ਹੋਲੀ ਹਾਰਟ ਸਕੂਲ ਅਜੀਤਵਾਲ ’ਚ ਪ੍ਰੋਗਰਾਮ ਕਰਵਾਇਆ
ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਹੋਲੀ
Publish Date: Mon, 16 Mar 2026 04:32 PM (IST)
Updated Date: Tue, 17 Mar 2026 04:04 AM (IST)

ਅਵਤਾਰ ਸਿੰਘ ਪੰਜਾਬੀ ਜਾਗਰਣ, ਅਜੀਤਵਾਲ: ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਹੋਲੀ ਹਾਰਟ ਸਕੂਲ ਅਜੀਤਵਾਲ ਵਿਖੇ ਵਿਦਿਆਰਥੀਆਂ ਦੀ ਚੰਗੀ ਪੜ੍ਹਾਈ, ਅਨੁਸ਼ਾਸਨ ਅਤੇ ਉਨ੍ਹਾਂ ਦੇ ਰੌਸ਼ਨ ਭਵਿੱਖ ਨੂੰ ਧਿਆਨ ਵਿਚ ਰੱਖਦਿਆਂ ਇਕ ਖਾਸ ਮੀਟਿੰਗ ਹੋਈ। ਮੀਟਿੰਗ ਵਿਚ ਸਕੂਲ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਭਾਗ ਲਿਆ। ਮੀਟਿੰਗ ਦੌਰਾਨ ਅਧਿਆਪਕਾਂ ਵੱਲੋਂ ਬੱਚਿਆਂ ਨੂੰ ਪੜ੍ਹਾਈ ਦੀ ਮਹੱਤਤਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ ਅਤੇ ਉਨ੍ਹਾਂ ਨੂੰ ਜੀਵਨ ਵਿਚ ਅੱਗੇ ਵਧਣ ਲਈ ਮਿਹਨਤ ਕਰਨ ਦੀ ਪ੍ਰੇਰਣਾ ਦਿੱਤੀ ਗਈ। ਸਕੂਲ ਦੇ ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਸਫ਼ਲਤਾ ਪ੍ਰਾਪਤ ਕਰਨ ਲਈ ਲਗਾਤਾਰ ਮਿਹਨਤ, ਸਮੇਂ ਦੀ ਕਦਰ ਅਤੇ ਅਨੁਸ਼ਾਸਨ ਬਹੁਤ ਜ਼ਰੂਰੀ ਹਨ। ਉਨ੍ਹਾਂ ਨੇ ਬੱਚਿਆਂ ਨੂੰ ਇਹ ਵੀ ਸਮਝਾਇਆ ਕਿ ਜੇਕਰ ਉਹ ਆਪਣੀ ਪੜ੍ਹਾਈ ਉੱਤੇ ਧਿਆਨ ਦੇਣਗੇ ਤਾਂ ਉਹ ਭਵਿੱਖ ਵਿਚ ਆਪਣੇ ਮਾਤਾ ਪਿਤਾ ਅਤੇ ਸਕੂਲ ਦਾ ਨਾਮ ਰੌਸ਼ਨ ਕਰ ਸਕਦੇ ਹਨ। ਮੀਟਿੰਗ ਦੌਰਾਨ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ ਨਾਲ ਚੰਗੀਆਂ ਆਦਤਾਂ ਅਪਣਾਉਣ, ਸਮੇਂ ਦਾ ਸਹੀ ਉਪਯੋਗ ਕਰਨ ਅਤੇ ਸਕੂਲ ਦੇ ਨਿਯਮਾਂ ਦੀ ਪਾਲਣਾ ਕਰਨ ਲਈ ਵੀ ਪ੍ਰੇਰਿਤ ਕੀਤਾ ਗਿਆ। ਅਧਿਆਪਕਾਂ ਨੇ ਬੱਚਿਆਂ ਨਾਲ ਵਿਚਾਰ ਸਾਂਝੇ ਕਰਦੇ ਹੋਏ ਉਨ੍ਹਾਂ ਨੂੰ ਆਪਣੇ ਲਕਸ਼ ਤੈਅ ਕਰਨ ਅਤੇ ਉਨ੍ਹਾਂ ਨੂੰ ਹਾਸਲ ਕਰਨ ਲਈ ਲਗਾਤਾਰ ਕੋਸ਼ਿਸ਼ ਕਰਨ ਦੀ ਸਲਾਹ ਦਿੱਤੀ। ਵਿਦਿਆਰਥੀਆਂ ਨੇ ਵੀ ਇਸ ਮੀਟਿੰਗ ਵਿੱਚ ਬੜੇ ਧਿਆਨ ਨਾਲ ਗੱਲਾਂ ਸੁਣੀਆਂ ਅਤੇ ਇਹ ਵਿਸ਼ਵਾਸ ਦਵਾਇਆ ਕਿ ਉਹ ਪੂਰੀ ਲਗਨ ਅਤੇ ਮਿਹਨਤ ਨਾਲ ਆਪਣੀ ਪੜ੍ਹਾਈ ਨੂੰ ਹੋਰ ਚੰਗਾ ਬਣਾਉਣਗੇ। ਸਕੂਲ ਚੇਅਰਮੈਨ ਸੁਭਾਸ਼ ਪਲਤਾ, ਡਾਇਰੈਕਟਰ ਅਮਿਤ ਪਲਤਾ, ਸ੍ਰੈਆ ਪਲਤਾ ਅਤੇ ਸਕੂਲ ਪ੍ਰਿੰਸੀਪਲ ਸ਼ਾਕਸ਼ੀ ਗੁਲੇਰੀਆ ਨੇ ਕਿਹਾ ਕਿ ਹੋਲੀ ਹਾਰਟ ਸਕੂਲ ਅਜੀਤਵਾਲ ਹਮੇਸ਼ਾ ਵਿਦਿਆਰਥੀਆਂ ਦੀ ਚੰਗੀ ਸਿੱਖਿਆ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਵਚਨਬੱਧ ਹੈ ਅਤੇ ਅੱਗੇ ਵੀ ਇਸ ਤਰ੍ਹਾਂ ਦੀਆਂ ਪ੍ਰੇਰਣਾਦਾਇਕ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ।