ਕਬਾੜ ਦੇ ਗੋਦਾਮ ਨੂੰ ਲੱਗੀ ਭਿਆਨਕ ਅੱਗ, ਲੱਖਾਂ ਦਾ ਸਾਮਾਨ ਸਵਾਹ ਸ਼ਹਿਰ ਦੇ ਪੌਸ਼ ਇਲਾਕੇ ਧਰਮ ਸਿੰਘ
Publish Date: Thu, 12 Nov 2026 04:43 PM (IST)
Updated Date: Thu, 12 Nov 2026 04:45 PM (IST)
ਫਾਇਰ ਬ੍ਰਿਗੇਡ ਨੇ ਭਾਰੀ ਜੱਦੋਜਹਿਦ ਮਗਰੋਂ ਅੱਗ ’ਤੇ ਕਾਬੂ ਪਾਇਆ ਵਕੀਲ ਮਹਿਰੋਂ, ਪੰਜਾਬੀ ਜਾਗਰਣ ਮੋਗਾ: ਸ਼ਹਿਰ ਦੇ ਪੌਸ਼ ਇਲਾਕੇ ਧਰਮ ਸਿੰਘ ਨਗਰ ਵਿਚ ਦੇਰ ਸ਼ਾਮ ਉਸ ਸਮੇਂ ਦਹਿਸ਼ਤ ਅਤੇ ਸਹਿਮ ਦਾ ਮਾਹੌਲ ਬਣ ਗਿਆ, ਜਦੋਂ ਮੁਹੱਲੇ ਦੇ ਅੰਦਰ ਸਥਿਤ ਕਬਾੜ ਦੇ ਇਕ ਗੋਦਾਮ ਨੂੰ ਅਚਾਨਕ ਭਿਆਨਕ ਅੱਗ ਲੱਗ ਗਈ। ਅੱਗ ਨੇ ਕੁੱਝ ਹੀ ਸਮੇਂ ਵਿਚ ਇੰਨਾ ਭਿਆਨਕ ਰੂਪ ਧਾਰ ਲਿਆ ਕਿ ਗੋਦਾਮ ਵਿਚ ਪਿਆ ਲੱਖਾਂ ਰੁਪਏ ਦਾ ਕਬਾੜ ਸੜ ਕੇ ਸੁਆਹ ਹੋ ਗਿਆ। ਗੋਦਾਮ ਵਿਚ ਵੱਡੀ ਮਾਤਰਾ ਵਿਚ ਪਲਾਸਟਿਕ ਅਤੇ ਹੋਰ ਜਲਣਸ਼ੀਲ ਸਮੱਗਰੀ ਪਈ ਹੋਣ ਕਾਰਨ ਅੱਗ ਤੇਜ਼ੀ ਨਾਲ ਫੈਲਦੀ ਗਈ ਅਤੇ ਧੂੰਏਂ ਦੇ ਕਾਲੇ ਤੇ ਸੰਘਣੇ ਗੁਬਾਰ ਆਸਮਾਨ ਵੱਲ ਉੱਠਣ ਲੱਗੇ। ਧੂੰਏਂ ਦੇ ਗੁਬਾਰ ਦੂਰੋਂ ਹੀ ਦਿਖਾਈ ਦੇਣ ਕਾਰਨ ਇਲਾਕੇ ਦੇ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਹੋ ਗਿਆ ਅਤੇ ਲੋਕ ਆਪਣੇ ਘਰਾਂ ਤੋਂ ਬਾਹਰ ਨਿਕਲ ਕੇ ਘਟਨਾ ਸਥਾਨ ਵੱਲ ਦੇਖਣ ਲੱਗੇ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਮੁਹੱਲਾ ਵਾਸੀਆਂ ਵੱਲੋਂ ਤੁਰੰਤ ਫਾਇਰ ਬ੍ਰਿਗੇਡ ਵਿਭਾਗ ਨੂੰ ਸੂਚਿਤ ਕੀਤਾ ਗਿਆ। ਸੂਚਨਾ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਬਿਨ੍ਹਾਂ ਦੇਰੀ ਕੀਤੇ ਮੌਕੇ ’ਤੇ ਪਹੁੰਚ ਗਈਆਂ ਅਤੇ ਅੱਗ ਬੁਝਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ। ਅੱਗ ਦੀ ਤੀਬਰਤਾ ਅਤੇ ਗੋਦਾਮ ਵਿੱਚ ਪਈ ਜਲਣਸ਼ੀਲ ਸਮੱਗਰੀ ਕਾਰਨ ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੂੰ ਅੱਗ ’ਤੇ ਕਾਬੂ ਪਾਉਣ ਲਈ ਕਾਫ਼ੀ ਜੱਦੋ-ਜਹਿਦ ਕਰਨੀ ਪਈ। ਅੱਗ ਲਗਾਤਾਰ ਫੈਲਣ ਕਾਰਨ ਇਸ ਨੂੰ ਨੇੜਲੇ ਮਕਾਨਾਂ ਅਤੇ ਉੱਥੇ ਖੜ੍ਹੇ ਵਾਹਨਾਂ ਤੱਕ ਪਹੁੰਚਣ ਤੋਂ ਰੋਕਣਾ ਵੀ ਵੱਡੀ ਚੁਣੌਤੀ ਬਣਿਆ ਹੋਇਆ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਫਾਇਰ ਬ੍ਰਿਗੇਡ ਅਧਿਕਾਰੀ ਅਰਵਿੰਦਰ ਸਿੰਘ ਨੇ ਦੱਸਿਆ ਕਿ ਜਿਵੇਂ ਹੀ ਵਿਭਾਗ ਨੂੰ ਕਬਾੜ ਦੇ ਗੋਦਾਮ ਵਿਚ ਅੱਗ ਲੱਗਣ ਦੀ ਸੂਚਨਾ ਮਿਲੀ ਤਾਂ ਟੀਮ ਤੁਰੰਤ ਮੌਕੇ ’ਤੇ ਪਹੁੰਚ ਗਈ ਸੀ। ਉਨ੍ਹਾਂ ਦੱਸਿਆ ਕਿ ਗੋਦਾਮ ਵਿਚ ਕਬਾੜ ਦੇ ਨਾਲ ਪਲਾਸਟਿਕ ਅਤੇ ਹੋਰ ਜਲਣਸ਼ੀਲ ਸਮੱਗਰੀ ਵੱਡੀ ਮਾਤਰਾ ਵਿਚ ਪਈ ਹੋਈ ਸੀ, ਜਿਸ ਕਾਰਨ ਅੱਗ ਨੇ ਤੇਜ਼ੀ ਨਾਲ ਭਿਆਨਕ ਰੂਪ ਧਾਰ ਲਿਆ ਅਤੇ ਬਹੁਤ ਜ਼ਿਆਦਾ ਧੂੰਆਂ ਉੱਠਣ ਲੱਗਾ। ਉਨ੍ਹਾਂ ਦੱਸਿਆ ਕਿ ਟੀਮ ਦੀਆਂ ਲਗਾਤਾਰ ਕੋਸ਼ਿਸ਼ਾਂ ਸਦਕਾ ਅੱਗ ’ਤੇ ਕਾਬੂ ਪਾ ਲਿਆ ਗਿਆ ਅਤੇ ਆਲੇ-ਦੁਆਲੇ ਦੇ ਇਲਾਕੇ ਨੂੰ ਵੱਡੇ ਨੁਕਸਾਨ ਤੋਂ ਬਚਾ ਲਿਆ ਗਿਆ। ਫਿਲਹਾਲ ਅੱਗ ਕਾਰਨ ਹੋਏ ਕੁੱਲ ਵਿੱਤੀ ਨੁਕਸਾਨ ਦਾ ਸਹੀ ਅੰਦਾਜ਼ਾ ਨਹੀਂ ਲਗਾਇਆ ਜਾ ਸਕਿਆ। ਇਸ ਘਟਨਾ ਨੇ ਇਕ ਵਾਰ ਫਿਰ ਰਿਹਾਇਸ਼ੀ ਇਲਾਕਿਆਂ ਵਿਚ ਕਬਾੜ ਦੇ ਗੋਦਾਮਾਂ ਅਤੇ ਜਲਣਸ਼ੀਲ ਸਮੱਗਰੀ ਦੇ ਭੰਡਾਰਨ ਨੂੰ ਲੈ ਕੇ ਕਈ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਲੋਕਾਂ ਦਾ ਕਹਿਣਾ ਹੈ ਕਿ ਰਿਹਾਇਸ਼ੀ ਇਲਾਕਿਆਂ ਦੇ ਅੰਦਰ ਇਸ ਤਰ੍ਹਾਂ ਕਬਾੜ ਅਤੇ ਪਲਾਸਟਿਕ ਦੇ ਵੱਡੇ ਢੇਰ ਇਕੱਠੇ ਕਰਨਾ ਕਿਸੇ ਵੀ ਸਮੇਂ ਵੱਡੇ ਹਾਦਸੇ ਦਾ ਕਾਰਨ ਬਣ ਸਕਦਾ ਹੈ। ਖ਼ਾਸ ਕਰਕੇ ਜਿੱਥੇ ਘਰਾਂ ਦੇ ਨੇੜੇ ਅਜਿਹੀ ਸਮੱਗਰੀ ਰੱਖੀ ਜਾਂਦੀ ਹੈ, ਉੱਥੇ ਅੱਗ ਲੱਗਣ ਦੀ ਸਥਿਤੀ ਵਿਚ ਜਾਨੀ ਅਤੇ ਮਾਲੀ ਨੁਕਸਾਨ ਦਾ ਖ਼ਤਰਾ ਕਈ ਗੁਣਾ ਵਧ ਜਾਂਦਾ ਹੈ। ਇਸ ਘਟਨਾ ਤੋਂ ਬਾਅਦ ਇਲਾਕਾ ਵਾਸੀਆਂ ਵਿਚ ਇਹ ਮੰਗ ਉੱਠ ਰਹੀ ਹੈ ਕਿ ਪ੍ਰਸ਼ਾਸਨ ਵੱਲੋਂ ਸ਼ਹਿਰ ਦੇ ਰਿਹਾਇਸ਼ੀ ਇਲਾਕਿਆਂ ਵਿਚ ਚੱਲ ਰਹੇ ਕਬਾੜ ਦੇ ਗੋਦਾਮਾਂ ਦੀ ਜਾਂਚ ਕਰਵਾਈ ਜਾਵੇ ਅਤੇ ਅੱਗ ਤੋਂ ਬਚਾਅ ਲਈ ਲੋੜੀਂਦੇ ਸੁਰੱਖਿਆ ਪ੍ਰਬੰਧ ਯਕੀਨੀ ਬਣਾਏ ਜਾਣ ਤਾਂ ਜੋ ਭਵਿੱਖ ਵਿੱਚ ਅਜਿਹੀ ਘਟਨਾ ਕਿਸੇ ਵੱਡੇ ਜਾਨੀ ਨੁਕਸਾਨ ਦਾ ਕਾਰਨ ਨਾ ਬਣੇ।