ਡੈਮੋਕ੍ਰੈਟਿਕ ਟੀਚਰਜ਼ ਫ਼ਰੰਟ ਪੰਜਾਬ ਦੀ ਸੂਬਾਈ ਵਿਸਥਾਰੀ ਮੀਟਿੰਗ ਡੈਮੋਕ੍ਰੈਟਿਕ ਟੀਚਰਜ਼ ਫ਼ਰੰਟ
Publish Date: Tue, 27 Oct 2026 05:06 PM (IST)
Updated Date: Wed, 28 Oct 2026 04:02 AM (IST)
13 ਤੋਂ 19 ਨਵੰਬਰ ਤੱਕ ਚੰਡੀਗੜ੍ਹ ਵਿਖੇ ਲੱਗਣ ਵਾਲੇ ਮੋਰਚੇ ਵਿਚ ਵੱਡੀ ਗਿਣਤੀ ’ਚ ਸ਼ਮੂਲੀਅਤ ਕਰਨ ਦਾ ਐਲਾਨ ਵਕੀਲ ਮਹਿਰੋਂ, ਪੰਜਾਬੀ ਜਾਗਰਣ, ਮੋਗਾ : ਡੈਮੋਕ੍ਰੈਟਿਕ ਟੀਚਰਜ਼ ਫ਼ਰੰਟ ਪੰਜਾਬ ਦੀ ਸੂਬਾਈ ਵਿਸਥਾਰੀ ਮੀਟਿੰਗ ਸਥਾਨਕ ਫ੍ਰੀਡਮ ਫਾਈਟਰ ਹਾਲ ਵਿਖੇ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ ਦੀ ਅਗਵਾਈ ਹੇਠ ਹੋਈ। ਮੀਟਿੰਗ ਦੌਰਾਨ ਪੰਜਾਬ ਦੇ ਅਧਿਆਪਕਾਂ, ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦੀ ਪ੍ਰਾਪਤੀ ਲਈ ਚੱਲ ਰਹੇ ਸੰਘਰਸ਼ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਫ਼ੈਸਲਾ ਕੀਤਾ ਗਿਆ ਕਿ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫ਼ਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ’ਤੇ ਆਧਾਰਿਤ ਸਾਂਝੀ ਤਾਲਮੇਲ ਕਮੇਟੀ ਵੱਲੋਂ 13 ਤੋਂ 19 ਨਵੰਬਰ ਤੱਕ ਚੰਡੀਗੜ੍ਹ ਵਿਖੇ ਲਗਾਏ ਜਾ ਰਹੇ ਮੋਰਚੇ ਵਿਚ ਡੈਮੋਕ੍ਰੈਟਿਕ ਟੀਚਰਜ਼ ਫ਼ਰੰਟ ਪੰਜਾਬ ਵੱਲੋਂ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਜਾਵੇਗੀ। ਮੀਟਿੰਗ ਦੌਰਾਨ ਦੱਸਿਆ ਗਿਆ ਕਿ ਸਾਂਝੀ ਤਾਲਮੇਲ ਕਮੇਟੀ ਵੱਲੋਂ ਹੁਣ ਤੱਕ ਉਲੀਕੇ ਗਏ ਸੰਘਰਸ਼ੀ ਪ੍ਰੋਗਰਾਮਾਂ ਵਿਚ ਜਥੇਬੰਦੀ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਅਧਿਆਪਕਾਂ ਨੇ ਭਰਵੀਂ ਸ਼ਮੂਲੀਅਤ ਕੀਤੀ ਹੈ। ਆਗੂਆਂ ਨੇ ਕਿਹਾ ਕਿ ਮੁਲਾਜ਼ਮਾਂ ਦੀਆਂ ਮੰਗਾਂ ਦੀ ਪ੍ਰਾਪਤੀ ਲਈ ਸੰਘਰਸ਼ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ਹੈ। ਇਸੇ ਮਕਸਦ ਤਹਿਤ 2 ਨਵੰਬਰ ਤੋਂ ਸਕੂਲਾਂ ਵਿਚ ਜਾ ਕੇ ਅਧਿਆਪਕਾਂ ਨੂੰ ਲਾਮਬੰਦ ਕੀਤਾ ਜਾਵੇਗਾ ਤਾਂ ਜੋ ਚੰਡੀਗੜ੍ਹ ਵਿਖੇ ਲੱਗਣ ਵਾਲੇ ਮੋਰਚੇ ਵਿਚ ਵੱਧ ਤੋਂ ਵੱਧ ਅਧਿਆਪਕਾਂ ਅਤੇ ਮੁਲਾਜ਼ਮਾਂ ਦੀ ਸ਼ਮੂਲੀਅਤ ਯਕੀਨੀ ਬਣਾਈ ਜਾ ਸਕੇ। ਮੀਟਿੰਗ ਦੌਰਾਨ ਪੰਜਾਬ ਸਰਕਾਰ ਵੱਲੋਂ ‘ਸਿੱਖਿਆ ਕ੍ਰਾਂਤੀ’ ਦੇ ਨਾਂ ਹੇਠ ਸਰਕਾਰੀ ਸਕੂਲਾਂ ਵਿਚ ਉਦਘਾਟਨੀ ਪੱਥਰ ਲਗਾ ਕੇ ਸਕੂਲਾਂ ਨੂੰ ਸਿਆਸੀ ਪ੍ਰਚਾਰ ਲਈ ਵਰਤਣ ਦੀ ਵੀ ਨਿਖੇਧੀ ਕੀਤੀ ਗਈ। ਜਥੇਬੰਦੀ ਨੇ ਫ਼ੈਸਲਾ ਕੀਤਾ ਕਿ ਅਜਿਹੇ ਸਮਾਗਮਾਂ ਦਾ ਵਿਰੋਧ ਕੀਤਾ ਜਾਵੇਗਾ ਤੇ ਉਦਘਾਟਨਾਂ ਮੌਕੇ ਰੋਸ ਪੱਤਰ ਸੌਂਪ ਕੇ ਆਪਣਾ ਇਤਰਾਜ਼ ਦਰਜ ਕਰਵਾਇਆ ਜਾਵੇਗਾ। ਇਸ ਮੌਕੇ ਡੀਐੱਮਐੱਫ਼ ਦੇ ਸੂਬਾ ਪ੍ਰਧਾਨ ਜਰਮਨਜੀਤ ਸਿੰਘ ਛੱਜਲਵੱਡੀ ਅਤੇ ਜਨਰਲ ਸਕੱਤਰ ਹਰਦੀਪ ਟੋਡਰਪੁਰ ਤੋਂ ਇਲਾਵਾ ਡੀਟੀਐੱਫ਼ ਦੇ ਜਨਰਲ ਸਕੱਤਰ ਮਹਿੰਦਰ ਕੌੜਿਆਂ ਵਾਲੀ, ਵਿੱਤ ਸਕੱਤਰ ਅਸ਼ਵਨੀ ਅਵਸਥੀ, ਮੀਤ ਪ੍ਰਧਾਨ ਰਾਜੀਵ ਕੁਮਾਰ ਬਰਨਾਲਾ, ਗੁਰਪਿਆਰ ਕੋਟਲੀ, ਜਗਪਾਲ ਬੰਗੀ, ਬੇਅੰਤ ਫੁੱਲੇਵਾਲ, ਹਰਜਿੰਦਰ ਵਡਾਲਾ ਬਾਂਗਰ, ਰਘਵੀਰ ਭਵਾਨੀਗੜ੍ਹ, ਪ੍ਰੈੱਸ ਸਕੱਤਰ ਪਵਨ ਮੁਕਤਸਰ, ਸੰਯੁਕਤ ਸਕੱਤਰ ਮੁਕੇਸ਼ ਕੁਮਾਰ, ਕੁਲਵਿੰਦਰ ਜੋਸ਼ਨ, ਜਸਵਿੰਦਰ ਓਜਲਾ ਅਤੇ ਪ੍ਰਚਾਰ ਸਕੱਤਰ ਸੁਖਦੇਵ ਡਾਨਸੀਵਾਲ ਸਮੇਤ ਸੂਬਾ ਕਮੇਟੀ ਦੇ ਹੋਰ ਮੈਂਬਰ ਅਤੇ ਅਧਿਆਪਕ ਆਗੂ ਹਾਜ਼ਰ ਸਨ।