- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਦੇ ਪਾਣੀਆਂ, ਵਾਤਾਵਰਣ ਅਤੇ

ਵਕੀਲ ਮਹਿਰੋਂ ਪੰਜਾਬੀ ਜਾਗਰਣ ਮੋਗਾ : ਪੰਜਾਬ ਦੇ ਪਾਣੀਆਂ, ਵਾਤਾਵਰਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਦੇ ਭਵਿੱਖ ਨੂੰ ਬਚਾਉਣ ਲਈ ਚੱਲ ਰਹੀ ‘ਪਿੰਡ ਬਚਾਓ, ਪੰਜਾਬ ਬਚਾਓ’ ਮੁਹਿੰਮ ਤਹਿਤ 20 ਜੂਨ ਦਿਨ ਸ਼ਨੀਵਾਰ ਨੂੰ ਸਵੇਰੇ 10 ਵਜੇ ਨਛੱਤਰ ਸਿੰਘ ਯਾਦਗਾਰੀ ਹਾਲ ਬੱਸ ਅੱਡਾ ਮੋਗਾ ਵਿਖੇ ਪਾਣੀ ਦੇ ਸੰਕਟ ਤੇ ਵਿਸ਼ਾਲ ਸੈਮੀਨਾਰ ਕਰਵਾਇਆ ਜਾ ਰਿਹਾ ਹੈ। ਇਸ ਸੈਮੀਨਾਰ ਵਿਚ ਪੰਜਾਬ ਦੇ ਪਾਣੀ ਸੰਕਟ, ਦਰਿਆਈ ਪਾਣੀਆਂ ਦੇ ਹੱਕਾਂ, ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਅਤੇ ਵਾਤਾਵਰਣ ਨਾਲ ਜੁੜੇ ਗੰਭੀਰ ਮੁੱਦਿਆਂ ਉੱਤੇ ਵਿਸਥਾਰ ਨਾਲ ਚਰਚਾ ਕੀਤੀ ਜਾਵੇਗੀ। ਇਸ ਸਬੰਧੀ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਦਫ਼ਤਰ ਮੋਗਾ ਵਿਖੇ ਇਕ ਅਹਿਮ ਮੀਟਿੰਗ ਕੀਤੀ ਜਿਸ ਵਿਚ ‘ਪਿੰਡ ਬਚਾਓ, ਪੰਜਾਬ ਬਚਾਓ’ ਮੁਹਿੰਮ ਦੇ ਪ੍ਰਮੁੱਖ ਆਗੂ ਜਥੇਦਾਰ ਗਿਆਨੀ ਕੇਵਲ ਸਿੰਘ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਮੀਟਿੰਗ ਦੌਰਾਨ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਦੌਲਤਪੁਰਾ ਅਤੇ ਸਮੁੱਚੀ ਟੀਮ ਵੱਲੋਂ ਗਿਆਨੀ ਕੇਵਲ ਸਿੰਘ ਦਾ ਨਿੱਘਾ ਸਵਾਗਤ ਕੀਤਾ ਗਿਆ ਅਤੇ ਸੈਮੀਨਾਰ ਦੀਆਂ ਤਿਆਰੀਆਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਭੁਪਿੰਦਰ ਸਿੰਘ ਦੌਲਤਪੁਰਾ ਨੇ ਕਿਹਾ ਕਿ ਪੰਜਾਬ ਅੱਜ ਜਿਸ ਪਾਣੀ ਸੰਕਟ ਦਾ ਸਾਹਮਣਾ ਕਰ ਰਿਹਾ ਹੈ, ਉਹ ਸਿਰਫ਼ ਕਿਸਾਨੀ ਦਾ ਹੀ ਨਹੀਂ ਸਗੋਂ ਸਮੁੱਚੇ ਸਮਾਜ ਅਤੇ ਸੂਬੇ ਦੇ ਭਵਿੱਖ ਦਾ ਸਵਾਲ ਹੈ। ਉਨ੍ਹਾਂ ਕਿਹਾ ਕਿ ‘ਪਿੰਡ ਬਚਾਓ, ਪੰਜਾਬ ਬਚਾਓ’ ਅਤੇ ‘ਪਾਣੀ ਬਚਾਓ’ ਵਰਗੀਆਂ ਮੁਹਿੰਮਾਂ ਨੂੰ ਲੋਕ ਲਹਿਰ ਦਾ ਰੂਪ ਦੇਣ ਦੀ ਲੋੜ ਹੈ। ਜਥੇਦਾਰ ਗਿਆਨੀ ਕੇਵਲ ਸਿੰਘ ਨੇ ਕਿਹਾ ਕਿ ਪੰਜਾਬ ਇਸ ਸਮੇਂ ਇਤਿਹਾਸ ਦੇ ਸਭ ਤੋਂ ਗੰਭੀਰ ਪਾਣੀ ਸੰਕਟ ਵਿਚੋਂ ਲੰਘ ਰਿਹਾ ਹੈ। ਸੂਬੇ ਦੇ ਜ਼ਿਆਦਾਤਰ ਇਲਾਕਿਆਂ ਵਿਚ ਧਰਤੀ ਹੇਠਲਾ ਪਾਣੀ ਤੇਜ਼ੀ ਨਾਲ ਹੇਠਾਂ ਜਾ ਰਿਹਾ ਹੈ, ਜਿਸ ਕਾਰਨ ਖੇਤੀਬਾੜੀ ਦੀ ਲਾਗਤ ਲਗਾਤਾਰ ਵਧ ਰਹੀ ਹੈ ਅਤੇ ਕਿਸਾਨਾਂ ਨੂੰ ਆਰਥਿਕ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਗਿਆਨੀ ਕੇਵਲ ਸਿੰਘ ਨੇ ਕਿਹਾ ਕਿ 20 ਜੂਨ ਨੂੰ ਹੋਣ ਵਾਲਾ ਸੈਮੀਨਾਰ ਸਿਰਫ਼ ਇਕ ਪ੍ਰੋਗਰਾਮ ਨਹੀਂ, ਸਗੋਂ ਪੰਜਾਬ ਦੇ ਭਵਿੱਖ ਨੂੰ ਬਚਾਉਣ ਲਈ ਇਕ ਵੱਡੀ ਜਨ-ਲਹਿਰ ਦਾ ਆਗਾਜ਼ ਹੋਵੇਗਾ। ਇਸ ਮੰਚ ਤੋਂ ਮਾਹਿਰਾਂ, ਕਿਸਾਨ ਆਗੂਆਂ, ਸਮਾਜਿਕ ਕਾਰਕੁਨਾਂ ਅਤੇ ਵਾਤਾਵਰਣ ਪ੍ਰੇਮੀਆਂ ਵੱਲੋਂ ਆਪਣੇ ਵਿਚਾਰ ਸਾਂਝੇ ਕੀਤੇ ਜਾਣਗੇ ਅਤੇ ਪਾਣੀ ਸੰਕਟ ਨਾਲ ਨਜਿੱਠਣ ਲਈ ਠੋਸ ਸੁਝਾਅ ਵੀ ਪੇਸ਼ ਕੀਤੇ ਜਾਣਗੇ। ਮੀਟਿੰਗ ਵਿਚ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਦੌਲਤਪੁਰਾ, ਸਾਬਕਾ ਸਰਪੰਚ ਇਕਬਾਲ ਸਿੰਘ ਗਲੋਟੀ, ਅਨੁਸ਼ਾਸਨੀ ਕਮੇਟੀ ਮੈਂਬਰ ਹਰਜੀਤ ਸਿੰਘ ਮਨਾਵਾਂ, ਡਾ. ਹਰਨੇਕ ਸਿੰਘ ਰੋਡੇ, ਦਰਸ਼ਨ ਸਿੰਘ, ਪ੍ਰਧਾਨ ਸਿੰਘ ਜੱਖੇਪਾਲ, ਦਰਸ਼ਨ ਸਿੰਘ ਧਨੇਠਾ, ਕਰਮਦੀਨ ਮਲੇਰਕੋਟਲਾ, ਰੂਪਿੰਦਰ ਸਿੰਘ ਕੋਕਰੀ ਕਲਾਂ, ਕਰਨੈਨ ਸਿੰਘ ਜੱਖੇਪਾਲ ਸਮੇਤ ਹੋਰ ਪਤਵੰਤੇ ਸੱਜਣ ਅਤੇ ਕਿਸਾਨ ਆਗੂ ਹਾਜ਼ਰ ਸਨ।