ਫਾਸ਼ੀਵਾਦੀ ਹਮਲਿਆਂ ਵਿਰੋਧੀ ਫਰੰਟ ਦੀ ਮੀਟਿੰਗ ਹੋਈ
ਸ਼ਹੀਦ ਕਾਮਰੇਡ ਨਛੱਤਰ ਸਿੰਘ
Publish Date: Thu, 11 Jun 2026 04:39 PM (IST)
Updated Date: Fri, 12 Jun 2026 04:06 AM (IST)

ਵਕੀਲ ਮਹਿਰੋਂ, ਪੰਜਾਬੀ ਜਾਗਰਣ ਮੋਗਾ: ਸ਼ਹੀਦ ਕਾਮਰੇਡ ਨਛੱਤਰ ਸਿੰਘ ਧਾਲੀਵਾਲ ਭਵਨ, ਮੋਗਾ ਵਿਖੇ ਫਾਸ਼ੀਵਾਦੀ ਹਮਲਿਆਂ ਵਿਰੋਧੀ ਫਰੰਟ ਮੋਗਾ ਦੀ ਇਕ ਅਹਿਮ ਮੀਟਿੰਗ ਹੋਈ। ਮੀਟਿੰਗ ਦੀ ਪ੍ਰਧਾਨਗੀ ਭਾਰਤੀ ਕਮਿਊਨਿਸਟ ਪਾਰਟੀ ਦੇ ਜ਼ਿਲ੍ਹਾ ਸਕੱਤਰ ਕਾਮਰੇਡ ਕੁਲਦੀਪ ਸਿੰਘ ਭੋਲਾ ਨੇ ਕੀਤੀ। ਇਸ ਮੌਕੇ ਵੱਖ-ਵੱਖ ਜਨਤਕ ਅਤੇ ਜਮਹੂਰੀ ਜਥੇਬੰਦੀਆਂ ਦੇ ਆਗੂਆਂ ਨੇ ਸ਼ਿਰਕਤ ਕਰਦਿਆਂ ਪੰਜਾਬ ਅਤੇ ਦੇਸ਼ ਦੇ ਮੌਜੂਦਾ ਸਮਾਜਿਕ-ਰਾਜਨੀਤਿਕ ਹਾਲਾਤਾਂ ਉੱਤੇ ਗੰਭੀਰ ਚਰਚਾ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਭਾਰਤੀ ਕਮਿਊਨਿਸਟ ਪਾਰਟੀ ਮਾਰਕਸਵਾਦੀ ਲੈਨਿਨਵਾਦੀ ਨਿਊ ਡੈਮੋਕਰੇਸੀ ਦੇ ਸੂਬਾਈ ਆਗੂ ਕਾਮਰੇਡ ਨਿਰਭੈ ਸਿੰਘ ਢੁੱਡੀਕੇ ਨੇ ‘ਫਾਸ਼ੀਵਾਦੀ ਹਮਲਿਆਂ ਵਿਰੋਧੀ ਫਰੰਟ ਪੰਜਾਬ’ ਦੇ ਤਾਜ਼ਾ ਫ਼ੈਸਲਿਆਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਹੋਂਦ, ਹੱਕਾਂ ਅਤੇ ਜ਼ਮਹੂਰੀ ਅਧਿਕਾਰਾਂ ਨੂੰ ਲੈ ਕੇ ਪੈਦਾ ਹੋ ਰਹੀਆਂ ਗੰਭੀਰ ਚੁਣੌਤੀਆਂ ਦੇ ਮੱਦੇਨਜ਼ਰ 22 ਜੂਨ ਨੂੰ ਸੂਬੇ ਭਰ ਵਿਚ ਵੱਡੇ ਪੱਧਰ ’ਤੇ ਰੋਸ ਮੁਜ਼ਾਹਰੇ ਕੀਤੇ ਜਾਣਗੇ। ਆਗੂਆਂ ਨੇ ਕਿਹਾ ਕਿ ਸੰਘੀ ਢਾਂਚੇ ਦੀ ਰੱਖਿਆ ਲਈ ਰਾਜਾਂ ਦੇ ਅਧਿਕਾਰਾਂ ਵਿਚ ਦਖ਼ਲਅੰਦਾਜ਼ੀ ਬੰਦ ਹੋਣੀ ਚਾਹੀਦੀ ਹੈ। ਮਨੁੱਖੀ ਅਧਿਕਾਰਾਂ ਦੀ ਗੱਲ ਕਰਦਿਆਂ ਉਨ੍ਹਾਂ ਮੰਗ ਕੀਤੀ ਕਿ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਕੈਦੀਆਂ ਸਮੇਤ ਸਾਰੇ ਕੈਦੀਆਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ। ਮੀਟਿੰਗ ਵਿਚ ਯੂਏਪੀਏ ਵਰਗੇ ਕਾਲੇ ਕਾਨੂੰਨਾਂ ਨੂੰ ਰੱਦ ਕਰਨ, ਐੱਨਆਈਏ ਵਰਗੀਆਂ ਕੇਂਦਰੀ ਏਜੰਸੀਆਂ ਦੀ ਭੂਮਿਕਾ ’ਤੇ ਮੁੜ ਵਿਚਾਰ ਕਰਨ ਅਤੇ ਸੀਬੀਆਈ ਵੱਲੋਂ ਸੂਬਿਆਂ ਦੀ ਸਹਿਮਤੀ ਤੋਂ ਬਿਨ੍ਹਾਂ ਦਖ਼ਲਅੰਦਾਜ਼ੀ ਦਾ ਵਿਰੋਧ ਕਰਨ ਦੀ ਮੰਗ ਵੀ ਉਠਾਈ ਗਈ। ਬੁਲਾਰਿਆਂ ਨੇ ਕਿਹਾ ਕਿ ਮਜ਼ਦੂਰਾਂ, ਕਿਸਾਨਾਂ, ਨੌਜਵਾਨਾਂ, ਮੁਲਾਜ਼ਮਾਂ ਅਤੇ ਹੋਰ ਮਿਹਨਤਕਸ਼ ਵਰਗਾਂ ਨਾਲ ਜੁੜੇ ਮੁੱਦਿਆਂ ਨੂੰ ਲੈ ਕੇ ਮੋਗਾ ਜ਼ਿਲ੍ਹੇ ਭਰ ਵਿਚ ਲੋਕ ਲਾਮਬੰਦੀ ਮੁਹਿੰਮ ਚਲਾਈ ਜਾਵੇਗੀ। ਇਸ ਮੁਹਿੰਮ ਦੇ ਸਿਖ਼ਰ ਵਜੋਂ 22 ਜੂਨ ਨੂੰ ਸਵੇਰੇ 11 ਵਜੇ ਸ਼ਹੀਦ ਕਾਮਰੇਡ ਨਛੱਤਰ ਸਿੰਘ ਧਾਲੀਵਾਲ ਭਵਨ ਮੋਗਾ ਵਿਖੇ ਵੱਡਾ ਇਕੱਠ ਕਰਕੇ ਸ਼ਹਿਰ ’ਚ ਜ਼ੋਰਦਾਰ ਰੋਸ ਮੁਜ਼ਾਹਰਾ ਕੀਤਾ ਜਾਵੇਗਾ। ਮੀਟਿੰਗ ਦੇ ਅੰਤ ਵਿਚ ਕਾਮਰੇਡ ਜਗਜੀਤ ਸਿੰਘ ਨਿਹਾਲ ਸਿੰਘ ਵਾਲਾ ਨੇ ਜ਼ਮਹੂਰੀਅਤ, ਇਨਸਾਫ਼ ਅਤੇ ਲੋਕ ਅਧਿਕਾਰਾਂ ਵਿਚ ਵਿਸ਼ਵਾਸ ਰੱਖਣ ਵਾਲੇ ਸਾਰੇ ਵਰਗਾਂ ਨੂੰ 22 ਜੂਨ ਦੇ ਰੋਸ ਮੁਜ਼ਾਹਰੇ ਵਿਚ ਵੱਧ ਤੋਂ ਵੱਧ ਗਿਣਤੀ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ। ਇਸ ਮੌਕੇ ਕਾਮਰੇਡ ਸ਼ੇਰ ਸਿੰਘ ਦੌਲਤਪੁਰਾ, ਕਾਮਰੇਡ ਸਵਰਨ ਸਿੰਘ ਖੋਸਾ, ਕਾਮਰੇਡ ਜਗਸੀਰ ਸਿੰਘ ਖੋਸਾ, ਕਾਮਰੇਡ ਗੁਰਦਿੱਤ ਸਿੰਘ ਦੀਨਾ, ਕਾਮਰੇਡ ਕਰਮਜੀਤ ਸਿੰਘ ਮਾਣੂੰਕੇ ਅਤੇ ਹੋਰ ਆਗੂ ਹਾਜ਼ਰ ਸਨ।