- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਿੰਡ ਚੰਦ ਪੁਰਾਣਾ ਨਗਰ ਕੀਰਤਨ ਦੌਰਾਨ ਸੰਤ ਗੁਰਦੀਪ ਸਿੰਘ ਪੰਜ ਪਿਆਰਿਆਂ ਨੂੰ ਲੋਈਆਂ ਦੇ ਕੇ ਸਨਮਾਨਿਤ ਕਰਦੇ ਹੋਏ।

ਵਕੀਲ ਮਹਿਰੋਂ, ਪੰਜਾਬੀ ਜਾਗਰਣ, ਮੋਗਾ: ਪਿੰਡ ਚੰਦਪੁਰਾਣਾ ਵਿਖੇ ਸ਼੍ਰੋਮਣੀ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੀ ਪਾਵਨ ਯਾਦ ਨੂੰ ਸਮਰਪਿਤ ਇੱਕ ਵਿਸ਼ਾਲ ਨਗਰ ਕੀਰਤਨ ਬੜੀ ਸ਼ਰਧਾ, ਧਾਰਮਿਕ ਉਤਸ਼ਾਹ ਨਾਲ ਸਜਾਇਆ ਗਿਆ। ਇਹ ਨਗਰ ਕੀਰਤਨ ਗੁਰਦੁਆਰਾ ਸ਼੍ਰੋਮਣੀ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੀ ਪ੍ਰਬੰਧਕ ਕਮੇਟੀ ਵੱਲੋਂ ਸੰਤ ਬਾਬਾ ਗੁਰਦੀਪ ਸਿੰਘ ਜੀ ਚੰਦਪੁਰਾਣਾ ਵਾਲਿਆਂ ਦੇ ਸਹਿਯੋਗ ਨਾਲ ਪੰਜਾਂ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ ਗਿਆ। ਨਗਰ ਕੀਰਤਨ ਦੀ ਸ਼ੁਰੂਆਤ ਗੁਰਦੁਆਰਾ ਸ਼੍ਰੋਮਣੀ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਪਾਵਨ ਅਸਥਾਨ ਤੋਂ ਹੋਈ। ਪੰਜਾਂ ਪਿਆਰਿਆਂ ਦੀ ਅਗਵਾਈ ਹੇਠ ਸਜਿਆ ਇਹ ਨਗਰ ਕੀਰਤਨ ਪਿੰਡ ਦੀਆਂ ਮੁੱਖ ਗਲੀਆਂ ਅਤੇ ਪਰਿਕਰਮਾਵਾਂ ਕਰਦਾ ਹੋਇਆ ਅੱਗੇ ਵਧਿਆ। ਧਾਰਮਿਕ ਜਜ਼ਬੇ ਅਤੇ ਗੁਰਬਾਣੀ ਦੇ ਜਾਪ ਨਾਲ ਪੂਰਾ ਪਿੰਡ ਗੁਰਮਤਿ ਮਾਹੌਲ ਵਿੱਚ ਰੰਗਿਆ ਨਜ਼ਰ ਆਇਆ। ਇਹ ਨਗਰ ਕੀਰਤਨ ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ ਜੀ ਦੇ ਪਾਵਨ ਅਸਥਾਨ ’ਤੇ ਪਹੁੰਚਿਆ, ਜਿੱਥੇ ਵਿਸ਼ੇਸ਼ ਧਾਰਮਿਕ ਸਮਾਗਮ ਆਯੋਜਿਤ ਕੀਤਾ ਗਿਆ। ਇਸ ਮੌਕੇ ਸੰਤ ਬਾਬਾ ਗੁਰਦੀਪ ਸਿੰਘ ਨੇ ਸੰਗਤਾਂ ਨੂੰ ਪ੍ਰਵਚਨ ਕਰਦਿਆਂ ਗੁਰਮਤਿ ਵਿਚਾਰਾਂ ਨਾਲ ਨਿਹਾਲ ਕੀਤਾ। ਇਸ ਮੌਕੇ ਸੰਤ ਬਾਬਾ ਗੁਰਦੀਪ ਸਿੰਘ ਨੇ ਸੰਗਤਾਂ ਨੂੰ ਪ੍ਰਵਚਨ ਕਰਦਿਆਂ ਕਿਹਾ ਕਿ ਸ਼ਹੀਦਾਂ ਦੀ ਯਾਦ ਸਿਰਫ਼ ਸਮਾਗਮਾਂ ਤੱਕ ਸੀਮਿਤ ਨਹੀਂ ਹੋਣੀ ਚਾਹੀਦੀ, ਸਗੋਂ ਉਨ੍ਹਾਂ ਦੇ ਦੱਸੇ ਮਾਰਗ ’ਤੇ ਚੱਲ ਕੇ ਹੀ ਸੱਚੀ ਸ਼ਰਧਾ ਪ੍ਰਗਟ ਹੁੰਦੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਸ਼ਹੀਦ ਬਾਬਾ ਜੀਵਨ ਸਿੰਘ ਜੀ ਵਰਗੇ ਮਹਾਨ ਸ਼ਹੀਦ ਸਾਡੀ ਕੌਮ ਲਈ ਪ੍ਰੇਰਣਾ ਦਾ ਸਰੋਤ ਹਨ ਜਿਨ੍ਹਾਂ ਨੇ ਧਰਮ, ਸੱਚ ਅਤੇ ਕੌਮੀ ਮਰਿਆਦਾ ਦੀ ਰੱਖਿਆ ਲਈ ਆਪਣਾ ਸਭ ਕੁੱਝ ਨਿਛਾਵਰ ਕਰ ਦਿੱਤਾ। ਉਨ੍ਹਾਂ ਸੰਗਤਾਂ ਨੂੰ ਅਪੀਲ ਕਰਦਿਆਂ ਜ਼ੋਰ ਦੇ ਕੇ ਕਿਹਾ ਕਿ ਅੱਜ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ, ਬੁਰਾਈਆਂ ਅਤੇ ਗਲਤ ਰਾਹਾਂ ਤੋਂ ਬਚਾ ਕੇ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲਗਾ ਕੇ ਗੁਰਬਾਣੀ ਅਤੇ ਗੁਰਮਤਿ ਨਾਲ ਜੋੜਨਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ। ਉਨ੍ਹਾਂ ਕਿਹਾ ਕਿ ਅਜਿਹੇ ਨਗਰ ਕੀਰਤਨ ਸਾਡੇ ਮਨਾਂ ਵਿਚ ਸ਼ਹੀਦਾਂ ਪ੍ਰਤੀ ਸ਼ਰਧਾ ਪੈਦਾ ਕਰਦੇ ਹਨ ਅਤੇ ਸਮਾਜ ਨੂੰ ਇਕਤਾ, ਭਾਈਚਾਰੇ ਅਤੇ ਸੇਵਾ ਭਾਵ ਨਾਲ ਜੋੜਦੇ ਹਨ। ਇਸ ਮੌਕੇ ਪ੍ਰਸਿੱਧ ਕੀਰਤਨੀ ਜਥੇ ਭਾਈ ਵੀਰ ਭਾਨ ਮਾਲਵਾ ਵਾਲਿਆਂ ਸਮੇਤ ਹੋਰ ਕੀਰਤਨੀ ਜਥਿਆਂ ਵੱਲੋਂ ਗੁਰਬਾਣੀ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਗੁਰਬਾਣੀ ਦੀਆਂ ਮਧੁਰ ਧੁਨਾਂ ਨਾਲ ਪੂਰਾ ਮਾਹੌਲ ਧਾਰਮਿਕ ਰੰਗ ਵਿਚ ਰੰਗਿਆ ਗਿਆ ਅਤੇ ਸੰਗਤਾਂ ਗੁਰਬਾਣੀ ਵਿਚ ਲੀਨ ਨਜ਼ਰ ਆਈਆਂ। ਇਸ ਨਗਰ ਕੀਰਤਨ ਦੌਰਾਨ ਪਿੰਡ ਚੰਦ ਪੁਰਾਣਾ ਦੇ ਵਸਨੀਕਾਂ ਵੱਲੋਂ ਥਾਂਥਾਂ ’ਤੇ ਚਾਹ, ਜਲਪਾਨ ਅਤੇ ਲੰਗਰਾਂ ਦੀ ਸੇਵਾ ਲਗਾਈ ਗਈ। ਪਿੰਡ ਦੀਆਂ ਬੀਬੀਆਂ, ਭੈਣਾਂ, ਨੌਜਵਾਨਾਂ ਅਤੇ ਸਮੂਹ ਨਗਰ ਨਿਵਾਸੀਆਂ ਨੇ ਵੱਡੀ ਗਿਣਤੀ ਵਿਚ ਹਾਜ਼ਰੀ ਭਰ ਕੇ ਪ੍ਰਬੰਧਕ ਕਮੇਟੀ ਨੂੰ ਭਰਪੂਰ ਸਹਿਯੋਗ ਦਿੱਤਾ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੂਬੇਦਾਰ ਬਲਵਿੰਦਰ ਸਿੰਘ ਸਮੇਤ ਕਮੇਟੀ ਦੇ ਸਾਰੇ ਮੈਂਬਰ, ਸੇਵਾਦਾਰ, ਪੰਜ ਪਿਆਰੇ ਅਤੇ ਇਲਾਕੇ ਦੇ ਮੋਹਤਬਰ ਵਿਅਕਤੀ ਹਾਜ਼ਰ ਰਹੇ। ਇਸ ਮੌਕੇ ਪ੍ਰਬੰਧਕ ਕਮੇਟੀ ਵੱਲੋਂ ਪਹੁੰਚੀਆਂ ਸਮੂਹ ਸੰਗਤਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ। ਅੰਤ ਵਿਚ ਨਗਰ ਕੀਰਤਨ ਸ਼ਾਂਤੀਪੂਰਵਕ ਢੰਗ ਨਾਲ ਸੰਪੰਨ ਹੋਇਆ। ਸੰਗਤਾਂ ਨੇ ਸ਼੍ਰੋਮਣੀ ਸ਼ਹੀਦ ਬਾਬਾ ਜੀਵਨ ਸਿੰਘ ਜੀ ਨੂੰ ਸ਼ਰਧਾ ਸਹਿਤ ਨਮਨ ਕਰਦਿਆਂ ਗੁਰੂ ਗ੍ਰੰਥ ਸਾਹਿਬ ਜੀ ਦੇ ਉਪਦੇਸ਼ਾਂ ’ਤੇ ਚੱਲਣ ਅਤੇ ਸ਼ਹੀਦਾਂ ਦੇ ਦੱਸੇ ਮਾਰਗ ’ਤੇ ਰਹਿਣ ਦਾ ਸੰਕਲਪ ਲਿਆ।