- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਿੰਡ ਧੱਲੇਕੇ ਸਥਿਤ ਗੁਰਦੁਆਰਾ

ਵਕੀਲ ਮਹਿਰੋਂ, ਪੰਜਾਬੀ ਜਾਗਰਣ ਮੋਗਾ: ਪਿੰਡ ਧੱਲੇਕੇ ਸਥਿਤ ਗੁਰਦੁਆਰਾ ਸ੍ਰੀ ਸੁੱਖ ਸਾਗਰ ਸਾਹਿਬ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਆਯੋਜਿਤ ਚਾਰ ਰੋਜ਼ਾ ਗੁਰਮਤਿ ਸਿੱਖਿਆ ਅਤੇ ਸੁੰਦਰ ਲਿਖਾਈ ਕੈਂਪ ਦਾ ਸਮਾਪਨ ਧਾਰਮਿਕ ਅਤੇ ਰੂਹਾਨੀ ਮਾਹੌਲ ’ਚ ਹੋਇਆ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਗੁਰਸੇਵਕ ਸਿੰਘ ਵੱਲੋਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਅਰਦਾਸ ਕੀਤੀ ਗਈ ਅਤੇ ਗੁਰੂ ਘਰ ਦੀਆਂ ਬਖ਼ਸ਼ਿਸ਼ਾਂ ਲਈ ਸੰਗਤਾਂ ਦਾ ਧੰਨਵਾਦ ਕੀਤਾ ਗਿਆ। ਕੈਂਪ ਦਾ ਆਯੋਜਨ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪ੍ਰਧਾਨ ਭਾਈ ਗੁਰਪ੍ਰੀਤ ਸਿੰਘ ਦੀ ਅਗਵਾਈ ਹੇਠ ਕੀਤਾ ਗਿਆ, ਜਿਸ ਵਿਚ ਵੱਡੀ ਗਿਣਤੀ ’ਚ ਬੱਚਿਆਂ ਨੇ ਭਾਗ ਲਿਆ। ਕੈਂਪ ਦੌਰਾਨ ਬੱਚਿਆਂ ਨੂੰ ਗੁਰਬਾਣੀ ਨਾਲ ਜੋੜਨ, ਸਿੱਖ ਇਤਿਹਾਸ ਬਾਰੇ ਜਾਣਕਾਰੀ ਦੇਣ ਅਤੇ ਸੁੰਦਰ ਲਿਖਾਈ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਗਿਆ। ਇਸ ਦੇ ਨਾਲ ਹੀ ਬੱਚਿਆਂ ਦੇ ਹੁਨਰ ਨੂੰ ਨਿਖਾਰਨ ਲਈ ਵੱਖ-ਵੱਖ ਮੁਕਾਬਲੇ ਵੀ ਕਰਵਾਏ ਗਏ। ਸੁੰਦਰ ਲਿਖਾਈ ਮੁਕਾਬਲਿਆਂ ਦੌਰਾਨ ਗੁਰਵੀਰ ਸਿੰਘ ਧੱਲੇਕੇ ਸਭ ਦਾ ਧਿਆਨ ਆਪਣੇ ਵੱਲ ਖਿੱਚਣ ’ਚ ਕਾਮਯਾਬ ਰਿਹਾ। ਉਸ ਦੀ ਸੁੰਦਰ ਲਿਖਾਈ, ਮਿਹਨਤ ਅਤੇ ਕਾਬਲੀਅਤ ਦੀ ਸੰਗਤਾਂ ਅਤੇ ਪ੍ਰਬੰਧਕਾਂ ਵੱਲੋਂ ਭਰਪੂਰ ਸ਼ਲਾਘਾ ਕੀਤੀ ਗਈ। ਸਮਾਗਮ ਦੌਰਾਨ ਗੁਰਵੀਰ ਸਿੰਘ ਖ਼ਾਸ ਆਕਰਸ਼ਣ ਦਾ ਕੇਂਦਰ ਬਣਿਆ ਰਿਹਾ। ਇਸ ਮੌਕੇ ਗੱਲਬਾਤ ਕਰਦਿਆਂ ਗੁਰਵੀਰ ਸਿੰਘ ਨੇ ਦੱਸਿਆ ਕਿ ਉਹ ਪਹਿਲਾਂ ਵੀ ਦੋ ਵਾਰ ਲਿਖਾਈ ਅਤੇ ਹੋਰ ਵਿੱਦਿਅਕ ਮੁਕਾਬਲਿਆਂ ’ਚ ਜੇਤੂ ਰਹਿ ਚੁੱਕਾ ਹੈ। ਉਸ ਨੇ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਧਾਰਮਿਕ ਗਤੀਵਿਧੀਆਂ ’ਚ ਭਾਗ ਲੈਣਾ ਉਸ ਨੂੰ ਬਹੁਤ ਪਸੰਦ ਹੈ। ਉਸ ਨੇ ਦੱਸਿਆ ਕਿ ਉਹ ਖੇਡਾਂ ’ਚ ਵੀ ਸਰਗਰਮ ਹੈ ਅਤੇ ਫੁੱਟਬਾਲ ਦਾ ਬਹੁਤ ਵਧੀਆ ਖਿਡਾਰੀ ਹੈ। ਸਕੂਲੀ ਸਿੱਖਿਆ ’ਚ ਵੀ ਉਹ ਹਮੇਸ਼ਾ ਪਹਿਲੀ ਸ਼੍ਰੇਣੀ ’ਚ ਸਫ਼ਲਤਾ ਹਾਸਲ ਕਰਦਾ ਹੈ। ਗੁਰਵੀਰ ਸਿੰਘ ਨੇ ਕਿਹਾ ਕਿ ਮਾਤਾ-ਪਿਤਾ, ਅਧਿਆਪਕਾਂ ਅਤੇ ਗੁਰੂ ਘਰ ਦੀ ਪ੍ਰੇਰਣਾ ਸਦਕਾ ਉਹ ਪੜ੍ਹਾਈ, ਖੇਡਾਂ ਅਤੇ ਧਾਰਮਿਕ ਖੇਤਰ ’ਚ ਅੱਗੇ ਵੱਧਣ ਦਾ ਯਤਨ ਕਰ ਰਿਹਾ ਹੈ। ਉਸ ਨੇ ਦੱਸਿਆ ਕਿ ਉਸ ਨੂੰ ਪੰਜਾਬੀ, ਹਿੰਦੀ ਅਤੇ ਅੰਗਰੇਜ਼ੀ ਤਿੰਨਾਂ ਭਾਸ਼ਾਵਾਂ ਦਾ ਚੰਗਾ ਗਿਆਨ ਹੈ ਅਤੇ ਭਵਿੱਖ ਵਿਚ ਹੋਰ ਉੱਚੀਆਂ ਪ੍ਰਾਪਤੀਆਂ ਹਾਸਲ ਕਰਨ ਲਈ ਲਗਾਤਾਰ ਮਿਹਨਤ ਕਰ ਰਿਹਾ ਹੈ। ਸਮਾਗਮ ਦੇ ਅੰਤ ’ਚ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੈਂਪ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ। ਪ੍ਰਬੰਧਕਾਂ ਨੇ ਕਿਹਾ ਕਿ ਅਜਿਹੇ ਗੁਰਮਤਿ ਅਤੇ ਵਿਦਿਅਕ ਕੈਂਪ ਬੱਚਿਆਂ ਨੂੰ ਗੁਰੂ ਘਰ ਨਾਲ ਜੋੜਨ ਦੇ ਨਾਲ-ਨਾਲ ਉਨ੍ਹਾਂ ਦੇ ਅੰਦਰ ਲੁਕੇ ਹੋਏ ਹੁਨਰ ਨੂੰ ਨਿਖਾਰਨ ਵਿਚ ਵੀ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਨੇ ਭਵਿੱਖ ਵਿਚ ਵੀ ਇਸ ਤਰ੍ਹਾਂ ਦੇ ਕੈਂਪ ਲਗਾਤਾਰ ਕਰਵਾਉਣ ਦਾ ਭਰੋਸਾ ਦਿੱਤਾ ਤਾਂ ਜੋ ਨੌਜਵਾਨ ਪੀੜ੍ਹੀ ਨੂੰ ਚੰਗੇ ਸੰਸਕਾਰਾਂ ਅਤੇ ਸਿੱਖਿਆ ਨਾਲ ਜੋੜਿਆ ਜਾ ਸਕੇ। ਇਸ ਮੌਕੇ ਮਾਸਟਰ ਬੂਟਾ ਸਿੰਘ, ਮਾਸਟਰ ਰਣਜੀਤ ਸਿੰਘ ਸੋਹਲ, ਸੁਰਜੀਤ ਸਿੰਘ ਸੋਹਲ, ਮਾ. ਭੁਪਿੰਦਰ ਸਿੰਘ, ਸੁਖਮੰਦਰ ਕੌਰ ਅਤੇ ਮਾਸਟਰ ਪਵਨਦੀਪ ਸਿੰਘ ਨੇ ਬੱਚਿਆਂ ਨੂੰ ਅੱਖ਼ਰਕਾਰੀ ਦੀ ਕਲਾ ’ਚ ਉਨ੍ਹਾਂ ਜਾਣਕਾਰੀ ਦਿੱਤੀ ਅਤੇ ਕਮੇਟੀ ਮੈਂਬਰ ਗੁਰਜੰਟ ਸਿੰਘ, ਗੁਰਪ੍ਰੀਤ ਸਿੰਘ ਸਾਬਕਾ ਮੈਂਬਰ ਪੰਚਾਇਤ, ਗੁਰਚਰਨ ਸਿੰਘ ਜੋਹਲ, ਅਮਰਿੰਦਰ ਸਿੰਘ, ਈਸ਼ਵਰ ਸਿੰਘ, ਕਰਨਦੀਪ ਸਿੰਘ, ਪਰਮਿੰਦਰ ਸਿੰਘ, ਗੁਰਜੰਟ ਸਿੰਘ, ਰਾਮਾ ਸਿੰਘ ਅਤੇ ਜੋਤ ਸਿੰਘ ਆਦਿ ਹਾਜ਼ਰ ਸਨ।