- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਲਾਕ ਸੰਮਤੀ ਮੋਗਾ ਦੇ ਜ਼ੋਨ ਨੰਬਰ-5

ਵਕੀਲ ਮਹਿਰੋਂ, ਪੰਜਾਬੀ ਜਾਗਰਣ ਮੋਗਾ: ਬਲਾਕ ਸੰਮਤੀ ਮੋਗਾ ਦੇ ਜ਼ੋਨ ਨੰਬਰ-5 ਧੱਲੇਕੇ ਤੋਂ ਮੈਂਬਰ ਗੁਰਪ੍ਰੀਤ ਕੌਰ ਜੌਹਲ ਨੇ ਬਲਾਕ ਸੰਮਤੀ ਦੀ ਚੇਅਰਪਰਸਨ ਨੂੰ ਲਿਖਤੀ ਪੱਤਰ ਸੌਂਪ ਕੇ ਮੀਟਿੰਗਾਂ ਦੀ ਕਾਰਵਾਈ ਨਿਰਧਾਰਤ ਨਿਯਮਾਂ ਅਨੁਸਾਰ ਅਤੇ ਪਾਰਦਰਸ਼ੀ ਢੰਗ ਨਾਲ ਚਲਾਉਣ ਦੀ ਮੰਗ ਕੀਤੀ ਹੈ। ਇਸ ਮੌਕੇ ਗੁਰਪ੍ਰੀਤ ਕੌਰ ਜੌਹਲ ਨੇ ਆਪਣੇ ਪੱਤਰ ਵਿਚ ਕਿਹਾ ਕਿ ਬਲਾਕ ਸੰਮਤੀ ਦੀਆਂ ਮੀਟਿੰਗਾਂ ਦੌਰਾਨ ਪਿਛਲੀਆਂ ਮੀਟਿੰਗਾਂ ਦੀ ਕਾਰਵਾਈ ਰਜਿਸਟਰ ਵਿਚ ਦਰਜ ਹੋਣ ਦੇ ਬਾਵਜੂਦ ਕਈ ਵਾਰ ਉਸ ਨੂੰ ਮੈਂਬਰਾਂ ਦੇ ਸਾਹਮਣੇ ਪੜ੍ਹ ਕੇ ਨਹੀਂ ਸੁਣਾਇਆ ਜਾਂਦਾ। ਇਸ ਤੋਂ ਇਲਾਵਾ ਮੀਟਿੰਗਾਂ ਵਿਚ ਪੇਸ਼ ਕੀਤੇ ਜਾਣ ਵਾਲੇ ਮਤਿਆਂ ਨੂੰ ਵੀ ਮੈਂਬਰਾਂ ਦੀ ਹਾਜ਼ਰੀ ਵਿਚ ਪੜ੍ਹ ਕੇ ਸੁਣਾਉਣ ਅਤੇ ਉਨ੍ਹਾਂ ’ਤੇ ਵਿਚਾਰ-ਵਟਾਂਦਰਾ ਕਰਵਾਉਣ ਦੀ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਦੀ ਲੋੜ ਹੈ। ਗੁਰਪ੍ਰੀਤ ਕੌਰ ਜੌਹਲ ਨੇ ਕਿਹਾ ਕਿ ਲੋਕਤੰਤਰੀ ਪ੍ਰਣਾਲੀ ਵਿਚ ਹਰੇਕ ਚੁਣੇ ਹੋਏ ਨੁਮਾਇੰਦੇ ਦੀ ਰਾਇ ਅਤੇ ਵੋਟ ਦਾ ਵਿਸ਼ੇਸ਼ ਮਹੱਤਵ ਹੁੰਦਾ ਹੈ। ਇਸ ਲਈ ਮੀਟਿੰਗਾਂ ਦੌਰਾਨ ਕਿਸੇ ਵੀ ਮੈਂਬਰ ਨਾਲ ਪੱਖਪਾਤ ਜਾਂ ਬੇਇਨਸਾਫ਼ੀ ਨਹੀਂ ਹੋਣੀ ਚਾਹੀਦੀ ਅਤੇ ਸਾਰੇ ਮੈਂਬਰਾਂ ਨੂੰ ਆਪਣੇ ਵਿਚਾਰ ਰੱਖਣ ਦਾ ਪੂਰਾ ਮੌਕਾ ਮਿਲਣਾ ਚਾਹੀਦਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਬਲਾਕ ਸੰਮਤੀ ਦੀਆਂ ਮੀਟਿੰਗਾਂ ਦਾ ਕੰਮਕਾਜ ਪਾਰਦਰਸ਼ੀ ਹੋਣ ਨਾਲ ਹੀ ਚੁਣੇ ਹੋਏ ਨੁਮਾਇੰਦਿਆਂ ਦੀ ਭੂਮਿਕਾ ਅਤੇ ਲੋਕਤੰਤਰੀ ਪ੍ਰਕਿਰਿਆ ਨੂੰ ਸਹੀ ਮਾਇਨੇ ਮਿਲ ਸਕਦੇ ਹਨ। ਅੰਤ ਵਿਚ ਉਨ੍ਹਾਂ ਚੇਅਰਪਰਸਨ ਨੂੰ ਅਪੀਲ ਕੀਤੀ ਕਿ ਉਨ੍ਹਾਂ ਵੱਲੋਂ ਉਠਾਏ ਗਏ ਨੁਕਤਿਆਂ ਨੂੰ ਗੰਭੀਰਤਾ ਨਾਲ ਲੈਂਦਿਆਂ ਅੱਜ ਹੋਣ ਵਾਲੀ ਮੀਟਿੰਗ ਦੀ ਕਾਰਵਾਈ ਵਿੱਚ ਸ਼ਾਮਲ ਕੀਤਾ ਜਾਵੇ ਅਤੇ ਭਵਿੱਖ ਵਿਚ ਵੀ ਸਾਰੀਆਂ ਮੀਟਿੰਗਾਂ ਦੀ ਕਾਰਵਾਈ ਨਿਯਮਾਂ ਅਨੁਸਾਰ ਦਰਜ ਕਰਨ ਦੀ ਵਿਵਸਥਾ ਯਕੀਨੀ ਬਣਾਈ ਜਾਵੇ। ਇਸ ਸਬੰਧੀਮੋਗਾ ਦੇ ਬਲਾਕ ਵਿਕਾਸ ਅਧਿਕਾਰੀ ਮਹਿੰਦਰ ਸਿੰਘ ਨੇ ਕਿਹਾ ਕਿ ਸਬੰਧਤ ਮੈਂਬਰਾਂ ਵੱਲੋਂ ਆਪਣੀਆਂ ਮੰਗਾਂ ਅਤੇ ਸਮੱਸਿਆਵਾਂ ਸਬੰਧੀ ਇੱਕ ਮੰਗ ਪੱਤਰ ਦਿੱਤਾ ਗਿਆ ਹੈ, ਜਿਸ ਨੂੰ ਉਨ੍ਹਾਂ ਨੇ ਅਜੇ ਪੂਰੀ ਤਰ੍ਹਾਂ ਪੜ੍ਹ ਕੇ ਨਹੀਂ ਦੇਖਿਆ। ਉਨ੍ਹਾਂ ਕਿਹਾ ਕਿ ਮੰਗ ਪੱਤਰ ਵਿੱਚ ਉਠਾਏ ਗਏ ਮੁੱਦਿਆਂ ਦੀ ਸਮੀਖਿਆ ਕਰਨ ਤੋਂ ਬਾਅਦ ਹੀ ਉਨ੍ਹਾਂ ਬਾਰੇ ਵਿਸਥਾਰ ਨਾਲ ਕੁਝ ਕਿਹਾ ਜਾ ਸਕਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਬਲਾਕ ਵਿਕਾਸ ਦਫ਼ਤਰ ਵਿਚ ਮੀਟਿੰਗਾਂ ਸਮੇਤ ਹੋਰ ਸਾਰੇ ਸਰਕਾਰੀ ਕੰਮ ਨਿਯਮਾਂ ਅਨੁਸਾਰ ਹੀ ਕੀਤੇ ਜਾਂਦੇ ਹਨ। ਵਿਭਾਗ ਵੱਲੋਂ ਨਿਰਧਾਰਤ ਨਿਯਮਾਂ ਅਤੇ ਪ੍ਰਕਿਰਿਆਵਾਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਂਦਾ ਹੈ। ਇਸ ਦੇ ਬਾਵਜੂਦ ਜੇਕਰ ਮੰਗ ਪੱਤਰ ਵਿੱਚ ਉਠਾਏ ਗਏ ਮੁੱਦਿਆਂ ਦੇ ਸਬੰਧ ਵਿਚ ਕਿਸੇ ਤਰ੍ਹਾਂ ਦੇ ਸੁਧਾਰ ਦੀ ਗੁੰਜਾਇਸ਼ ਹੋਈ ਤਾਂ ਉਸ ਨੂੰ ਜ਼ਰੂਰ ਧਿਆਨ ਵਿਚ ਰੱਖਿਆ ਜਾਵੇਗਾ ਅਤੇ ਲੋੜ ਅਨੁਸਾਰ ਸੁਧਾਰ ਕੀਤੇ ਜਾਣਗੇ।