- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਹੈਲਥ ਕਾਰਪੋਰੇਸ਼ਨ ਦੇ ਸਾਬਕਾ

ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ, ਮੋਗਾ: ਹੈਲਥ ਕਾਰਪੋਰੇਸ਼ਨ ਦੇ ਸਾਬਕਾ ਚੇਅਰਮੈਨ ਬਰਜਿੰਦਰ ਸਿੰਘ ਬਰਾੜ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਉੱਤੇ ਤਿੱਖਾ ਨਿਸ਼ਾਨਾ ਸਾਧਦਿਆਂ ਕਿਹਾ ਕਿ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨਾਲ ਜੋ ਵੱਡੇ ਵਾਅਦੇ ਕੀਤੇ ਸਨ, ਉਹ ਅਜੇ ਤੱਕ ਪੂਰੇ ਨਹੀਂ ਹੋ ਸਕੇ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਬਦਲਾਅ ਦੇ ਸੁਪਨੇ ਦਿਖਾ ਕੇ ਸੱਤ੍ਹਾ ਵਿਚ ਆਈ ਇਸ ਸਰਕਾਰ ਨੇ ਪਿਛਲੇ ਚਾਰ ਸਾਲਾਂ ਦੌਰਾਨ ਜ਼ਮੀਨੀ ਪੱਧਰ ’ਤੇ ਕੋਈ ਠੋਸ ਕੰਮ ਨਹੀਂ ਕੀਤਾ ਅਤੇ ਪੰਜਾਬ ਦੇ ਲੋਕ ਅੱਜ ਵੀ ਬੁਨਿਆਦੀ ਸਮੱਸਿਆਵਾਂ ਨਾਲ ਜੂਝ ਰਹੇ ਹਨ। ਬਰਜਿੰਦਰ ਸਿੰਘ ਬਰਾੜ ਨੇ ਕਿਹਾ ਕਿ ਸਰਕਾਰ ਨੇ ਹਰ ਵਰਗ ਨੂੰ ਰਾਹਤ ਦੇਣ, ਨੌਜਵਾਨਾਂ ਨੂੰ ਰੁਜ਼ਗਾਰ ਦੇਣ, ਸਿਹਤ ਅਤੇ ਸਿੱਖਿਆ ਖੇਤਰ ਵਿਚ ਕ੍ਰਾਂਤੀ ਲਿਆਉਣ ਅਤੇ ਭ੍ਰਿਸ਼ਟਾਚਾਰ ਖ਼ਤਮ ਕਰਨ ਦੇ ਦਾਅਵੇ ਕੀਤੇ ਸਨ। ਪਰ ਹਕੀਕਤ ਇਹ ਹੈ ਕਿ ਅੱਜ ਤੱਕ ਕਿਸੇ ਵੀ ਵਾਅਦੇ ਨੂੰ ਪੂਰਾ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਬੇਰੁਜ਼ਗਾਰੀ ਲਗਾਤਾਰ ਵਧ ਰਹੀ ਹੈ ਅਤੇ ਨੌਜਵਾਨਾਂ ਨੂੰ ਨਾ ਤਾਂ ਨੌਕਰੀਆਂ ਮਿਲ ਰਹੀਆਂ ਹਨ ਅਤੇ ਨਾ ਹੀ ਸਰਕਾਰ ਵੱਲੋਂ ਕੋਈ ਪੱਕੀ ਨੀਤੀ ਬਣਾਈ ਗਈ ਹੈ। ਇਸ ਦੇ ਨਾਲ ਹੀ ਮਹਿੰਗਾਈ ਨੇ ਆਮ ਲੋਕਾਂ ਦਾ ਜੀਣਾ ਮੁਸ਼ਕਿਲ ਕਰ ਦਿੱਤਾ ਹੈ। ਰੋਜ਼ਮਰ੍ਹਾ ਦੀਆਂ ਜ਼ਰੂਰਤਾਂ ਦੀਆਂ ਵਸਤਾਂ ਦੇ ਭਾਅ ਵਧ ਰਹੇ ਹਨ ਪਰ ਸਰਕਾਰ ਇਸ ਵੱਲ ਕੋਈ ਧਿਆਨ ਨਹੀਂ ਦੇ ਰਹੀ। ਬਰਜਿੰਦਰ ਸਿੰਘ ਬਰਾੜ ਨੇ ਕਿਹਾ ਕਿ ਨਸ਼ਿਆਂ ਦਾ ਮੁੱਦਾ ਵੀ ਪੰਜਾਬ ਵਿਚ ਗੰਭੀਰ ਬਣਿਆ ਹੋਇਆ ਹੈ। ਸਰਕਾਰ ਨੇ ਨਸ਼ਾ ਖ਼ਤਮ ਕਰਨ ਦੇ ਵੱਡੇ ਦਾਅਵੇ ਕੀਤੇ ਸਨ ਪਰ ਅੱਜ ਵੀ ਪਿੰਡਾਂ ਅਤੇ ਸ਼ਹਿਰਾਂ ਵਿਚ ਨਸ਼ਾ ਆਸਾਨੀ ਨਾਲ ਮਿਲ ਰਿਹਾ ਹੈ। ਇਸ ਕਾਰਨ ਨੌਜਵਾਨ ਪੀੜ੍ਹੀ ਬਰਬਾਦ ਹੋ ਰਹੀ ਹੈ ਅਤੇ ਪਰਿਵਾਰ ਤਬਾਹੀ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਕਾਨੂੰਨ ਵਿਵਸਥਾ ਦੀ ਹਾਲਤ ਵੀ ਚਿੰਤਾਜਨਕ ਹੈ। ਪੰਜਾਬ ਵਿਚ ਅਪਰਾਧ ਵਧ ਰਹੇ ਹਨ ਅਤੇ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਪ੍ਰਸ਼ਾਸਨ ਨੂੰ ਸੁਚੱਜਾ ਚਲਾਉਣ ਵਿਚ ਨਾਕਾਮ ਰਹੀ ਹੈ ਅਤੇ ਲੋਕਾਂ ਦਾ ਭਰੋਸਾ ਟੁੱਟ ਰਿਹਾ ਹੈ। ਸਾਬਕਾ ਚੇਅਰਮੈਨ ਨੇ ਕਿਹਾ ਕਿ ਹੁਣ ਜਦ ਚੋਣਾਂ ਦਾ ਸਮਾਂ ਨੇੜੇ ਆ ਗਿਆ ਹੈ ਤਾਂ ਸਰਕਾਰ ਨੂੰ ਅਚਾਨਕ ਵਿਕਾਸ ਦੀ ਯਾਦ ਆ ਰਹੀ ਹੈ। ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਲੋਕਾਂ ਨੂੰ ਮੁੜ ਭਰਮਾਉਣ ਲਈ ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਹਨ ਪਰ ਲੋਕ ਹੁਣ ਸਭ ਕੁੱਝ ਸਮਝ ਚੁੱਕੇ ਹਨ। ਬਰਾੜ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਸਰਕਾਰ ਨੂੰ ਚਾਰ ਸਾਲ ਦਾ ਮੌਕਾ ਦਿੱਤਾ ਸੀ ਪਰ ਸਰਕਾਰ ਲੋਕਾਂ ਦੀਆਂ ਉਮੀਦਾਂ ’ਤੇ ਖਰੀ ਨਹੀਂ ਉੱਤਰੀ। ਉਨ੍ਹਾਂ ਆਖਿਆ ਕਿ ਲੋਕਾਂ ਦੇ ਭਲੇ ਲਈ ਜ਼ਰੂਰੀ ਹੈ ਕਿ ਸਰਕਾਰ ਸਿਰਫ਼ ਚੋਣਾਂ ਦੇ ਸਮੇਂ ਦੌਰਾਨ ਵਿਕਾਸ ਦੇ ਦਾਅਵੇ ਕਰਨ ਦੀ ਬਜਾਏ ਅਸਲ ਵਿਚ ਜ਼ਮੀਨੀ ਪੱਧਰ ’ਤੇ ਕੰਮ ਕਰੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਆਉਣ ਵਾਲੀਆਂ ਚੋਣਾਂ ਵਿਚ ਸਰਕਾਰ ਨੂੰ ਉਸ ਦੀ ਨਾਕਾਮੀ ਦਾ ਜਵਾਬ ਦੇਣਗੇ ਅਤੇ ਆਪਣੇ ਵੋਟ ਦੇ ਜ਼ਰੀਏ ਸਹੀ ਫੈਸਲਾ ਲੈਣਗੇ।