ' ਤਹਿਤ ਕੈਸ਼ਲੈੱਸ ਇਲਾਜ ਦਾ ਲਾਭ ਲੈ ਸਕਣਗੇ। ਇਸ ਦੇ ਨਾਲ ਹੀ ਪੰਜਾਬ ਸਰਕਾਰ 1,090 ਆਮ ਆਦਮੀ ਕਲੀਨਿਕਾਂ ਦੇ ਨੈੱਟਵਰਕ ਰਾਹੀਂ ਪੂਰੇ ਰਾਜ ਵਿੱਚ ਕਿਫ਼ਾਇਤੀ ਸਿਹਤ ਸੇਵਾਵਾਂ ਦਾ ਵਿਸਤਾਰ ਕਰ ਰਹੀ ਹੈ।
ਟਵਿੱਟਰ 'ਤੇ ਜਾਣਕਾਰੀ ਸਾਂਝੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲਿਖਿਆ, "ਅੱਜ ਮੈਂ ਮੋਗਾ ਵਿੱਚ 120 ਬੈੱਡਾਂ ਵਾਲਾ ਅਤਿ-ਆਧੁਨਿਕ ਕੈਪੀਟਲ ਹਸਪਤਾਲ ਪੰਜਾਬ ਦੇ ਲੋਕਾਂ ਨੂੰ ਸਮਰਪਿਤ ਕੀਤਾ ਹੈ। ਆਧੁਨਿਕ ਮੈਡੀਕਲ ਸੁਵਿਧਾਵਾਂ ਨਾਲ ਲੈਸ ਇਹ ਹਸਪਤਾਲ 'ਮੁੱਖ ਮੰਤਰੀ ਸਿਹਤ ਬੀਮਾ ਯੋਜਨਾ' ਤਹਿਤ ਮੁਫ਼ਤ ਇਲਾਜ ਵੀ ਪ੍ਰਦਾਨ ਕਰੇਗਾ।"
"ਹੁਣ ਮਾਲਵਾ ਖੇਤਰ ਦੇ ਲੋਕਾਂ ਨੂੰ ਮਿਆਰੀ ਇਲਾਜ ਲਈ ਦੂਰ-ਦੁਰਾਡੇ ਦੇ ਸ਼ਹਿਰਾਂ ਵਿੱਚ ਨਹੀਂ ਜਾਣਾ ਪਵੇਗਾ। ਅਸੀਂ ਹਰ ਪੰਜਾਬੀ ਲਈ ਕਿਫ਼ਾਇਤੀ, ਆਧੁਨਿਕ ਅਤੇ ਉੱਚ ਮਿਆਰੀ ਸਿਹਤ ਸੇਵਾ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ।"
ਸਭਾ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਇਹ ਕੋਈ ਸਿਆਸੀ ਰੈਲੀ ਨਹੀਂ ਹੈ। ਇਹ ਪੂਰੇ ਪੰਜਾਬ ’ਚ ਵਿਕਾਸ ਦੀ ਰਫ਼ਤਾਰ ਨੂੰ ਤੇਜ਼ ਕਰਨ ਲਈ ਸਾਡੇ ਲਗਾਤਾਰ ਯਤਨਾਂ ਦਾ ਹਿੱਸਾ ਹੈ। ਸਿੱਖਿਆ ਅਤੇ ਸਿਹਤ ਸੇਵਾ ਸਾਡੀ ਸਰਕਾਰ ਦੀਆਂ ਦੋ ਸਭ ਤੋਂ ਵੱਡੀਆਂ ਪਹਿਲਕਦਮੀਆਂ ਹਨ ਕਿਉਂਕਿ ਇਹ ਸਰਵਪੱਖੀ ਵਿਕਾਸ ਦੇ ਸਭ ਤੋਂ ਮਜ਼ਬੂਤ ਥੰਮ੍ਹ ਹਨ।"
ਮੁੱਖ ਮੰਤਰੀ ਨੇ ਕਿਹਾ, "ਡਾਕਟਰਾਂ ਨੂੰ ਰੱਬ ਦਾ ਦੂਜਾ ਰੂਪ ਮੰਨਿਆ ਜਾਂਦਾ ਹੈ। ਸਿਹਤ ਸੇਵਾ ਅਤੇ ਸਿੱਖਿਆ ਮਾਨਵਤਾ ਦੀ ਸੇਵਾ ਨੂੰ ਸਮਰਪਿਤ ਕਿੱਤੇ ਹਨ। ਬਦਕਿਸਮਤੀ ਨਾਲ ਕੁਝ ਲੋਕ ਇਨ੍ਹਾਂ ਪਵਿੱਤਰ ਕਿੱਤਿਆਂ ਨੂੰ ਬਦਨਾਮ ਕਰ ਰਹੇ ਹਨ ਪਰ ਸਾਡੀ ਸਰਕਾਰ ਦੋਵਾਂ ਖੇਤਰਾਂ ਵਿੱਚ ਲੋਕਾਂ ਦਾ ਵਿਸ਼ਵਾਸ ਬਹਾਲ ਕਰਨ ਲਈ ਵਚਨਬੱਧ ਹੈ।"
ਪ੍ਰਾਈਵੇਟ ਮਲਟੀ-ਸਪੈਸ਼ਲਿਟੀ ਹਸਪਤਾਲ ਦੇ ਉਦਘਾਟਨ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ, "ਇਹ ਬਹੁਤ ਮਾਣ ਦੀ ਗੱਲ ਹੈ ਕਿ ਇੱਥੇ ਆਧੁਨਿਕ ਮਸ਼ੀਨਾਂ ਅਤੇ ਤਕਨਾਲੋਜੀ ਨਾਲ ਲੈਸ ਅਜਿਹਾ ਹਸਪਤਾਲ ਬਣਿਆ ਹੈ। ਮਾਹਿਰ ਡਾਕਟਰ ਲੋਕਾਂ ਨੂੰ ਮਿਆਰੀ ਇਲਾਜ ਦੇਣਗੇ। ਜਦੋਂ 2022 ’ਚ ਸਾਡੀ ਸਰਕਾਰ ਨੇ ਵਾਗਡੋਰ ਸੰਭਾਲੀ ਸੀ ਤਾਂ ਸਕੂਲੀ ਸਿੱਖਿਆ ’ਚ ਪੰਜਾਬ 27ਵੇਂ ਸਥਾਨ 'ਤੇ ਸੀ। ਅੱਜ ਲਗਾਤਾਰ ਸੁਧਾਰਾਂ ਅਤੇ ਅਣਥੱਕ ਯਤਨਾਂ ਕਾਰਨ ਪੰਜਾਬ ਸਕੂਲੀ ਸਿੱਖਿਆ ਵਿੱਚ ਦੇਸ਼ ਦਾ ਨੰਬਰ ਇੱਕ ਰਾਜ ਬਣ ਕੇ ਉਭਰਿਆ ਹੈ।"
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਇੱਕ ਸਮਾਂ ਸੀ, ਜਦੋਂ ਸਰਕਾਰੀ ਸਕੂਲ ਸਿਰਫ਼ ਗ਼ਰੀਬ ਬੱਚਿਆਂ ਲਈ ਮੰਨੇ ਜਾਂਦੇ ਸਨ ਅਤੇ ਲੋਕ ਉਨ੍ਹਾਂ ਦਾ ਮਜ਼ਾਕ ਉਡਾਉਂਦੇ ਸਨ। ਅਸੀਂ 'ਸਕੂਲਜ਼ ਆਫ਼ ਐਮੀਨੈਂਸ' ਦੀ ਸਥਾਪਨਾ ਕੀਤੀ ਅਤੇ ਸਿੱਖਿਆ ਪ੍ਰਣਾਲੀ ਦਾ ਕਾਇਆਕਲਪ ਕੀਤਾ। ਅੱਜ ਪੰਜਾਬ ਕੇਰਲ ਨੂੰ ਪਛਾੜ ਕੇ ਸਕੂਲੀ ਸਿੱਖਿਆ ਵਿੱਚ ਦੇਸ਼ ਦਾ ਸਭ ਤੋਂ ਵਧੀਆ ਪ੍ਰਦਰਸ਼ਨ ਕਰਨ ਵਾਲਾ ਰਾਜ ਬਣ ਗਿਆ ਹੈ।"
ਉਨ੍ਹਾਂ ਅੱਗੇ ਕਿਹਾ, "2022 ’ਚ ਸਰਕਾਰੀ ਸਕੂਲਾਂ ਦੇ ਸਿਰਫ਼ 82 ਵਿਦਿਆਰਥੀਆਂ ਨੇ ਨੀਟ (NEET) ਦੀ ਪ੍ਰੀਖਿਆ ਪਾਸ ਕੀਤੀ ਸੀ। ਇਸ ਸਾਲ ਸਰਕਾਰੀ ਸਕੂਲਾਂ ਦੇ 881 ਵਿਦਿਆਰਥੀਆਂ ਨੇ ਨੀਟ ਪਾਸ ਕੀਤਾ ਹੈ, ਜੋ ਸਾਡੀ ਸਿੱਖਿਆ ਪ੍ਰਣਾਲੀ ਵਿੱਚ ਆਏ ਵੱਡੇ ਬਦਲਾਅ ਨੂੰ ਦਰਸਾਉਂਦਾ ਹੈ।"
ਮੁੱਖ ਮੰਤਰੀ ਨੇ ਦੱਸਿਆ, "ਇਸ ਨਵੇਂ ਹਸਪਤਾਲ ’ਚ ਪੰਜਾਬ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਅਤੇ ਕੇਂਦਰ ਸਰਕਾਰ ਦੀਆਂ ਸਿਹਤ ਬੀਮਾ ਯੋਜਨਾਵਾਂ ਦੋਵੇਂ ਉਪਲਬਧ ਹਨ, ਜਿਸ ਨਾਲ ਮਰੀਜ਼ਾਂ ਨੂੰ ਵੱਧ ਤੋਂ ਵੱਧ ਲਾਭ ਮਿਲੇਗਾ। ਸਾਡੀ ਸਰਕਾਰ ਨੇ ਸੜਕ ਸੁਰੱਖਿਆ ਨੂੰ ਬਿਹਤਰ ਬਣਾਉਣ ਅਤੇ ਰਾਜ ਅਤੇ ਰਾਸ਼ਟਰੀ ਹਾਈਵੇਅ 'ਤੇ ਕੀਮਤੀ ਜਾਨਾਂ ਬਚਾਉਣ ਲਈ ਦੇਸ਼ ਦੀ ਪਹਿਲੀ ਸਮਰਪਿਤ 'ਸੜਕ ਸੁਰੱਖਿਆ ਫ਼ੋਰਸ' ਦੀ ਸ਼ੁਰੂਆਤ ਕੀਤੀ ਹੈ। ਇਸ ਫ਼ੋਰਸ ਵਿੱਚ 1,597 ਵਿਸ਼ੇਸ਼ ਤੌਰ 'ਤੇ ਸਿਖਲਾਈ ਪ੍ਰਾਪਤ ਜਵਾਨ ਅਤੇ 144 ਅਤਿ-ਆਧੁਨਿਕ ਵਾਹਨ ਸ਼ਾਮਲ ਹਨ।"
ਉਨ੍ਹਾਂ ਕਿਹਾ, "ਪਿਛਲੇ ਸਾਲ ਫ਼ਰਵਰੀ ਵਿੱਚ ਆਪਣੀ ਸ਼ੁਰੂਆਤ ਤੋਂ ਲੈ ਕੇ ਸੜਕ ਸੁਰੱਖਿਆ ਫ਼ੋਰਸ ਨੇ ਸੜਕ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ਨੂੰ ਲਗਭਗ 50 ਫ਼ੀਸਦੀ ਤੱਕ ਘਟਾਇਆ ਹੈ, ਨਾਲ ਹੀ ਹਾਦਸੇ ਦੇ ਸ਼ਿਕਾਰ ਲੋਕਾਂ ਦਾ ਕੀਮਤੀ ਸਾਮਾਨ ਅਤੇ ਪੈਸੇ ਦੀ ਸੁਰੱਖਿਅਤ ਵਾਪਸੀ ਵੀ ਯਕੀਨੀ ਬਾਈ ਹੈ।"
ਮੁੱਖ ਮੰਤਰੀ ਨੇ ਕਿਹਾ, "ਪੰਜਾਬ ਨੇ ਦੇਸ਼ ਦੀ ਪਹਿਲੀ ਸਰਵ-ਵਿਆਪਕ ਸਿਹਤ ਸੇਵਾ ਯੋਜਨਾ 'ਮੁੱਖ ਮੰਤਰੀ ਸਿਹਤ ਯੋਜਨਾ' ਵੀ ਸ਼ੁਰੂ ਕੀਤੀ ਹੈ, ਜੋ ਰਾਜ ਦੇ ਹਰ ਪਰਿਵਾਰ ਨੂੰ ਸਾਲਾਨਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਉਂਦੀ ਹੈ। ਪੰਜਾਬ ਭਾਰਤ ਦਾ ਪਹਿਲਾ ਰਾਜ ਹੈ, ਜੋ ਅਜਿਹੀ ਵਿਆਪਕ ਸਿਹਤ ਕਵਰੇਜ ਮੁਹੱਈਆ ਕਰਵਾ ਰਿਹਾ ਹੈ, ਜਿਸ ਨਾਲ ਮਿਆਰੀ ਇਲਾਜ ਯਕੀਨੀ ਬਣਾਉਂਦੇ ਹੋਏ ਲੋਕਾਂ 'ਤੇ ਵਿੱਤੀ ਬੋਝ ਕਾਫ਼ੀ ਘੱਟ ਹੋਇਆ ਹੈ।"
ਉਨ੍ਹਾਂ ਕਿਹਾ, "ਇਹ ਇਤਿਹਾਸਕ ਪਹਿਲ ਸਾਰਿਆਂ ਲਈ ਸਿਹਤ ਸੇਵਾ ਪ੍ਰਤੀ ਸਾਡੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਲੋਕ ਇਸ ਯੋਜਨਾ ਤਹਿਤ 650 ਕਰੋੜ ਰੁਪਏ ਤੋਂ ਵੱਧ ਦਾ ਕੈਸ਼ਲੈੱਸ ਇਲਾਜ ਪ੍ਰਾਪਤ ਕਰ ਚੁੱਕੇ ਹਨ ਅਤੇ ਪੰਜਾਬ ਸਿਹਤ ਖੇਤਰ ਵਿੱਚ ਸਫ਼ਲਤਾ ਦੀ ਨਵੀਂ ਇਬਾਰਤ ਲਿਖ ਰਿਹਾ ਹੈ।"
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, "ਚੇਨਈ ਦਾ ਅਪੋਲੋ ਹਸਪਤਾਲ ਲਿਵਰ ਟ੍ਰਾਂਸਪਲਾਂਟ ਲਈ ਜਾਣਿਆ ਜਾਂਦਾ ਹੈ ਅਤੇ ਉੱਤਰੀ ਭਾਰਤ ਵਿੱਚ ਅਜਿਹੀਆਂ ਬਹੁਤ ਘੱਟ ਸਹੂਲਤਾਂ ਹਨ। ਪੰਜਾਬ ਹੁਣ ਦਿੱਲੀ ਤੋਂ ਬਾਅਦ ਦੂਜਾ ਅਜਿਹਾ ਰਾਜ ਬਣ ਗਿਆ ਹੈ, ਜਿਸ ਨੇ ਮੋਹਾਲੀ ਵਿੱਚ ਲਿਵਰ ਟ੍ਰਾਂਸਪਲਾਂਟ ਕੇਂਦਰ ਸਥਾਪਿਤ ਕੀਤਾ ਹੈ। ਵਿਸ਼ਵ ਪੱਧਰੀ ਸਿਹਤ ਸੇਵਾ ਪ੍ਰਦਾਨ ਕਰਨ ਅਤੇ ਕੀਮਤੀ ਜਾਨਾਂ ਬਚਾਉਣ ਦੀ ਦਿਸ਼ਾ ਵਿੱਚ ਇਹ ਇੱਕ ਹੋਰ ਮਹੱਤਵਪੂਰਨ ਕਦਮ ਹੈ।"