- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੀਨੀਅਰ ਅਕਾਲੀ ਆਗੂ ਅਤੇ ਸਰਕਲ

ਗੁਰਦੇਵ ਮਨੇਸ, ਪੰਜਾਬੀ ਜਾਗਰਣ ਕੋਟ ਈਸੇ ਖਾਂ: ਸੀਨੀਅਰ ਅਕਾਲੀ ਆਗੂ ਅਤੇ ਸਰਕਲ ਰਾਮਗੜ੍ਹ ਦੇ ਪ੍ਰਧਾਨ ਚਰਨਜੀਤ ਸਿੰਘ ਨੇ ਹਾੜੀ ਦੀ ਮੁੱਖ ਫਸਲ ਕਣਕ ਦੇ ਭਾਅ ਵਿਚ ਕੀਤੇ ਗਏ ਮਹਿਜ਼ 25 ਪੈਸੇ ਪ੍ਰਤੀ ਕਿੱਲੋ ਦੇ ਵਾਧੇ ਨੂੰ ਕਿਸਾਨਾਂ ਨਾਲ ਕੋਝਾ ਮਜ਼ਾਕ ਕਰਾਰ ਦਿੰਦਿਆਂ ਪੰਜਾਬ ਸਰਕਾਰ ਦੀਆਂ ਕਿਸਾਨ ਪੱਖੀ ਨੀਤੀਆਂ ’ਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਇਕ ਪਾਸੇ ਖੇਤੀਬਾੜੀ ਦੀ ਲਾਗਤ ਲਗਾਤਾਰ ਵਧ ਰਹੀ ਹੈ ਅਤੇ ਦੂਜੇ ਪਾਸੇ ਫਸਲਾਂ ਦੇ ਭਾਅ ਵਿਚ ਮਾਮੂਲੀ ਵਾਧਾ ਕੀਤਾ ਜਾ ਰਿਹਾ ਹੈ, ਜਿਸ ਨਾਲ ਕਿਸਾਨਾਂ ਦੀ ਆਮਦਨ ਵਿਚ ਕੋਈ ਵੱਡਾ ਸੁਧਾਰ ਨਹੀਂ ਹੋ ਸਕਦਾ। ਚਰਨਜੀਤ ਸਿੰਘ ਮੂਸੇਵਾਲਾ ਨੇ ਕਿਹਾ ਕਿ ਅੱਜ ਕਿਸਾਨ ਨੂੰ ਫਸਲ ਪੈਦਾ ਕਰਨ ਲਈ ਪਹਿਲਾਂ ਦੇ ਮੁਕਾਬਲੇ ਕਿਤੇ ਵੱਧ ਖਰਚ ਕਰਨਾ ਪੈਂਦਾ ਹੈ। ਡੀਜ਼ਲ ਦੀਆਂ ਕੀਮਤਾਂ, ਖਾਦਾਂ, ਬੀਜ, ਕੀਟਨਾਸ਼ਕ, ਖੇਤੀ ਮਸ਼ੀਨਰੀ, ਮਜ਼ਦੂਰੀ, ਸਿੰਚਾਈ ਅਤੇ ਹੋਰ ਖੇਤੀਬਾੜੀ ਖ਼ਰਚਿਆਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਇਸ ਦੇ ਮੁਕਾਬਲੇ ਕਣਕ ਦੇ ਭਾਅ ਵਿਚ ਸਿਰਫ਼ 25 ਪੈਸੇ ਪ੍ਰਤੀ ਕਿੱਲੋ ਦਾ ਵਾਧਾ ਕਿਸਾਨਾਂ ਲਈ ਕੋਈ ਵੱਡੀ ਰਾਹਤ ਨਹੀਂ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਕਿਸਾਨਾਂ ਦੀ ਅਸਲ ਲਾਗਤ ਨੂੰ ਧਿਆਨ ਵਿਚ ਰੱਖ ਕੇ ਫਸਲਾਂ ਦੇ ਭਾਅ ਤੈਅ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਆਰਥਿਕਤਾ ਵਿਚ ਕਿਸਾਨਾਂ ਦਾ ਬਹੁਤ ਵੱਡਾ ਯੋਗਦਾਨ ਹੈ ਅਤੇ ਕਿਸਾਨ ਦਿਨ-ਰਾਤ ਮਿਹਨਤ ਕਰਕੇ ਦੇਸ਼ ਦਾ ਅੰਨ ਭੰਡਾਰ ਭਰਨ ਵਿਚ ਆਪਣਾ ਯੋਗਦਾਨ ਪਾਉਂਦੇ ਹਨ। ਇਸ ਦੇ ਬਾਵਜੂਦ ਕਿਸਾਨਾਂ ਨੂੰ ਆਪਣੀ ਮਿਹਨਤ ਦਾ ਢੁੱਕਵਾਂ ਮੁੱਲ ਨਾ ਮਿਲਣਾ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕਿਸਾਨਾਂ ਨੂੰ ਸਿਰਫ਼ ਐਲਾਨਾਂ ਅਤੇ ਵਾਅਦਿਆਂ ਨਾਲ ਸੰਤੁਸ਼ਟ ਨਹੀਂ ਕੀਤਾ ਜਾ ਸਕਦਾ। ਅਕਾਲੀ ਆਗੂ ਨੇ ਪੰਜਾਬ ਸਰਕਾਰ ’ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਆਪਣੇ ਰਾਜਕਾਲ ਦੌਰਾਨ ਸਰਕਾਰ ਨੇ ਕਿਸਾਨਾਂ ਦੀ ਕਿਸੇ ਵੀ ਫਸਲ ’ਤੇ ਬੋਨਸ ਦੇਣ ਲਈ ਠੋਸ ਕਦਮ ਨਹੀਂ ਚੁੱਕਿਆ। ਉਨ੍ਹਾਂ ਕਿਹਾ ਕਿ ਕਿਸਾਨਾਂ ਨਾਲ ਵੱਡੇ-ਵੱਡੇ ਵਾਅਦੇ ਕਰਕੇ ਸੱਤਾ ਵਿਚ ਆਈ ਸਰਕਾਰ ਹੁਣ ਉਨ੍ਹਾਂ ਦੀਆਂ ਮੁੱਖ ਮੰਗਾਂ ਤੋਂ ਅੱਖਾਂ ਨਹੀਂ ਮੋੜ ਸਕਦੀ। ਉਨ੍ਹਾਂ ਦਾਅਵਾ ਕੀਤਾ ਕਿ ਕਿਸਾਨਾਂ ਨੂੰ ਫਸਲਾਂ ’ਤੇ ਬੋਨਸ ਦੇਣ ਅਤੇ ਖੇਤੀ ਲਾਗਤ ਘਟਾਉਣ ਲਈ ਵਿਸ਼ੇਸ਼ ਨੀਤੀ ਬਣਾਉਣ ਦੀ ਲੋੜ ਹੈ। ਚਰਨਜੀਤ ਸਿੰਘ ਮੂਸੇ ਵਾਲ ਨੇ ਕਿਹਾ ਕਿ ਜੇਕਰ ਸਰਕਾਰ ਸੱਚਮੁੱਚ ਕਿਸਾਨ ਹਿਤੈਸ਼ੀ ਹੈ ਤਾਂ ਉਸ ਨੂੰ ਫਸਲਾਂ ਦੇ ਲਾਹੇਵੰਦ ਭਾਅ ਯਕੀਨੀ ਬਣਾਉਣ ਦੇ ਨਾਲ-ਨਾਲ ਕਿਸਾਨਾਂ ਨੂੰ ਬੋਨਸ, ਖਾਦਾਂ ਦੀ ਸਮੇਂ ਸਿਰ ਉੱਪਲਬਧਤਾ, ਸਸਤੀ ਬਿਜਲੀ ਅਤੇ ਡੀਜ਼ਲ ਸਮੇਤ ਖੇਤੀ ਲਾਗਤਾਂ ਘਟਾਉਣ ਵੱਲ ਵੀ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਕਿਸਾਨਾਂ ਦੀਆਂ ਜ਼ਮੀਨੀ ਹਕੀਕਤਾਂ ਨੂੰ ਸਮਝਦਿਆਂ ਕਣਕ ਸਮੇਤ ਸਾਰੀਆਂ ਫਸਲਾਂ ਦੇ ਭਾਅ ਵਿਚ ਵਾਜਬ ਵਾਧਾ ਕੀਤਾ ਜਾਵੇ ਅਤੇ ਕਿਸਾਨਾਂ ਨੂੰ ਬੋਨਸ ਦੇਣ ਦਾ ਪ੍ਰਬੰਧ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਆਰਥਿਕ ਮਜ਼ਬੂਤੀ ਤੋਂ ਬਿਨ੍ਹਾਂ ਪੰਜਾਬ ਦੀ ਖੁਸ਼ਹਾਲੀ ਦੀ ਕਲਪਨਾ ਨਹੀਂ ਕੀਤੀ ਜਾ ਸਕਦੀ।