- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਲਾਕੇ ਦੀ ਨਾਮਵਰ

ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ ਮੋਗਾ: ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਮੋਗਾ ਵਿਖੇ ਗਰੁੱਪ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਕਮਲ ਸੈਣੀ ਦੀ ਯੋਗ ਅਗੁਵਾਈ ਹੇਠ ਵਿਦਿਆਰਥੀਆਂ ਨੂੰ ਊਰਜਾ ਦੀ ਮਹੱਤਤਾ, ਇਸ ਦੀ ਸੰਭਾਲ ਅਤੇ ਕੁਦਰਤੀ ਸਰੋਤਾਂ ਦੀ ਸੁਚੱਜੀ ਵਰਤੋਂ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਊਰਜਾ ਸੰਭਾਲ ਵਿਸ਼ੇ ’ਤੇ ਸਕੂਲ ਪੱਧਰੀ ਪੇਂਟਿੰਗ ਮੁਕਾਬਲਾ ਕਰਵਾਇਆ ਗਿਆ। ਇਹ ਮੁਕਾਬਲਾ ਭਾਖੜਾ ਬਿਆਸ ਪ੍ਰਬੰਧਨ ਬੋਰਡ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਸਕੂਲ ਪੱਧਰੀ ਪੇਂਟਿੰਗ ਮੁਕਾਬਲੇ 2026 ਦਾ ਹਿੱਸਾ ਸੀ। ਇਸ ਮੁਕਾਬਲੇ ਵਿਚ ਸਕੂਲ ਦੇ 100 ਤੋਂ ਵੱਧ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ ਅਤੇ ਆਪਣੀ ਕਲਾਤਮਕ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਹਦਾਇਤਾਂ ਅਨੁਸਾਰ ਮੁਕਾਬਲੇ ਨੂੰ ਦੋ ਗਰੁੱਪਾਂ ਵਿਚ ਵੰਡਿਆ ਗਿਆ ਸੀ। ਗਰੁੱਪ ‘ਏ’ ਵਿਚ ਪੰਜਵੀਂ, ਛੇਵੀਂ ਅਤੇ ਸੱਤਵੀਂ ਜਮਾਤ ਦੇ ਵਿਦਿਆਰਥੀਆਂ ਨੇ ਭਾਗ ਲਿਆ, ਜਦਕਿ ਗਰੁੱਪ ‘ਬੀ’ ਵਿਚ ਅੱਠਵੀਂ, ਨੌਵੀਂ ਅਤੇ ਦਸਵੀਂ ਜਮਾਤ ਦੇ ਵਿਦਿਆਰਥੀ ਸ਼ਾਮਲ ਹੋਏ। ਵਿਦਿਆਰਥੀਆਂ ਨੇ ਆਪਣੀਆਂ ਪੇਂਟਿੰਗਾਂ ਰਾਹੀਂ ਊਰਜਾ ਦੀ ਬੱਚਤ, ਬਿਜਲੀ ਦੀ ਸਹੀ ਵਰਤੋਂ ਅਤੇ ਊਰਜਾ ਸੁਰੱਖਿਆ ਦੀ ਮਹੱਤਤਾ ਨੂੰ ਬਹੁਤ ਹੀ ਰਚਨਾਤਮਕ ਢੰਗ ਨਾਲ ਦਰਸਾਇਆ। ਬੱਚਿਆਂ ਨੇ ਆਪਣੀਆਂ ਕਲਾਕ੍ਰਿਤੀਆਂ ਰਾਹੀਂ ਬੇਲੋੜੀਆਂ ਬੱਤੀਆਂ ਅਤੇ ਬਿਜਲੀ ਦੇ ਉਪਕਰਨ ਬੰਦ ਰੱਖਣ, ਊਰਜਾ ਦੀ ਫਜ਼ੂਲ ਵਰਤੋਂ ਤੋਂ ਬਚਣ ਅਤੇ ਊਰਜਾ ਸੰਭਾਲ ਦੀਆਂ ਆਦਤਾਂ ਅਪਣਾਉਣ ਵਰਗੇ ਮਹੱਤਵਪੂਰਨ ਸੰਦੇਸ਼ ਪੇਸ਼ ਕੀਤੇ। ਮੁਕਾਬਲੇ ਤੋਂ ਬਾਅਦ ਦੋਵਾਂ ਗਰੁੱਪਾਂ ਵਿਚੋਂ ਦੋ-ਦੋ ਸਰਵੋਤਮ ਪੇਂਟਿੰਗਾਂ ਦੀ ਚੋਣ ਕੀਤੀ ਜਾਵੇਗੀ ਅਤੇ ਇਨ੍ਹਾਂ ਨੂੰ ਅਗਲੇ ਪੱਧਰ ਦੇ ਮੁਕਾਬਲੇ ਲਈ ਭਾਖੜਾ ਬਿਆਸ ਪ੍ਰਬੰਧਨ ਬੋਰਡ ਦੇ ਨੋਡਲ ਅਧਿਕਾਰੀ ਕੋਲ ਭੇਜਿਆ ਜਾਵੇਗਾ। ਇਸ ਮੌਕੇ ਸਕੂਲ ਪ੍ਰਿੰਸੀਪਲ ਡਾ. ਹਮੀਲੀਆ ਰਾਣੀ ਨੇ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਦੀ ਸਿਰਜਣਾਤਮਕ ਸੋਚ ਨੂੰ ਵਿਕਸਿਤ ਕਰਨ ਦੇ ਨਾਲ-ਨਾਲ ਉਨ੍ਹਾਂ ਵਿਚ ਵਾਤਾਵਰਨ ਪ੍ਰਤੀ ਜ਼ਿੰਮੇਵਾਰੀ ਅਤੇ ਊਰਜਾ ਦੀ ਸੰਭਾਲ ਵਰਗੀਆਂ ਮਹੱਤਵਪੂਰਨ ਕਦਰਾਂ-ਕੀਮਤਾਂ ਪੈਦਾ ਕਰਦੇ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਪਣੀ ਪ੍ਰਤਿਭਾ ਨੂੰ ਨਿਖਾਰਨ ਦੇ ਨਾਲ-ਨਾਲ ਕੁਦਰਤੀ ਸਰੋਤਾਂ ਦੀ ਸੰਭਾਲ ਲਈ ਹਮੇਸ਼ਾ ਯਤਨਸ਼ੀਲ ਰਹਿਣ ਦਾ ਸੰਦੇਸ਼ ਦਿੱਤਾ।