- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਾਰਤੀ ਕਿਸਾਨ ਯੂਨੀਅਨ ਲੱਖੋਵਾਲ

ਵਕੀਲ ਮਹਿਰੋਂ, ਪੰਜਾਬੀ ਜਾਗਰਣ ਮੋਗਾ: ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਇਕ ਵਫ਼ਦ ਵੱਲੋਂ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੇ ਸੀਨੀਅਰ ਆਗੂ ਚਰਨਜੀਤ ਸਿੰਘ ਚੰਨੀ ਨਾਲ ਮੁਲਾਕਾਤ ਕਰਕੇ ਕਿਸਾਨਾਂ ਦੀਆਂ ਅਹਿਮ ਮੰਗਾਂ ਸਬੰਧੀ ਵਿਸਥਾਰਤ ਮੰਗ ਪੱਤਰ ਸੌਂਪਿਆ ਗਿਆ। ਵਫ਼ਦ ਨੇ ਮੰਗ ਕੀਤੀ ਕਿ ਕਿਸਾਨਾਂ ਨਾਲ ਸਬੰਧਤ ਇਨ੍ਹਾਂ ਮੰਗਾਂ ਨੂੰ ਕਾਂਗਰਸ ਪਾਰਟੀ ਦੇ ਆਉਣ ਵਾਲੇ ਚੋਣ ਮਨੋਰਥ ਪੱਤਰ ਵਿਚ ਵਿਸ਼ੇਸ਼ ਤੌਰ ’ਤੇ ਸ਼ਾਮਲ ਕੀਤਾ ਜਾਵੇ ਅਤੇ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਬਣਨ ਦੀ ਸੂਰਤ ਵਿਚ ਇਨ੍ਹਾਂ ਨੂੰ ਪਹਿਲ ਦੇ ਆਧਾਰ ’ਤੇ ਲਾਗੂ ਕਰਨ ਲਈ ਕਾਨੂੰਨੀ ਗਾਰੰਟੀ ਦਿੱਤੀ ਜਾਵੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਮੀਡੀਆ ਸਕੱਤਰ ਬਲਕਰਨ ਸਿੰਘ ਢਿੱਲੋਂ ਨੇ ਦੱਸਿਆ ਕਿ ਜਥੇਬੰਦੀ ਦੇ ਜ਼ਿਲ੍ਹਾ ਮੀਤ ਪ੍ਰਧਾਨ ਸੁਖਵੰਤ ਸਿੰਘ ਖੋਟੇ, ਜ਼ਿਲ੍ਹਾ ਮੀਤ ਪ੍ਰਧਾਨ ਮੋਦਨ ਸਿੰਘ ਨਿਧਾਂਵਾਲਾ, ਬਲਾਕ ਜਨਰਲ ਸਕੱਤਰ ਬੰਤ ਸਿੰਘ ਨਿਧਾਂਵਾਲਾ, ਜ਼ਿਲ੍ਹਾ ਮੀਤ ਪ੍ਰਧਾਨ ਲਖਬੀਰ ਸਿੰਘ ਸਾਬਕਾ ਸਰਪੰਚ ਸੰਧੂਆਣਾ ਅਤੇ ਜ਼ਿਲ੍ਹਾ ਮੀਤ ਪ੍ਰਧਾਨ ਪ੍ਰੇਮ ਲਾਲ ਪੁਰੀ ਦੌਲਤਪੁਰਾ ਦੀ ਅਗਵਾਈ ਹੇਠ ਵਫ਼ਦ ਨੇ ਚੰਨੀ ਨਾਲ ਮੁਲਾਕਾਤ ਕੀਤੀ। ਉਨ੍ਹਾਂ ਦੱਸਿਆ ਕਿ ਮੰਗ ਪੱਤਰ ਵਿਚ ਪੰਜਾਬ ਸਰਕਾਰ ਵੱਲੋਂ ਖੇਤੀਬਾੜੀ ਨੀਤੀ ਲਾਗੂ ਕਰਨ, ਆਲੂ, ਗੋਭੀ, ਮਟਰ ਅਤੇ ਬਾਸਮਤੀ ਦੀ ਫ਼ਸਲ ਦੀ ਖਰੀਦ ਮਾਰਕਫੈੱਡ ਰਾਹੀਂ ਕਰਵਾਉਣ ਅਤੇ ਇਨ੍ਹਾਂ ਫ਼ਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ਐੱਮਐੱਸਪੀ ਨਿਰਧਾਰਤ ਕਰਕੇ ਸਰਕਾਰੀ ਖਰੀਦ ਦੀ ਕਾਨੂੰਨੀ ਗਾਰੰਟੀ ਦੇਣ ਦੀ ਮੰਗ ਕੀਤੀ ਗਈ ਹੈ। ਇਸ ਤੋਂ ਇਲਾਵਾ ਪੰਜਾਬ ਵਿਧਾਨ ਸਭਾ ਵਿਚ ਅਜਿਹਾ ਕਾਨੂੰਨ ਪਾਸ ਕਰਨ ਦੀ ਮੰਗ ਰੱਖੀ ਗਈ ਹੈ, ਜਿਸ ਤਹਿਤ ਬਾਹਰਲੇ ਸੂਬਿਆਂ ਦਾ ਕੋਈ ਵੀ ਵਿਅਕਤੀ ਪੰਜਾਬ ਵਿਚ ਖੇਤੀਬਾੜੀ ਵਾਲੀ ਜ਼ਮੀਨ ਨਾ ਖ਼ਰੀਦ ਸਕੇ। ਇਸ ਦੇ ਨਾਲ ਹੀ ਸਹਿਕਾਰੀ ਬੈਂਕਾਂ ਅਤੇ ਲੈਂਡ ਮਾਰਗੇਜ ਬੈਂਕਾਂ ਵਿਚ ਕਿਸਾਨਾਂ ਲਈ ਇਕਮੁਸ਼ਤ ਕਰਜ਼ਾ ਨਿਪਟਾਰਾ ਸਕੀਮ ਵਨ ਟਾਈਮ ਸੈਟਲਮੈਂਟ ਲਾਗੂ ਕਰਨ ਦਾ ਮੁੱਦਾ ਵੀ ਮੰਗ ਪੱਤਰ ਵਿਚ ਸ਼ਾਮਲ ਕੀਤਾ ਗਿਆ। ਇਸ ਮੌਕੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਸਾਨ ਆਗੂਆਂ ਨੂੰ ਭਰੋਸਾ ਦਿਵਾਇਆ ਕਿ ਜੇਕਰ ਪੰਜਾਬ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣਦੀ ਹੈ ਤਾਂ ਕਿਸਾਨਾਂ ਦੀਆਂ ਇੰਨ੍ਹਾਂ ਮੰਗਾਂ ’ਤੇ ਪਹਿਲ ਦੇ ਆਧਾਰ ’ਤੇ ਵਿਚਾਰ ਕੀਤਾ ਜਾਵੇਗਾ ਅਤੇ ਇਨ੍ਹਾਂ ਨੂੰ ਪੂਰਾ ਕਰਨ ਲਈ ਲੋੜੀਂਦੇ ਕਦਮ ਚੁੱਕੇ ਜਾਣਗੇ। ਅੰਤ ਵਿੱਚ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਆਗੂਆਂ ਨੇ ਕਿਹਾ ਕਿ ਕਿਸਾਨੀ ਮੰਗਾਂ ਸਿਰਫ਼ ਚੋਣਾਂ ਦੌਰਾਨ ਕੀਤੇ ਜਾਣ ਵਾਲੇ ਵਾਅਦਿਆਂ ਤੱਕ ਸੀਮਤ ਨਹੀਂ ਰਹਿਣੀਆਂ ਚਾਹੀਦੀਆਂ ਸਗੋਂ ਇਨ੍ਹਾਂ ਨੂੰ ਚੋਣ ਮਨੋਰਥ ਪੱਤਰ ਵਿੱਚ ਦਰਜ ਕਰਕੇ ਕਾਨੂੰਨੀ ਗਾਰੰਟੀ ਸਮੇਤ ਅਮਲੀ ਰੂਪ ਦਿੱਤਾ ਜਾਣਾ ਚਾਹੀਦਾ ਹੈ।