- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ੍ਰੀ ਗੁਰੂ ਗ੍ਰੰਥ ਸਾਹਿਬ

ਕੁਲਵਿੰਦਰ ਸਿੰਘ ਸਹੋਤਾ ਪੰਜਾਬੀ ਜਾਗਰਣ ਘੱਲ ਕਲਾਂ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੋ ਰੋਜ਼ਾ ਗੁਰਮਤਿ ਸਮਾਗਮ ਪਿੰਡ ਬਹੋਨਾ ਜ਼ਿਲ੍ਹਾ ਮੋਗਾ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਏ ਗਏ। 14 ਅਤੇ 15 ਸਤੰਬਰ ਨੂੰ ਕਰਵਾਏ ਗਏ ਇੰਨ੍ਹਾਂ ਸਮਾਗਮਾਂ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰਦਿਆਂ ਗੁਰਬਾਣੀ ਦਾ ਕੀਰਤਨ ਸਰਵਣ ਕੀਤਾ ਅਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਸਮਾਗਮ ਦੌਰਾਨ ਰਾਗੀ ਸਿੰਘਾਂ ਵੱਲੋਂ ਗੁਰਬਾਣੀ ਦੇ ਸ਼ਬਦਾਂ ਦਾ ਰਸਭਿੰਨਾ ਗਾਇਨ ਕੀਤਾ ਗਿਆ। ਗੁਰਬਾਣੀ ਕੀਰਤਨ ਦੌਰਾਨ ਸੰਗਤਾਂ ਨੇ ਇਕਾਗਰਚਿੱਤ ਹੋ ਕੇ ਸ਼ਬਦ ਕੀਰਤਨ ਸਰਵਣ ਕੀਤਾ। ਗੁਰਬਾਣੀ ਦੇ ਰੂਹਾਨੀ ਰੰਗ ਵਿਚ ਰੰਗੀਆਂ ਸੰਗਤਾਂ ਵੱਲੋਂ ਵਾਹਿਗੁਰੂ ਦਾ ਜਾਪ ਕਰਦਿਆਂ ਗੁਰੂ ਚਰਨਾਂ ਵਿਚ ਆਪਣੀ ਹਾਜ਼ਰੀ ਲਗਵਾਈ ਗਈ। ਇਸ ਮੌਕੇ ਕਵੀਸ਼ਰੀ ਜੱਥਾ ਗਿਆਨੀ ਵਰਿਆਮ ਸਿੰਘ ਸਲੀਣਾ (ਜਨੇਰ ਟਕਸਾਲ) ਵੱਲੋਂ ਗੁਰ ਇਤਿਹਾਸ ਨਾਲ ਸਬੰਧਤ ਵਾਰਾਂ ਅਤੇ ਕਵੀਸ਼ਰੀ ਰਾਹੀਂ ਸੰਗਤਾਂ ਨੂੰ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ, ਸਿੱਖ ਇਤਿਹਾਸ ਅਤੇ ਕੁਰਬਾਨੀਆਂ ਤੋਂ ਜਾਣੂੰ ਕਰਵਾਇਆ ਗਿਆ। ਕਵੀਸ਼ਰੀ ਜੱਥੇ ਵੱਲੋਂ ਪੇਸ਼ ਕੀਤੀਆਂ ਗਈਆਂ ਇਤਿਹਾਸਕ ਵਾਰਾਂ ਨੇ ਸਮਾਗਮ ਦੌਰਾਨ ਸੰਗਤਾਂ ਨੂੰ ਭਾਵੁਕ ਅਤੇ ਰੂਹਾਨੀ ਮਾਹੌਲ ਨਾਲ ਜੋੜੀ ਰੱਖਿਆ। ਸਮਾਗਮ ਵਿੱਚ ਬੁਲਾਰਿਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਮਹੱਤਤਾ ਬਾਰੇ ਚਾਨਣਾ ਪਾਉਂਦਿਆਂ ਸੰਗਤਾਂ ਨੂੰ ਗੁਰਬਾਣੀ ਨਾਲ ਜੁੜਨ, ਗੁਰੂ ਸਾਹਿਬਾਨ ਵੱਲੋਂ ਦਰਸਾਏ ਮਾਰਗ ’ਤੇ ਚੱਲਣ ਅਤੇ ਆਪਣੇ ਜੀਵਨ ਨੂੰ ਗੁਰਮਤਿ ਅਨੁਸਾਰ ਢਾਲਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਗੁਰਬਾਣੀ ਮਨੁੱਖ ਨੂੰ ਸੱਚ, ਸੇਵਾ, ਸਿਮਰਨ, ਨਿਮਰਤਾ ਅਤੇ ਭਾਈਚਾਰਕ ਸਾਂਝ ਦਾ ਸੰਦੇਸ਼ ਦਿੰਦੀ ਹੈ। ਇਸ ਦੋ ਰੋਜ਼ਾ ਸਮਾਗਮ ਵਿਚ ਪਿੰਡ ਬਹੋਨਾ ਅਤੇ ਆਸ-ਪਾਸ ਦੇ ਇਲਾਕਿਆਂ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕੀਤੀ। ਸੰਗਤਾਂ ਵੱਲੋਂ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ ਗਈਆਂ। ਸਮਾਗਮ ਨੂੰ ਸਫਲ ਬਣਾਉਣ ਵਿਚ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਸੇਵਾਦਾਰਾਂ ਵੱਲੋਂ ਅਹਿਮ ਯੋਗਦਾਨ ਪਾਇਆ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸੰਤਪਾਲ ਸਿੰਘ ਬਹੋਨਾ, ਸਾਧੂ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੇਵਾਦਾਰ ਅਤੇ ਸੰਗਤਾਂ ਹਾਜ਼ਰ ਸਨ। ਪ੍ਰਬੰਧਕਾਂ ਵੱਲੋਂ ਸਮਾਗਮ ਵਿਚ ਪਹੁੰਚੀ ਸੰਗਤ ਦਾ ਧੰਨਵਾਦ ਕੀਤਾ ਗਿਆ ਅਤੇ ਭਵਿੱਖ ਵਿਚ ਵੀ ਅਜਿਹੇ ਗੁਰਮਤਿ ਸਮਾਗਮ ਕਰਵਾਉਣ ਦੀ ਭਾਵਨਾ ਪ੍ਰਗਟਾਈ ਗਈ।