- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਿਦਿਆਰਥੀਆਂ ਨੂੰ ਕਿਤਾਬੀ ਸਿੱਖਿਆ

ਵਕੀਲ ਮਹਿਰੋਂ, ਪੰਜਾਬੀ ਜਾਗਰਣ ਮੋਗਾ: ਵਿਦਿਆਰਥੀਆਂ ਨੂੰ ਕਿਤਾਬੀ ਸਿੱਖਿਆ ਦੇ ਨਾਲ-ਨਾਲ ਕਾਨੂੰਨੀ ਅਧਿਕਾਰਾਂ, ਨਾਗਰਿਕ ਫਰਜ਼ਾਂ ਅਤੇ ਸਮਾਜਿਕ ਜ਼ਿੰਮੇਵਾਰੀਆਂ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਡਾ. ਸੈਫੁੱਦੀਨ ਕਿਚਲੂ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਮੋਗਾ ਵਿਖੇ ਰਾਸ਼ਟਰੀ ਕਾਨੂੰਨੀ ਸੇਵਾਵਾਂ ਦਿਵਸ ਦੇ ਮੌਕੇ ’ਤੇ ਵਿਸ਼ੇਸ਼ ਕਾਨੂੰਨੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਹ ਪ੍ਰੋਗਰਾਮ ਸਕੂਲ ਵੱਲੋਂ ਪਹਿਲਾਂ ਚਲਾਈ ਗਈ ਇਕ ਹਫ਼ਤੇ ਦੀ ‘ਸੁਰੱਖਿਅਤ ਬਚਪਨ ਮੁਹਿੰਮ’ ਦੀ ਅਗਲੀ ਕੜੀ ਵਜੋਂ ਕਰਵਾਇਆ ਗਿਆ। ਇਸ ਦੌਰਾਨ ਵਿਦਿਆਰਥੀਆਂ ਨੂੰ ਬਾਲ ਸੁਰੱਖਿਆ, ਮਹਿਲਾ ਸੁਰੱਖਿਆ, ਨਵੇਂ ਅਪਰਾਧਿਕ ਕਾਨੂੰਨਾਂ ਅਤੇ ਮੁਫ਼ਤ ਕਾਨੂੰਨੀ ਸਹਾਇਤਾ ਨਾਲ ਸਬੰਧਤ ਮਹੱਤਵਪੂਰਨ ਜਾਣਕਾਰੀਆਂ ਦਿੱਤੀਆਂ ਗਈਆਂ। ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਸਕੂਲ ਦੇ ਚੇਅਰਮੈਨ ਅਤੇ ਸੀਨੀਅਰ ਐਡਵੋਕੇਟ ਸੁਨੀਲ ਗਰਗ ਨੇ ਕਿਹਾ ਕਿ ਮੌਜੂਦਾ ਸਮੇਂ ਵਿਚ ਹਰੇਕ ਵਿਦਿਆਰਥੀ ਲਈ ਕਾਨੂੰਨ ਦੀ ਮੁੱਢਲੀ ਜਾਣਕਾਰੀ ਹੋਣਾ ਬੇਹੱਦ ਜ਼ਰੂਰੀ ਹੈ। ਮਹਿਲਾ ਸੁਰੱਖਿਆ ਦੇ ਵਿਸ਼ੇ ’ਤੇ ਜਾਣਕਾਰੀ ਦਿੰਦਿਆਂ ਐਡਵੋਕੇਟ ਗਰਗ ਨੇ ਭਾਰਤੀ ਨਿਆਂ ਸੰਹਿਤਾ, ਘਰੇਲੂ ਹਿੰਸਾ ਤੋਂ ਮਹਿਲਾਵਾਂ ਦੀ ਸੁਰੱਖਿਆ ਐਕਟ-2005, ਦਾਜ ਰੋਕੂ ਐਕਟ-1961 ਅਤੇ ਕੰਮਕਾਜ ਵਾਲੀਆਂ ਥਾਵਾਂ ’ਤੇ ਮਹਿਲਾਵਾਂ ਦੇ ਜਿਨਸੀ ਸ਼ੋਸ਼ਣ ਦੀ ਰੋਕਥਾਮ ਸਬੰਧੀ ਐਕਟ-2013 ਪੋਸ਼ ਐਕਟ ਦੀ ਮਹੱਤਤਾ ਬਾਰੇ ਚਾਨਣਾ ਪਾਇਆ। ਸਕੂਲ ਵਿਚ ਪਹਿਲਾਂ ਕਰਵਾਈ ਗਈ ‘ਸੁਰੱਖਿਅਤ ਬਚਪਨ ਮੁਹਿੰਮ’ ਦਾ ਜ਼ਿਕਰ ਕਰਦਿਆਂ ਉਨ੍ਹਾਂ ਵਿਦਿਆਰਥੀਆਂ ਨੂੰ ਬੱਚਿਆਂ ਨੂੰ ਜਿਨਸੀ ਅਪਰਾਧਾਂ ਤੋਂ ਸੁਰੱਖਿਆ ਪ੍ਰਦਾਨ ਕਰਨ ਵਾਲੇ ਪੋਕਸੋ ਐਕਟ-2012 ਦੇ ਮੁੱਖ ਪ੍ਰਬੰਧਾਂ ਬਾਰੇ ਜਾਣਕਾਰੀ ਦਿੱਤੀ।ਐਡਵੋਕੇਟ ਸੁਨੀਲ ਗਰਗ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਸਮੇਂ ਸਿਰ ਕਾਨੂੰਨ ਦੀ ਜਾਣਕਾਰੀ ਦੇਣਾ ਉਨ੍ਹਾਂ ਨੂੰ ਆਤਮਵਿਸ਼ਵਾਸੀ, ਜਾਗਰੂਕ ਅਤੇ ਜ਼ਿੰਮੇਵਾਰ ਨਾਗਰਿਕ ਬਣਾਉਣ ਵੱਲ ਇੱਕ ਮਹੱਤਵਪੂਰਨ ਕਦਮ ਹੈ। ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੇ ਨਵੇਂ ਅਪਰਾਧਿਕ ਕਾਨੂੰਨਾਂ, ਮਹਿਲਾ ਸੁਰੱਖਿਆ, ਸਾਈਬਰ ਅਪਰਾਧ, ਬਾਲ ਅਧਿਕਾਰਾਂ, ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਉਣ ਦੀ ਪ੍ਰਕਿਰਿਆ ਅਤੇ ਮੁਫ਼ਤ ਕਾਨੂੰਨੀ ਸਹਾਇਤਾ ਸਬੰਧੀ ਵੱਖ-ਵੱਖ ਸਵਾਲ ਪੁੱਛੇ। ਐਡਵੋਕੇਟ ਸੁਨੀਲ ਗਰਗ ਨੇ ਉਨ੍ਹਾਂ ਦੇ ਸਵਾਲਾਂ ਦੇ ਕਾਨੂੰਨੀ ਪੱਖ ਤੋਂ ਵਿਸਥਾਰਪੂਰਵਕ ਜਵਾਬ ਦਿੱਤੇ ਅਤੇ ਸਹੀ ਸਮੇਂ ’ਤੇ ਉਚਿਤ ਕਾਨੂੰਨੀ ਸਲਾਹ ਤੇ ਅਧਿਕਾਰਤ ਸਹਾਇਤਾ ਪ੍ਰਾਪਤ ਕਰਨ ਦੀ ਮਹੱਤਤਾ ਸਮਝਾਈ। ਡਾ. ਸੈਫੁੱਦੀਨ ਕਿਚਲੂ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੀ ਇਹ ਪਹਿਲ ਸਿੱਖਿਆ ਅਤੇ ਕਾਨੂੰਨੀ ਜਾਗਰੂਕਤਾ ਦੇ ਸੁਮੇਲ ਦੀ ਇਕ ਮਿਸਾਲ ਹੈ। ਲੀਗਲ ਸਟੱਡੀਜ਼ ਵਿਸ਼ੇ, ਲੀਗਲ ਲਿਟਰੇਸੀ ਕਲੱਬ ਅਤੇ ਵੱਖ-ਵੱਖ ਜਾਗਰੂਕਤਾ ਮੁਹਿੰਮਾਂ ਰਾਹੀਂ ਸਕੂਲ ਅਜਿਹੇ ਜਾਗਰੂਕ ਨਾਗਰਿਕ ਤਿਆਰ ਕਰਨ ਲਈ ਯਤਨਸ਼ੀਲ ਹੈ, ਜੋ ਖੁਦ ਕਾਨੂੰਨ ਨੂੰ ਸਮਝਣ ਅਤੇ ਸਮਾਜ ਦੇ ਹੋਰ ਲੋਕਾਂ ਨੂੰ ਵੀ ਉਨ੍ਹਾਂ ਦੇ ਅਧਿਕਾਰਾਂ ਪ੍ਰਤੀ ਜਾਗਰੂਕ ਕਰਨ ਵਿਚ ਯੋਗਦਾਨ ਪਾਉਣ।