ਬਲੂਮਿੰਗ ਬਡਜ਼ ਸਕੂਲ ’ਚ ਪੇਂਟਿੰਗ ਮੁਕਾਬਲੇ ਕਰਵਾਏ ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ
Publish Date: Sun, 16 Aug 2026 03:49 PM (IST)
Updated Date: Sun, 16 Aug 2026 03:50 PM (IST)
ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ, ਮੋਗਾ: ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਮੋਗਾ ਵਿਖੇ ਭਾਰਤ ਦੇ ਅਜ਼ਾਦੀ ਦਿਹਾੜੇ ਨੂੰ ਸਮਰਪਿਤ ਇੱਕ ਸ਼ਾਨਦਾਰ ਪੇਂਟਿੰਗ ਮੁਕਾਬਲੇ ਦਾ ਆਯੋਜਨ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਕਮਲ ਸੈਣੀ ਅਗਵਾਈ ਵਿਚ ਕੀਤਾ ਗਿਆ, ਜਿਸ ਵਿਚ ਸਕੂਲ ਦੇ ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿਚ ਭਾਗ ਲਿਆ। ਇਸ ਮੁਕਾਬਲੇ ਦਾ ਮਕਸਦ ਵਿਦਿਆਰਥੀਆਂ ਵਿਚ ਦੇਸ਼ ਭਗਤੀ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨਾ ਅਤੇ ਉਨ੍ਹਾਂ ਨੂੰ ਆਪਣੇ ਦੇਸ਼ ਦੇ ਭਵਿੱਖ ਬਾਰੇ ਸੋਚਣ ਅਤੇ ਉਸ ਸੋਚ ਨੂੰ ਰੰਗਾਂ ਰਾਹੀਂ ਪ੍ਰਗਟ ਕਰਨ ਦਾ ਮੌਕਾ ਦੇਣਾ ਸੀ। ਮੁਕਾਬਲੇ ’ਚ ਵਿਦਿਆਰਥੀਆਂ ਨੂੰ ਦੋ ਵਿਸ਼ੇ ਦਿੱਤੇ ਗਏ ਸਨ ਮੇਰੇ ਸੁਪਨਿਆਂ ਦਾ ਭਾਰਤ ਅਤੇ ਭਾਰਤ 2047 ’ਚ। ਇਨ੍ਹਾਂ ਵਿਸ਼ਿਆਂ ਰਾਹੀਂ ਬੱਚਿਆਂ ਨੂੰ ਇਹ ਕਲਪਨਾ ਕਰਨ ਦਾ ਮੌਕਾ ਮਿਲਿਆ ਕਿ ਆਜ਼ਾਦੀ ਦੇ 100 ਸਾਲ ਪੂਰੇ ਹੋਣ ’ਤੇ ਭਾਰਤ ਕਿਹੋ ਜਿਹਾ ਦਿਖਾਈ ਦੇਵੇਗਾ ਅਤੇ ਉਨ੍ਹਾਂ ਦੇ ਸੁਪਨਿਆਂ ਦਾ ਭਾਰਤ ਕਿਹੋ ਜਿਹਾ ਹੋਣਾ ਚਾਹੀਦਾ ਹੈ। ਵਿਦਿਆਰਥੀਆਂ ਨੇ ਆਪਣੀਆਂ ਪੇਂਟਿੰਗਾਂ ’ਚ ਸਵੱਛ ਭਾਰਤ, ਹਰਿਆ-ਭਰਿਆ ਵਾਤਾਵਰਣ, ਡਿਜੀਟਲ ਅਤੇ ਤਕਨੀਕੀ ਤੌਰ ’ਤੇ ਅੱਗੇ ਵਧਿਆ ਭਾਰਤ, ਪੁਲਾੜ ਖੋਜ ’ਚ ਭਾਰਤ ਦੀ ਅਗਵਾਈ, ਔਰਤਾਂ ਦੀ ਬਰਾਬਰੀ, ਗਰੀਬੀ-ਮੁਕਤ ਸਮਾਜ ਅਤੇ ਸੌਰ ਊਰਜਾ ਵਰਗੇ ਵਿਸ਼ਿਆਂ ਨੂੰ ਬੜੀ ਖੂਬਸੂਰਤੀ ਨਾਲ ਦਰਸਾਇਆ। ਉਨ੍ਹਾਂ ਇਹ ਵੀ ਦੱਸਿਆਂ ਵਿਦਿਆਰਥੀਆਂ ਨੇ ਇਸ ਮੁਕਾਬਲੇ ਦੀ ਤਿਆਰੀ ਕਈ ਦਿਨ ਪਹਿਲਾਂ ਤੋਂ ਸ਼ੁਰੂ ਕਰ ਦਿੱਤੀ ਸੀ ਅਤੇ ਹਰ ਬੱਚੇ ਨੇ ਆਪਣੀ ਕਲਪਨਾ ਸ਼ਕਤੀ ਦਾ ਭਰਪੂਰ ਇਸਤੇਮਾਲ ਕਰਦਿਆਂ ਵੱਖ-ਵੱਖ ਰੰਗਾਂ ਅਤੇ ਤਕਨੀਕਾਂ ਨਾਲ ਆਪਣੀਆਂ ਕਲਾਕ੍ਰਿਤੀਆਂ ਤਿਆਰ ਕੀਤੀਆਂ। ਛੋਟੀਆਂ ਜਮਾਤਾਂ ਦੇ ਬੱਚਿਆਂ ਨੇ ਵੀ ਬੜੇ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਆਪਣੇ ਤਰੀਕੇ ਨਾਲ ਦੇਸ਼ ਪ੍ਰਤੀ ਆਪਣਾ ਪਿਆਰ ਦਰਸਾਇਆ। ਉਨ੍ਹਾਂ ਇਹ ਵੀ ਦੱਸਿਆ ਕਿ ਮੁਕਾਬਲੇ ’ਚ ਜੇਤੂ ਰਹਿਣ ਵਾਲੇ ਵਿਦਿਆਰਥੀਆਂ ਦਾ ਸਨਮਾਨ ਕੀਤਾ ਜਾਵੇਗਾ। ਸਕੂਲ ਚੇਅਰਪਰਸਨ ਕਮਲ ਸੈਣੀ ਨੇ ਕਿਹਾ ਕਿ ਇਸ ਸਮਾਗਮ ਦੌਰਾਨ ਸਕੂਲ ਦਾ ਮਾਹੌਲ ਪੂਰੀ ਤਰ੍ਹਾਂ ਦੇਸ਼ ਭਗਤੀ ਦੇ ਰੰਗ ’ਚ ਰੰਗਿਆ ਹੋਇਆ ਸੀ। ਵਿਦਿਆਰਥੀਆਂ ’ਚ ਇਕ ਵੱਖਰਾ ਉਤਸ਼ਾਹ ਅਤੇ ਜੋਸ਼ ਵੇਖਣ ਨੂੰ ਮਿਲਿਆ। ਜ਼ਿਕਰਯੋਗ ਹੈ ਕਿ ਸਕੂਲ ’ਚ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਨੂੰ ਧਿਆਨ ’ਚ ਰੱਖਦੇ ਹੋਏ ਉਨ੍ਹਾਂ ਨੂੰ ਪਲੇਟਫਾਰਮ ਮੁਹੱਈਆ ਕਰਵਾਏ ਜਾਂਦੇ ਹਨ ਤਾਂ ਜੋ ਉਨ੍ਹਾਂ ਦੀ ਪ੍ਰਤਿਭਾ ਨੂੰ ਨਿਖਾਰਨ ਦਾ ਮੌਕਾ ਮਿਲ ਸਕੇ।