ਵਿਧਾਇਕ ਅਰੋੜਾ ਦੇ ਟਿਕਾਣਿਆਂ ’ਤੇ ਈਡੀ ਦੀ ਛਾਪੇਮਾਰੀ ਖ਼ਿਲਾਫ਼ ਰੋਸ ਮੋਗਾ ਤੋਂ ਆਮ ਆਦਮੀ ਪਾਰਟੀ ਦੀ
Publish Date: Wed, 04 Nov 2026 04:27 PM (IST)
Updated Date: Wed, 04 Nov 2026 04:29 PM (IST)
ਆਮ ਆਦਮੀ ਪਾਰਟੀ ਵਰਕਰਾਂ ਨੇ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ ਮਨਪ੍ਰੀਤ ਸਿੰਘ ਮੱਲੇਆਣਾ/ਕੁਲਵਿੰਦਰ ਸਿੰਘ ਸਹੋਤਾ ਪੰਜਾਬੀ ਜਾਗਰਣ ਮੋਗਾ : ਮੋਗਾ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਦੇ ਟਿਕਾਣਿਆਂ ’ਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਕੀਤੀ ਜਾ ਰਹੀ ਛਾਪੇਮਾਰੀ ਦੇ ਵਿਰੋਧ ਵਿਚ ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਦੌਰਾਨ ਪਾਰਟੀ ਆਗੂਆਂ ਨੇ ਦੋਸ਼ ਲਾਇਆ ਕਿ ਭਾਜਪਾ ਵੱਲੋਂ ਕੇਂਦਰੀ ਜਾਂਚ ਏਜੰਸੀਆਂ ਦੀ ਵਰਤੋਂ ਕਰਕੇ ਆਮ ਆਦਮੀ ਪਾਰਟੀ ਦੇ ਵਿਧਾਇਕ ’ਤੇ ਦਬਾਅ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਧਰਨੇ ਦੌਰਾਨ ਪਿਆਰਾ ਸਿੰਘ, ਪ੍ਰੇਮ ਚੰਦ ਚੱਕੀ ਵਾਲਾ ਅਤੇ ਮੋਗਾ ਦੀ ਮੇਅਰ ਵਿਨੈਪਾਲ ਕੌਰ ਸਮੇਤ ਹੋਰ ਪਾਰਟੀ ਆਗੂ ਅਤੇ ਵਰਕਰ ਮੌਜੂਦ ਰਹੇ। ਆਗੂਆਂ ਵੱਲੋਂ ਕੇਂਦਰ ਸਰਕਾਰ ਦੀ ਕਾਰਵਾਈ ਦਾ ਵਿਰੋਧ ਕਰਦਿਆਂ ਨਾਅਰੇਬਾਜ਼ੀ ਕੀਤੀ ਗਈ ਅਤੇ ਧਰਨਾ ਜਾਰੀ ਰੱਖਿਆ ਗਿਆ। ਆਮ ਆਦਮੀ ਪਾਰਟੀ ਆਗੂਆਂ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਵਿਰੋਧੀ ਪਾਰਟੀਆਂ ਦੇ ਆਗੂਆਂ ਨੂੰ ਨਿਸ਼ਾਨਾ ਬਣਾਉਣ ਲਈ ਕੇਂਦਰੀ ਏਜੰਸੀਆਂ ਦੀ ਵਰਤੋਂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਾਂਚ ਏਜੰਸੀਆਂ ਨੂੰ ਨਿਰਪੱਖ ਢੰਗ ਨਾਲ ਆਪਣਾ ਕੰਮ ਕਰਨਾ ਚਾਹੀਦਾ ਹੈ ਅਤੇ ਕਿਸੇ ਵੀ ਸਿਆਸੀ ਪਾਰਟੀ ਦੇ ਆਗੂ ਨੂੰ ਸਿਆਸੀ ਦਬਾਅ ਹੇਠ ਲਿਆਉਣ ਲਈ ਅਜਿਹੀਆਂ ਕਾਰਵਾਈਆਂ ਨਹੀਂ ਹੋਣੀਆਂ ਚਾਹੀਦੀਆਂ। ਆਗੂਆਂ ਨੇ ਕਿਹਾ ਕਿ ਉਹ ਇਸ ਕਾਰਵਾਈ ਦਾ ਵਿਰੋਧ ਕਰਦੇ ਰਹਿਣਗੇ ਅਤੇ ਕੇਂਦਰ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਆਪਣੀ ਆਵਾਜ਼ ਬੁਲੰਦ ਕਰਨਗੇ। ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਦੇ ਟਿਕਾਣਿਆਂ ’ਤੇ ਈਡੀ ਦੀ ਛਾਪੇਮਾਰੀ ਨੂੰ ਲੈ ਕੇ ਮੋਗਾ ਵਿੱਚ ਸਿਆਸੀ ਮਾਹੌਲ ਗਰਮਾਇਆ ਹੋਇਆ ਹੈ ਅਤੇ ‘ਆਪ’ ਆਗੂਆਂ ਵੱਲੋਂ ਆਪਣਾ ਧਰਨਾ ਜਾਰੀ ਰੱਖਿਆ ਗਿਆ ਹੈ। ਕੇਂਦਰ ਸਰਕਾਰ ’ਤੇ ਦਬਾਅ ਪਾਉਣ ਦੇ ਲਾਏ ਦੋਸ਼ ਆਮ ਆਦਮੀ ਪਾਰਟੀ ਦੇ ਸਕੱਤਰ ਜਨਰਲ ਪ੍ਰੇਮ ਚੰਦ ਚੱਕੀ ਵਾਲਾ ਅਤੇ ਪਿਆਰਾ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਅਜਿਹੀਆਂ ਘਟੀਆ ਕਾਰਵਾਈਆਂ ਤੇ ਉੱਤਰ ਆਈ ਹੈ ਪਰ ਆਮ ਆਦਮੀ ਪਾਰਟੀ ਡਰਨ ਵਾਲੀ ਨਹੀਂ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਬੀਜੇਪੀ ਸਰਕਾਰ ਆਪ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਤੇ ਬੀਜੇਪੀ ਵਿਚ ਸ਼ਾਮਲ ਹੋਣ ਦਾ ਦਬਾਅ ਪਾ ਕੇ ਉਨ੍ਹਾਂ ਨੂੰ ਅਜਿਹੀਆਂ ਕਾਰਵਾਈਆਂ ਕਰਕੇ ਡਰਾ ਰਹੀ ਹੈ। ਉਨ੍ਹਾਂ ਕਿਹਾ ਕਿ ਆਪ ਵਿਧਾਇਕ ਡਾ ਅਮਨਦੀਪ ਕੌਰ ਅਰੋੜਾ ਮਹਿਲਾ ਵਿੰਗ ਪੰਜਾਬ ਦੇ ਪ੍ਰਧਾਨ ਵੀ ਹਨ ਉਨ੍ਹਾਂ ਦਾ ਸੂਬੇ ਵਿਚ ਵੱਡਾ ਚਿਹਰਾ ਹੈ ਇਸ ਕਰਕੇ ਬੀਜੇਪੀ ਘੱਟੀਆ ਹੱਥਕੰਡੇ ਅਪਣਾ ਰਹੀ ਹੈ। ਉਨ੍ਹਾਂ ਦਾਅਵੇ ਨਾਲ ਕਿਹਾ ਕਿ ਇਸ ਕਾਰਵਾਈ ਵਿਚ ਈਡੀ ਤੇ ਬੀਜੇਪੀ ਨੂੰ ਕੁਝ ਵੀ ਹਾਸਲ ਨਹੀਂ ਹੋਵੇਗਾ। ਈਡੀ ਵੱਲੋਂ ਕੀਤੀ ਜਾ ਰਹੀ ਕਰਵਾਈ ਸਿਆਸੀ ਹਲਕਿਆਂ ਵਿਚ ਚਰਚਾ ਦਾ ਵਿਸ਼ਾ ਬਣੀ ਰਹੀ।