- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਿਲ੍ਹਾ ਮੋਗਾ ਦੇ ਨਜ਼ਦੀਕ ਪੈਂਦੇ

ਪਿੰਡ ਵਾਸੀਆਂ ਨੇ ਸਮੱਸਿਆ ਦੇ ਹੱਲ ਦੀ ਕੀਤੀ ਮੰਗ, ਸੰਘਰਸ਼ ਦੀ ਚਿਤਾਵਨੀ
ਵਕੀਲ ਮਹਿਰੋਂ, ਪੰਜਾਬੀ ਜਾਗਰਣ ਮੋਗਾ: ਜ਼ਿਲ੍ਹਾ ਮੋਗਾ ਦੇ ਨਜ਼ਦੀਕ ਪੈਂਦੇ ਪਿੰਡ ਲੰਢੇਕੇ ਸਥਿਤ ਸਕੂਲ ਆਫ਼ ਐਮੀਨੈਂਸ ਦੇ ਮੁੱਖ ਗੇਟ ਅੱਗੇ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਪਾਣੀ ਹਰ ਵੇਲੇ ਖੜ੍ਹਾ ਰਹਿੰਦਾ ਹੈ, ਜਿਸ ਨੇ ਵਿਦਿਆਰਥੀਆਂ, ਅਧਿਆਪਕਾਂ, ਮਾਪਿਆਂ ਅਤੇ ਰਾਹਗੀਰਾਂ ਲਈ ਗੰਭੀਰ ਸਮੱਸਿਆ ਦਾ ਰੂਪ ਧਾਰ ਲਿਆ ਹੈ। ਹਰ ਰੋਜ਼ ਸਕੂਲ ਵਿਚ ਪੜ੍ਹਨ ਲਈ ਆਉਣ ਵਾਲੇ ਸੈਂਕੜੇ ਵਿਦਿਆਰਥੀਆਂ ਨੂੰ ਗੰਦੇ ਪਾਣੀ ਅਤੇ ਚਿੱਕੜ ’ਚੋਂ ਲੰਘ ਕੇ ਸਕੂਲ ਅੰਦਰ ਜਾਣਾ ਪੈਂਦਾ ਹੈ, ਜਿਸ ਕਾਰਨ ਉਨ੍ਹਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਬਰਸਾਤਾਂ ਦੇ ਮੌਸਮ ਦੌਰਾਨ ਹਾਲਾਤ ਹੋਰ ਵੀ ਬਦਤਰ ਹੋ ਜਾਂਦੇ ਹਨ। ਮੀਂਹ ਪੈਣ ਨਾਲ ਸਕੂਲ ਦੇ ਮੁੱਖ ਗੇਟ ਸਾਹਮਣੇ ਗੰਦਾ ਪਾਣੀ ਇਕੱਠਾ ਹੋ ਕੇ ਛੋਟੇ ਤਲਾਬ ਦਾ ਰੂਪ ਧਾਰ ਲੈਂਦਾ ਹੈ। ਇਸ ਕਾਰਨ ਸਕੂਲ ਦੇ ਪ੍ਰਵੇਸ਼ ਦੁਆਰ ਤੱਕ ਪਹੁੰਚਣਾ ਵੀ ਵਿਦਿਆਰਥੀਆਂ ਲਈ ਚੁਣੌਤੀ ਬਣ ਜਾਂਦਾ ਹੈ। ਕਈ ਵਿਦਿਆਰਥੀ ਆਪਣੇ ਜੁੱਤੇ ਅਤੇ ਵਰਦੀਆਂ ਗੰਦੀਆਂ ਹੋਣ ਦੇ ਬਾਵਜੂਦ ਮਜਬੂਰੀ ਵਿਚ ਸਕੂਲ ਅੰਦਰ ਦਾਖ਼ਲ ਹੁੰਦੇ ਹਨ। ਇਲਾਕਾ ਵਾਸੀਆਂ ਨੇ ਦੱਸਿਆ ਕਿ ਸਕੂਲ ’ਚ ਲੰਢੇਕੇ ਸਮੇਤ ਆਲੇ-ਦੁਆਲੇ ਦੇ ਕਈ ਪਿੰਡਾਂ ਅਤੇ ਕਸਬਿਆਂ ਤੋਂ ਵੱਡੀ ਗਿਣਤੀ ਵਿਚ ਵਿਦਿਆਰਥੀ ਸਿੱਖਿਆ ਪ੍ਰਾਪਤ ਕਰਨ ਲਈ ਆਉਂਦੇ ਹਨ। ਸਕੂਲ ਦੇ ਮੁੱਖ ਗੇਟ ਅੱਗੇ ਖੜ੍ਹੇ ਗੰਦੇ ਪਾਣੀ ਕਾਰਨ ਰੋਜ਼ਾਨਾ ਉਨ੍ਹਾਂ ਨੂੰ ਚਿੱਕੜ ਵਿਚੋਂ ਲੰਘਣਾ ਪੈਂਦਾ ਹੈ। ਖ਼ਾਸ ਕਰਕੇ ਵਿਦਿਆਰਥਣਾਂ ਨੂੰ ਇਸ ਕਾਰਨ ਵਧੇਰੇ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਕਿਉਂਕਿ ਗੰਦੇ ਪਾਣੀ ਤੋਂ ਬਚਣਾ ਉਨ੍ਹਾਂ ਲਈ ਕਾਫ਼ੀ ਔਖਾ ਹੋ ਜਾਂਦਾ ਹੈ। ਲੋਕਾਂ ਦਾ ਕਹਿਣਾ ਹੈ ਕਿ ਮੁੱਖ ਸੜਕ ਹੋਣ ਕਰਕੇ ਇੱਥੋਂ ਹਰ ਸਮੇਂ ਬੱਸਾਂ, ਕਾਰਾਂ, ਟਰੈਕਟਰਾਂ, ਮੋਟਰਸਾਈਕਲਾਂ ਅਤੇ ਹੋਰ ਵਾਹਨਾਂ ਦੀ ਆਵਾਜਾਈ ਰਹਿੰਦੀ ਹੈ। ਜਦੋਂ ਤੇਜ਼ ਰਫ਼ਤਾਰ ਵਾਹਨ ਗੰਦੇ ਪਾਣੀ ਵਿੱਚੋਂ ਲੰਘਦੇ ਹਨ ਤਾਂ ਚਿੱਕੜ ਅਤੇ ਗੰਦੇ ਪਾਣੀ ਦੇ ਛਿੱਟੇ ਵਿਦਿਆਰਥੀਆਂ, ਅਧਿਆਪਕਾਂ ਅਤੇ ਰਾਹਗੀਰਾਂ ਦੇ ਕੱਪੜਿਆਂ 'ਤੇ ਪੈਂਦੇ ਹਨ। ਇਸ ਕਾਰਨ ਕਈ ਵਿਦਿਆਰਥੀਆਂ ਨੂੰ ਗੰਦੇ ਕੱਪੜਿਆਂ ਵਿਚ ਹੀ ਸਕੂਲ ਦੀਆਂ ਕਲਾਸਾਂ ਵਿਚ ਬੈਠਣਾ ਪੈਂਦਾ ਹੈ, ਜਿਸ ਨਾਲ ਉਨ੍ਹਾਂ ਨੂੰ ਸ਼ਰਮਿੰਦਗੀ ਵੀ ਮਹਿਸੂਸ ਕਰਨੀ ਪੈਂਦੀ ਹੈ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਗੰਦੇ ਪਾਣੀ ਦੀ ਲਗਾਤਾਰ ਖੜੋਤ ਕਾਰਨ ਇਲਾਕੇ ਵਿੱਚ ਬਦਬੂ ਫੈਲਦੀ ਰਹਿੰਦੀ ਹੈ ਅਤੇ ਮੱਛਰਾਂ ਦੀ ਪੈਦਾਵਾਰ ਵੀ ਵੱਧ ਰਹੀ ਹੈ, ਜਿਸ ਨਾਲ ਡੇਂਗੂ, ਮਲੇਰੀਆ ਅਤੇ ਹੋਰ ਬਿਮਾਰੀਆਂ ਫੈਲਣ ਦਾ ਖ਼ਤਰਾ ਬਣਿਆ ਹੋਇਆ ਹੈ। ਲੋਕਾਂ ਨੇ ਚਿੰਤਾ ਜਤਾਈ ਕਿ ਜੇਕਰ ਸਮੇਂ ਸਿਰ ਇਸ ਸਮੱਸਿਆ ਦਾ ਹੱਲ ਨਾ ਕੀਤਾ ਗਿਆ ਤਾਂ ਇਹ ਲੋਕ ਸਿਹਤ ਲਈ ਵੀ ਗੰਭੀਰ ਖ਼ਤਰਾ ਬਣ ਸਕਦੀ ਹੈ। ਪਿੰਡ ਵਾਸੀਆਂ ਨੇ ਦੋਸ਼ ਲਗਾਇਆ ਕਿ ਇਸ ਸਮੱਸਿਆ ਬਾਰੇ ਕਈ ਵਾਰ ਸਬੰਧਤ ਵਿਭਾਗਾਂ ਅਤੇ ਪ੍ਰਸ਼ਾਸਨ ਦਾ ਧਿਆਨ ਦਿਵਾਇਆ ਜਾ ਚੁੱਕਾ ਹੈ ਪਰ ਅਜੇ ਤੱਕ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਅਤੇ ਸਕੂਲਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕਰਨ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾਂਦੇ ਹਨ ਪਰ ਜੇਕਰ ਇਕ ਮਾਣਯੋਗ ਸਰਕਾਰੀ ਸਕੂਲ ਦੇ ਮੁੱਖ ਗੇਟ ਅੱਗੇ ਹੀ ਗੰਦੇ ਪਾਣੀ ਦੀ ਨਿਕਾਸੀ ਦਾ ਪ੍ਰਬੰਧ ਨਹੀਂ ਹੋ ਸਕਦਾ ਤਾਂ ਇਹ ਦਾਅਵੇ ਹਕੀਕਤ ਤੋਂ ਕੋਹਾਂ ਦੂਰ ਨਜ਼ਰ ਆਉਂਦੇ ਹਨ। ਮਾਪਿਆਂ, ਸਮਾਜਿਕ ਆਗੂਆਂ ਅਤੇ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ, ਜ਼ਿਲ੍ਹਾ ਪ੍ਰਸ਼ਾਸਨ ਅਤੇ ਸਬੰਧਤ ਵਿਭਾਗਾਂ ਤੋਂ ਮੰਗ ਕੀਤੀ ਹੈ ਕਿ ਸਕੂਲ ਦੇ ਮੁੱਖ ਗੇਟ ਅੱਗੇ ਖੜ੍ਹੇ ਗੰਦੇ ਪਾਣੀ ਦੀ ਨਿਕਾਸੀ ਲਈ ਤੁਰੰਤ ਸਥਾਈ ਪ੍ਰਬੰਧ ਕੀਤੇ ਜਾਣ। ਉਨ੍ਹਾਂ ਕਿਹਾ ਕਿ ਨਾਲਿਆਂ ਦੀ ਸਫ਼ਾਈ, ਨਿਕਾਸੀ ਪ੍ਰਣਾਲੀ ਨੂੰ ਦਰੁਸਤ ਕਰਨ ਅਤੇ ਸੜਕ ਦੀ ਮੁਰੰਮਤ ਵਰਗੇ ਕੰਮ ਜੰਗੀ ਪੱਧਰ 'ਤੇ ਕਰਵਾਏ ਜਾਣ ਤਾਂ ਜੋ ਵਿਦਿਆਰਥੀਆਂ, ਅਧਿਆਪਕਾਂ ਅਤੇ ਰਾਹਗੀਰਾਂ ਨੂੰ ਰੋਜ਼ਾਨਾ ਆ ਰਹੀਆਂ ਮੁਸ਼ਕਲਾਂ ਤੋਂ ਰਾਹਤ ਮਿਲ ਸਕੇ। ਇਲਾਕਾ ਵਾਸੀਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਪ੍ਰਸ਼ਾਸਨ ਨੇ ਜਲਦੀ ਇਸ ਸਮੱਸਿਆ ਦਾ ਸਥਾਈ ਹੱਲ ਨਾ ਕੀਤਾ ਤਾਂ ਉਹ ਸੰਘਰਸ਼ ਦਾ ਰਾਹ ਅਪਣਾਉਣ ਲਈ ਮਜਬੂਰ ਹੋਣਗੇ, ਜਿਸ ਦੀ ਪੂਰੀ ਜ਼ਿੰਮੇਵਾਰੀ ਸਬੰਧਤ ਪ੍ਰਸ਼ਾਸਨ ਅਤੇ ਵਿਭਾਗਾਂ ਦੀ ਹੋਵੇਗੀ।