ਡੀਟੀਐੱਫ ਆਗੂਆਂ ਵੱਲੋਂ ਸਰਕਾਰ ਦੀਆਂ ਨੀਤੀਆਂ ਦਾ ਵਿਰੋਧ
ਸਿੱਖਿਆ ਅਤੇ ਸਿਹਤ ਕ੍ਰਾਂਤੀ
Publish Date: Sun, 19 Apr 2026 03:41 PM (IST)
Updated Date: Mon, 20 Apr 2026 04:00 AM (IST)

ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ ਮੋਗਾ: ਸਿੱਖਿਆ ਅਤੇ ਸਿਹਤ ਕ੍ਰਾਂਤੀ ਦੇ ਫੋਕੇ ਦਾਅਵੇ ਕਰਨ ਵਾਲੀ ਆਪ ਸਰਕਾਰ ਵੱਲੋਂ ਇਸ ਵਿੱਦਿਅਕ ਵਰ੍ਹੇ ਦੌਰਾਨ ਵੱਖਰਾ ਕਾਰਨਾਮਾ ਕਰ ਕਰ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਕੂਲੀ ਵਿਦਿਆਰਥੀਆਂ ਨੂੰ ਦੇਣ ਵਾਲੀਆਂ ਕਿਤਾਬਾਂ ਦੇ ਲਿਫ਼ਾਫ਼ਿਆਂ ’ਤੇ ਮੁੱਖ ਮੰਤਰੀ ਪੰਜਾਬ ਦੀਆਂ ਫੋਟੋਆਂ ਛਾਪ ਕੇ ਸਿੱਖਿਆ ਕ੍ਰਾਂਤੀ ਦਾ ਢਿੰਡੋਰਾ ਪਿੱਟਿਆ ਜਾ ਰਿਹਾ ਹੈ ਅਤੇ ਆਪਣੇ ਆਪ ਨੂੰ ਸ਼ਾਬਾਸ਼ ਦਿੱਤੀ ਜਾ ਰਹੀ ਹੈ। ਪ੍ਰਤੀਨਿੱਧ ਅਧਿਆਪਕ ਜਥੇਬੰਦੀ ਡੈਮੋਕਰੈਟਿਕ ਟੀਚਰਜ਼ ਫਰੰਟ ਦੇ ਸੂਬਾ ਪ੍ਰਧਾਨ ਦਿਗਵਿਜੇਪਾਲ ਸ਼ਰਮਾ ਅਤੇ ਸੂਬਾ ਸਕੱਤਰ ਰੇਸ਼ਮ ਸਿੰਘ ਖੇਮੂੰਆਣਾ ਨੇ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦੀ ਅਫ਼ਸਰਸ਼ਾਹੀ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਕਿਹਾ ਕਿ ਸਿੱਖਿਆ ਦੇ ਅਧਿਕਾਰ ਐਕਟ ਤਹਿਤ ਪਹਿਲੀ ਜਮਾਤ ਤੋਂ ਬਾਰਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਮੁਫ਼ਤ ਮਿਲਣ ਵਾਲੀਆਂ ਕਿਤਾਬਾਂ ’ਤੇ ਵੀ ਸਿਆਸੀ ਰੋਟੀਆਂ ਸੇਕੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਬਲਾਕ ਸਿੱਖਿਆ ਦਫ਼ਤਰਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਕਿਤਾਬਾਂ ਮੁੱਖ ਮੰਤਰੀ ਦੀ ਫੋਟੋ ਵਾਲੇ ਲਿਫਾਫੇ ਵਿੱਚ ਪਾ ਕੇ ਸਕੂਲਾਂ ਨੂੰ ਭੇਜੀਆਂ ਜਾਣ। ਜੱਥੇਬੰਦੀ ਦੇ ਸੂਬਾ ਦਿਗਵਿਜੇ ਪਾਲ ਸ਼ਰਮਾ ਅਤੇ ਜ਼ਿਲ੍ਹਾ ਪ੍ਰਧਾਨ ਸੁਖਪਾਲ ਜੀਤ ਸਿੰਘ ਨੇ ਆਪ ਸਰਕਾਰ ਦੀਆਂ ਸਿੱਖਿਆ ਵਿਰੋਧੀ ਨੀਤੀਆਂ ਦੀ ਜ਼ੋਰਦਾਰ ਨਿਖੇਧੀ ਕਰਦਿਆਂ ਕਿਹਾ ਕਿ ਇਸ ਵਿਦਿਅਕ ਵਰ੍ਹੇ ਦੋਰਾਨ ਜਨਗਣਨਾ, ਸਿਹਤ ਕਾਰਡ ਐੱਸਆਈਆਰ ਬੀਐੱਲਓ ਡਿਊਟੀਆਂ ਸਮੇਂਤ ਅਨੇਕਾਂ ਗੈਰ ਵਿੱਦਿਅਕ ਕੰਮਾਂ ਤੇ ਅਧਿਆਪਕਾਂ ਦੀਆਂ ਡਿਊਟੀਆਂ ਵੱਡੇ ਪੱਧਰ ਤੇ ਲਗਾਈਆਂ ਗਈਆਂ ਹਨ। ਜਿਸ ਕਾਰਨ ਸਕੂਲੀ ਵਿਦਿਆਰਥੀਆਂ ਦੀ ਪੜ੍ਹਾਈ ਸੈਸ਼ਨ ਦੇ ਸ਼ੁਰੂ ਵਿਚ ਹੀ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ। ਉਨ੍ਹਾਂ ਕਿਹਾ ਕਾਗਜ਼ੀ ਸਿੱਖਿਆ ਕ੍ਰਾਂਤੀ ਦਾ ਖਮਿਆਜ਼ਾ ਅਧਿਆਪਕ ਅਤੇ ਵਿਦਿਆਰਥੀ ਦੋਹਾਂ ਨੂੰ ਭੁਗਤਣਾਂ ਪੈ ਰਿਹਾ ਹੈ। ਜੱਥੇਬੰਦੀ ਦੇ ਸੂਬਾ ਆਗੂਆਂ ਨੇ ਸਰਕਾਰ ਤੇ ਵਾਅਦਾ ਖਿਲਾਫੀ ਦਾ ਦੋਸ਼ ਲਾਉਂਦਿਆਂ ਕਿਹਾ ਕਿ ਪੁਰਾਣੀ ਪੈਨਸ਼ਨ ਬਹਾਲੀ, ਡੀ.ਏ. ਦੇ ਬਕਾਇਆਂ ਅਤੇ ਕੱਟੇ ਹੋਏ 37 ਤਰ੍ਹਾਂ ਦੇ ਭੱਤਿਆਂ ਦੀ ਬਹਾਲੀ ਤੋਂ ਸਰਕਾਰ ਆਨਾਕਾਨੀ ਕਰ ਰਹੀ ਹੈ। ਉਨ੍ਹਾਂ ਪੁਰਜ਼ੋਰ ਮੰਗ ਕੀਤੀ ਕਿ ਸੂਬੇ ਦੀ ਆਪਣੀ ਸੁਤੰਤਰ ਸਿੱਖਿਆਂ ਨੀਤੀ ਬਣਾਈ ਜਾਵੇ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ। ਅਧਿਆਪਕਾਂ ਉੱਪਰ ਜਬਰੀ ਥੋਪੇ ਗਏ ਟੈੱਟ ਟੈਸਟ ਨੂੰ ਤੁਰੰਤ ਰੱਦ ਕੀਤਾ ਜਾਵੇ। ਉਨ੍ਹਾਂ ਸਮੁਚੇ ਅਧਿਆਪਕ ਵਰਗ ਨੂੰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਲਗਾਤਾਰ ਦ੍ਰਿੜਤਾ ਨਾਲ ਸੰਘਰਸ਼ ਕਰਨ ਦਾ ਸੱਦਾ ਦਿੱਤਾ।