ਧਰਮਕੋਟ ’ਚ ਅਕਾਲੀ ਦਲ ਦੇ ਐੱਸਸੀ ਵਿੰਗ ਦੀ ਮੀਟਿੰਗ, ਵੱਡੀ ਗਿਣਤੀ ’ਚ ਜੁੜੇ ਆਗੂ ਤੇ ਵਰਕਰ ਸ਼੍ਰੋਮਣੀ ਅਕਾਲੀ ਦਲ ਦੇ ਐੱਸਸੀ ਵਿੰਗ
Publish Date: Wed, 28 Oct 2026 05:40 PM (IST)
Updated Date: Thu, 29 Oct 2026 04:02 AM (IST)
ਗੁਲਜ਼ਾਰ ਸਿੰਘ ਰਣੀਕੇ ਨੇ ਪਾਰਟੀ ਦੀ ਮਜ਼ਬੂਤੀ ਲਈ ਵਰਕਰਾਂ ਨਾਲ ਕੀਤਾ ਵਿਚਾਰ-ਵਟਾਂਦਰਾ ਗੁਰਦੇਵ ਮਨੇਸ, ਪੰਜਾਬੀ ਜਾਗਰਣ, ਕੋਟ ਈਸੇ ਖਾਂ : ਸ਼੍ਰੋਮਣੀ ਅਕਾਲੀ ਦਲ ਦੇ ਐੱਸਸੀ ਵਿੰਗ ਹਲਕਾ ਧਰਮਕੋਟ ਦੀ ਅਹਿਮ ਮੀਟਿੰਗ ਹਲਕਾ ਪ੍ਰਧਾਨ ਸੁਰਜੀਤ ਸਿੰਘ ਲੋਹਾਰਾ ਦੀ ਅਗਵਾਈ ਹੇਠ ਲਾਲਾ ਗੋਪੀ ਮੱਲ ਸਰਾਂ, ਧਰਮਕੋਟ ਵਿਖੇ ਹੋਈ। ਮੀਟਿੰਗ ਵਿਚ ਐੱਸਸੀ ਵਿੰਗ ਦੇ ਕੌਮੀ ਪ੍ਰਧਾਨ ਅਤੇ ਸਾਬਕਾ ਕੈਬਨਿਟ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਹਲਕੇ ਦੇ ਵੱਖ-ਵੱਖ ਸਰਕਲਾਂ ਤੋਂ ਆਗੂਆਂ ਅਤੇ ਵਰਕਰਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਦਿਆਂ ਪਾਰਟੀ ਦੀਆਂ ਗਤੀਵਿਧੀਆਂ ਅਤੇ ਜਥੇਬੰਦਕ ਮਾਮਲਿਆਂ ਬਾਰੇ ਵਿਚਾਰ ਸਾਂਝੇ ਕੀਤੇ। ਮੀਟਿੰਗ ਨੂੰ ਸੰਬੋਧਨ ਕਰਦਿਆਂ ਗੁਲਜ਼ਾਰ ਸਿੰਘ ਰਣੀਕੇ ਨੇ ਪੰਜਾਬ ਵਿਚ ਨਸ਼ਿਆਂ ਦੀ ਸਮੱਸਿਆ ਅਤੇ ਕਾਨੂੰਨ ਵਿਵਸਥਾ ਦੀ ਸਥਿਤੀ ਬਾਰੇ ਆਪਣੇ ਵਿਚਾਰ ਪੇਸ਼ ਕੀਤੇ। ਉਨ੍ਹਾਂ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀਆਂ ਸਰਕਾਰਾਂ ਦੌਰਾਨ ਕਰਵਾਏ ਗਏ ਵਿਕਾਸ ਕਾਰਜਾਂ ਦਾ ਜ਼ਿਕਰ ਕਰਦਿਆਂ ਪਾਰਟੀ ਦੀਆਂ ਨੀਤੀਆਂ ਅਤੇ ਗਤੀਵਿਧੀਆਂ ਸਬੰਧੀ ਵਰਕਰਾਂ ਨਾਲ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਐੱਸਸੀ ਵਿੰਗ ਮਾਲਵਾ ਦੇ ਪ੍ਰਧਾਨ ਰਜਵਿੰਦਰ ਸਿੰਘ ਨਿਹਾਲ ਸਿੰਘ ਵਾਲਾ, ਜ਼ਿਲ੍ਹਾ ਪ੍ਰਧਾਨ ਰਣਧੀਰ ਸਿੰਘ ਧਰਾਜ ਅਤੇ ਹਲਕਾ ਧਰਮਕੋਟ ਦੇ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ। ਬਰਜਿੰਦਰ ਸਿੰਘ ਮੱਖਣ ਬਰਾੜ ਨੇ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਉਨ੍ਹਾਂ ਦੇ ਸਵਰਗਵਾਸੀ ਪਿਤਾ ਜਥੇਦਾਰ ਤੋਤਾ ਸਿੰਘ ਵੱਲੋਂ ਹਲਕਾ ਧਰਮਕੋਟ ਵਿੱਚ ਕਰਵਾਏ ਗਏ ਵਿਕਾਸ ਕਾਰਜਾਂ ਦਾ ਜ਼ਿਕਰ ਕੀਤਾ। ਉਨ੍ਹਾਂ ਨੇ ਪਾਰਟੀ ਵਰਕਰਾਂ ਨੂੰ ਜਥੇਬੰਦੀ ਦੀ ਮਜ਼ਬੂਤੀ ਲਈ ਇਕਜੁੱਟ ਹੋ ਕੇ ਕੰਮ ਕਰਨ ਅਤੇ ਪਾਰਟੀ ਦੀਆਂ ਗਤੀਵਿਧੀਆਂ ਵਿੱਚ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ। ਮੀਟਿੰਗ ਦੇ ਅੰਤ ਵਿਚ ਐੱਸਸੀ ਵਿੰਗ ਹਲਕਾ ਧਰਮਕੋਟ ਦੇ ਪ੍ਰਧਾਨ ਸੁਰਜੀਤ ਸਿੰਘ ਲੋਹਾਰਾ ਨੇ ਸਮੂਹ ਸਰਕਲ ਪ੍ਰਧਾਨਾਂ, ਆਗੂਆਂ ਅਤੇ ਵਰਕਰਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਰੁਝੇਵਿਆਂ ਦੇ ਬਾਵਜੂਦ ਵਰਕਰਾਂ ਨੇ ਮੀਟਿੰਗ ਵਿਚ ਪਹੁੰਚ ਕੇ ਆਪਣੀ ਜ਼ਿੰਮੇਵਾਰੀ ਨਿਭਾਈ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਆਉਣ ਵਾਲੇ ਸਮੇਂ ਵਿਚ ਐੱਸਸੀ ਵਿੰਗ ਦੇ ਆਗੂ ਅਤੇ ਵਰਕਰ ਬਰਜਿੰਦਰ ਸਿੰਘ ਮੱਖਣ ਬਰਾੜ ਦੀ ਜਿੱਤ ਲਈ ਅਹਿਮ ਭੂਮਿਕਾ ਨਿਭਾਉਣਗੇ ਅਤੇ ਪਾਰਟੀ ਨੂੰ ਹਲਕੇ ਵਿਚ ਹੋਰ ਮਜ਼ਬੂਤ ਕਰਨ ਲਈ ਮਿਲ ਕੇ ਕੰਮ ਕਰਨਗੇ।