ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਸਭਾ ਕਰਵਾਈ ਸੁਪਰੀਮ ਕੌਨਵੈਂਟ ਸਕੂਲ ਬਿਲਾਸਪੁਰ
Publish Date: Tue, 27 Oct 2026 04:40 PM (IST)
Updated Date: Wed, 28 Oct 2026 04:02 AM (IST)
ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ, ਮੋਗਾ : ਸੁਪਰੀਮ ਕੌਨਵੈਂਟ ਸਕੂਲ ਬਿਲਾਸਪੁਰ ਮੋਗਾ ਵਿਖੇ ਚੌਥੇ ਪਾਤਸ਼ਾਹ ਧੰਨ-ਧੰਨ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਸਵੇਰ ਦੀ ਸਭਾ ਬੜੀ ਸ਼ਰਧਾ ਤੇ ਸਤਿਕਾਰ ਸਹਿਤ ਕਰਵਾਈ ਗਈ। ਇਸ ਮੌਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਗੁਰੂ ਸਾਹਿਬ ਜੀ ਦੇ ਜੀਵਨ, ਉਨ੍ਹਾਂ ਦੀਆਂ ਮਹਾਨ ਸਿੱਖਿਆਵਾਂ ਅਤੇ ਮਨੁੱਖਤਾ ਦੀ ਭਲਾਈ ਲਈ ਪਾਏ ਅਨਮੋਲ ਯੋਗਦਾਨ ਨੂੰ ਯਾਦ ਕੀਤਾ ਗਿਆ। ਵਿਸ਼ੇਸ਼ ਸਭਾ ਦੌਰਾਨ ਵਿਦਿਆਰਥੀਆਂ ਨੇ ਸ੍ਰੀ ਗੁਰੂ ਰਾਮਦਾਸ ਜੀ ਦੇ ਜੀਵਨ ਇਤਿਹਾਸ ਬਾਰੇ ਵਿਚਾਰ ਪੇਸ਼ ਕੀਤੇ ਅਤੇ ਉਨ੍ਹਾਂ ਵੱਲੋਂ ਦਰਸਾਏ ਨਿਮਰਤਾ, ਸੇਵਾ, ਸਿਮਰਨ, ਦਇਆ ਅਤੇ ਆਪਸੀ ਭਾਈਚਾਰੇ ਦੇ ਸੰਦੇਸ਼ ਨੂੰ ਸਾਂਝਾ ਕੀਤਾ। ਇਸ ਮੌਕੇ ਗੁਰੂ ਸਾਹਿਬ ਜੀ ਦੀ ਪਾਵਨ ਬਾਣੀ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਰਾਹੀਂ ਵਿਦਿਆਰਥੀਆਂ ਨੂੰ ਚੰਗੇ ਆਚਰਨ ਅਤੇ ਉੱਚੀਆਂ ਨੈਤਿਕ ਕਦਰਾਂ-ਕੀਮਤਾਂ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ। ਵਿਦਿਆਰਥੀਆਂ ਨੇ ਆਪਣੇ ਸੰਬੋਧਨ ਰਾਹੀਂ ਸ੍ਰੀ ਗੁਰੂ ਰਾਮਦਾਸ ਜੀ ਵੱਲੋਂ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਸਥਾਪਨਾ ਅਤੇ ਸਿੱਖ ਇਤਿਹਾਸ ’ਚ ਪਾਏ ਮਹਾਨ ਯੋਗਦਾਨ ਬਾਰੇ ਵੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਗੁਰੂ ਸਾਹਿਬ ਜੀ ਦਾ ਸਮੁੱਚਾ ਜੀਵਨ ਨਿਰਸਵਾਰਥ ਸੇਵਾ, ਸਾਦਗੀ, ਨਿਮਰਤਾ ਅਤੇ ਪਰਮਾਤਮਾ ਪ੍ਰਤੀ ਅਟੁੱਟ ਵਿਸ਼ਵਾਸ ਦੀ ਅਦੁੱਤੀ ਮਿਸਾਲ ਹੈ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਜਸਮੇਲ ਸਿੰਘ ਕਲਸੀ ਨੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਗੁਰੂ ਸਾਹਿਬ ਜੀ ਦੀਆਂ ਸਿੱਖਿਆਵਾਂ ਅੱਜ ਦੇ ਸਮੇਂ ਵਿਚ ਵੀ ਸਮੁੱਚੀ ਮਨੁੱਖਤਾ ਲਈ ਚਾਨਣ ਮੁਨਾਰਾ ਹਨ। ਉਨ੍ਹਾਂ ਕਿਹਾ ਕਿ ਸਾਨੂੰ ਗੁਰੂ ਸਾਹਿਬ ਜੀ ਦੇ ਦਰਸਾਏ ਮਾਰਗ ’ਤੇ ਚੱਲਦਿਆਂ ਆਪਣੇ ਜੀਵਨ ਵਿਚ ਨਿਮਰਤਾ, ਇਮਾਨਦਾਰੀ, ਸਹਿਣਸ਼ੀਲਤਾ ਅਤੇ ਨਿਰਸਵਾਰਥ ਸੇਵਾ ਵਰਗੇ ਗੁਣਾਂ ਨੂੰ ਅਪਣਾਉਣਾ ਚਾਹੀਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਵਿੱਦਿਅਕ ਸੰਸਥਾਵਾਂ ਦਾ ਮੁੱਖ ਉਦੇਸ਼ ਕੇਵਲ ਪੁਸਤਕੀ ਗਿਆਨ ਦੇਣਾ ਹੀ ਨਹੀਂ, ਸਗੋਂ ਵਿਦਿਆਰਥੀਆਂ ਨੂੰ ਆਪਣੇ ਅਮੀਰ ਇਤਿਹਾਸ, ਵਿਰਸੇ ਅਤੇ ਮਹਾਨ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨਾਲ ਜੋੜ ਕੇ ਚੰਗੇ ਇਨਸਾਨ ਬਣਾਉਣਾ ਵੀ ਹੈ। ਸਭਾ ਦੇ ਅੰਤ ਵਿਚ ਸਕੂਲ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਚਰਨ ਸਿੰਘ ਸਕੂਲ ਚੇਅਰਮੈਨ ਯੋਗਿੰਦਰ ਪ੍ਰਸਾਦ ਸ਼ਰਮਾ ਨੇ ਸਮੂਹ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਜੀ ਦੇ ਜੀਵਨ ਤੋਂ ਪ੍ਰੇਰਨਾ ਲੈ ਕੇ ਲੋੜਵੰਦਾਂ ਦੀ ਸਹਾਇਤਾ ਕਰਨ, ਸਭ ਦਾ ਸਤਿਕਾਰ ਕਰਨ ਅਤੇ ਸਮਾਜ ਵਿੱਚ ਪਿਆਰ ਤੇ ਭਾਈਚਾਰੇ ਦੀ ਭਾਵਨਾ ਨੂੰ ਮਜ਼ਬੂਤ ਕਰਨ ਦਾ ਸੰਦੇਸ਼ ਦਿੱਤਾ।