- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੁਰਾਣੀ ਪੈਨਸ਼ਨ ਬਹਾਲੀ ਸਾਂਝਾ

ਵਕੀਲ ਮਹਿਰੋਂ, ਪੰਜਾਬੀ ਜਾਗਰਣ ਮੋਗਾ: ਪੁਰਾਣੀ ਪੈਨਸ਼ਨ ਬਹਾਲੀ ਸਾਂਝਾ ਮੰਚ ਪੰਜਾਬ ਵੱਲੋਂ ਪੁਰਾਣੀ ਪੈਨਸ਼ਨ ਸਕੀਮ ਓਪੀਐੱਸ ਦੀ ਮੁਕੰਮਲ ਬਹਾਲੀ ਦੀ ਮੰਗ ਨੂੰ ਲੈ ਕੇ ਮਿਤੀ 29 ਨਵੰਬਰ 2026 ਦਿਨ ਐਤਵਾਰ ਨੂੰ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਦੀ ਸੁਨਾਮ ਸਥਿਤ ਰਿਹਾਇਸ਼ ਦੇ ਬਾਹਰ ਇਕ ਵਿਸ਼ਾਲ ਰੋਸ ਰੈਲੀ ਕੀਤੀ ਜਾ ਰਹੀ ਹੈ। ਇਸ ਮੌਕੇ ਆਗੂ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਰੈਲੀ ਵਿਚ ਪੰਜਾਬ ਦੇ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸਾਲ 2004 ਤੋਂ ਬਾਅਦ ਭਰਤੀ ਹੋਏ ਮੁਲਾਜ਼ਮ ਵੱਡੀ ਗਿਣਤੀ ’ਚ ਸ਼ਮੂਲੀਅਤ ਕਰਨਗੇ। ਸਾਂਝਾ ਮੰਚ ਦੇ ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਵਿਚ ਸੱਤਾ ਸੰਭਾਲਣ ਤੋਂ ਪਹਿਲਾਂ ਮੁਲਾਜ਼ਮਾਂ ਨਾਲ ਵਾਅਦਾ ਕੀਤਾ ਸੀ ਕਿ ਸਰਕਾਰ ਬਣਨ ਉਪਰੰਤ ਪਹਿਲੀ ਕੈਬਨਿਟ ਮੀਟਿੰਗ ਵਿਚ ਹੀ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰ ਦਿੱਤੀ ਜਾਵੇਗੀ ਪਰ ਸਰਕਾਰ ਵੱਲੋਂ ਸੱਤਾ ਵਿਚ ਆਉਣ ਤੋਂ ਬਾਅਦ ਪੁਰਾਣੀ ਪੈਨਸ਼ਨ ਸਬੰਧੀ ਇਕ ਅਧੂਰਾ ਨੋਟੀਫਿਕੇਸ਼ਨ ਜਾਰੀ ਕਰਕੇ ਆਪਣੀ ਜ਼ਿੰਮੇਵਾਰੀ ਤੋਂ ਪੱਲਾ ਝਾੜ ਲਿਆ ਗਿਆ ਹੈ। ਅੱਜ ਤੱਕ ਇਸ ਸਕੀਮ ਨੂੰ ਅਮਲੀ ਰੂਪ ਵਿਚ ਲਾਗੂ ਕਰਨ ਲਈ ਲੋੜੀਂਦੀ ਐੱਸਓਪੀ ਜਾਰੀ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਇਸ ਨੀਤੀ ਕਾਰਨ 2004 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਵਿਚ ਭਾਰੀ ਨਿਰਾਸ਼ਾ ਅਤੇ ਰੋਸ ਪਾਇਆ ਜਾ ਰਿਹਾ ਹੈ। ਆਗੂਆਂ ਨੇ ਕਿਹਾ ਕਿ ਪੁਰਾਣੀ ਪੈਨਸ਼ਨ ਕੋਈ ਖੈਰਾਤ ਨਹੀਂ, ਸਗੋਂ ਮੁਲਾਜ਼ਮਾਂ ਦਾ ਜਾਇਜ਼ ਹੱਕ ਹੈ। ਸਾਂਝਾ ਮੰਚ ਵੱਲੋਂ ਪੰਜਾਬ ਦੇ ਸਮੂਹ ਮੁਲਾਜ਼ਮਾਂ, ਪੈਨਸ਼ਨਰਾਂ, ਵੱਖ-ਵੱਖ ਵਿਭਾਗਾਂ ਦੀਆਂ ਮੁਲਾਜ਼ਮ ਜਥੇਬੰਦੀਆਂ ਅਤੇ ਖ਼ਾਸ ਕਰਕੇ 2004 ਤੋਂ ਬਾਅਦ ਭਰਤੀ ਹੋਏ ਮੁਲਾਜ਼ਮ ਸਾਥੀਆਂ ਨੂੰ ਪੁਰਜ਼ੋਰ ਅਪੀਲ ਕੀਤੀ ਗਈ ਹੈ ਕਿ ਉਹ 29 ਨਵੰਬਰ ਨੂੰ ਸੁਨਾਮ ਵਿਖੇ ਹੋਣ ਵਾਲੀ ਇਸ ਵਿਸ਼ਾਲ ਰੋਸ ਰੈਲੀ ਵਿੱਚ ਵੱਧ ਤੋਂ ਵੱਧ ਗਿਣਤੀ ਵਿਚ ਪਹੁੰਚਣ। ਆਗੂਆਂ ਨੇ ਕਿਹਾ ਕਿ ਸਮੇਂ ਦੀ ਲੋੜ ਹੈ ਕਿ ਸਮੂਹ ਮੁਲਾਜ਼ਮ ਜਥੇਬੰਦੀਆਂ ਆਪਣੇ ਨਿੱਜੀ ਅਤੇ ਜਥੇਬੰਦਕ ਮਤਭੇਦਾਂ ਤੋਂ ਉੱਪਰ ਉੱਠ ਕੇ ਪੁਰਾਣੀ ਪੈਨਸ਼ਨ ਦੀ ਬਹਾਲੀ ਲਈ ਇਕਜੁੱਟ ਹੋਣ ਤਾਂ ਜੋ ਸਰਕਾਰ ਨੂੰ ਆਪਣੇ ਕੀਤੇ ਵਾਅਦੇ ਪੂਰੇ ਕਰਨ ਲਈ ਮਜ਼ਬੂਰ ਕੀਤਾ ਜਾ ਸਕੇ। ਪੁਰਾਣੀ ਪੈਨਸ਼ਨ ਬਹਾਲ ਕਰਵਾਉਣ ਲਈ ਸੰਘਰਸ਼ ਨੂੰ ਹੋਰ ਤੇਜ਼ ਕਰਨ ਦੇ ਮਕਸਦ ਨਾਲ ਸਾਂਝਾ ਮੰਚ ਨੇ ਸਮੂਹ ਮੁਲਾਜ਼ਮ ਵਰਗ ਨੂੰ ਸੁਨਾਮ ਰੈਲੀ ’ਚ ਵੱਡੇ ਜਥਿਆਂ ਸਮੇਤ ਪਹੁੰਚਣ ਦਾ ਸੱਦਾ ਦਿੱਤਾ ਹੈ।