ਸਾਬਕਾ ਸੈਨਿਕਾਂ ਦੀ ਭਲਾਈ ਲਈ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ : ਏਡੀਸੀ
ਸਾਬਕਾ ਸੈਨਿਕਾਂ ਤੇ ਉਨ੍ਹਾਂ ਦੇ ਪਰਿਵਾਰਾਂ
Publish Date: Wed, 10 Dec 2025 05:23 PM (IST)
Updated Date: Wed, 10 Dec 2025 05:24 PM (IST)

- ਏਡੀਸੀ ਜਸਪਿੰਦਰ ਸਿੰਘ ਨੇ ਜ਼ਿਲ੍ਹਾ ਸੈਨਿਕ ਬੋਰਡ ਦੀ ਕੀਤੀ ਤਿਮਾਹੀ ਮੀਟਿੰਗ ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਮੋਗਾ : ਸਾਬਕਾ ਸੈਨਿਕਾਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਬਣਦਾ ਮਾਣ-ਸਨਮਾਨ ਦੇਣ ਲਈ ਜ਼ਿਲ੍ਹਾ ਪ੍ਰਸ਼ਾਸਨ ਮੋਗਾ ਵਚਨਬੱਧ ਹੈ। ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਦੀ ਭਲਾਈ ਲਈ ਯੋਗਦਾਨ ਪਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਝੰਡਾ ਦਿਵਸ ਦੀ ਰਾਸ਼ੀ ਜਿਹੜੀ ਕਿ ਸਾਬਕਾ ਸੈਨਿਕਾਂ ਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਵਰਤੀ ਜਾਂਦੀ ਹੈ ਵਿਚ ਜ਼ਿਲ੍ਹੇ ਦੇ ਨਾਗਰਿਕਾਂ, ਸਕੂਲਾਂ/ਕਾਲਜਾਂ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਕਰਮਚਾਰੀਆਂ ਨੂੰ ਵੀ ਇਸ ਵਿਚ ਵੱਧ ਤੋ ਵੱਧ ਯੋਗਦਾਨ ਪਾਉਣਾ ਚਾਹੀਦਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਏਡੀਸੀ ਜਸਪਿੰਦਰ ਸਿੰਘ ਵੱਲੋਂ ਜ਼ਿਲ੍ਹਾ ਸੈਨਿਕ ਬੋਰਡ ਦੀ ਤਿਮਾਹੀ ਮੀਟਿੰਗ ਦੀ ਪ੍ਰਧਾਨਗੀ ਕਰਨ ਮੌਕੇ ਕੀਤਾ। ਮੀਟਿੰਗ ਵਿਚ ਉਨ੍ਹਾਂ ਨਾਲ ਗਰੁੱਪ ਕੈਪਟਨ ਦੇਵਿੰਦਰ ਸਿੰਘ ਢਿੱਲੋਂ ਸੇਵਾਮੁਕਤ ਸਕੱਤਰ ਜ਼ਿਲ੍ਹਾ ਸੈਨਿਕ ਬੋਰਡ ਮੋਗਾ, ਲੈਫ. ਕਰਨਲ ਡਾ. ਸੁਖਮੀਤ ਮਿਨਹਾਸ ਸੇਵਾਮੁਕਤ ਮੀਤ ਪ੍ਰਧਾਨ ਜ਼ਿਲ੍ਹਾ ਸੈਨਿਕ ਬੋਰਡ ਅਤੇ ਬੋਰਡ ਦੇ ਸਮੂਹ ਮੈਂਬਰਾਂ ਨੇ ਹਾਜ਼ਰੀ ਭਰੀ। ਗਰੁੱਪ ਕੈਪਟਨ ਦੇਵਿੰਦਰ ਸਿੰਘ ਢਿੱਲੋਂ (ਰਿਟ) ਵੱਲੋਂ ਮੀਟਿੰਗ ਵਿਚ ਝੰਡਾ ਦਿਵਸ ਦੀ ਰਾਸ਼ੀ ਇਕੱਤਰ ਕਰਨ ਬਾਰੇ, ਪੁਲਿਸ ਵਿਭਾਗ ਦੀਆਂ ਸ਼ਿਕਾਇਤਾਂ ਸਬੰਧੀ, ਸੁਵਿਧਾ ਸੈਂਟਰ ਵਿਚ ਸੈਨਿਕਾਂ ਦੀ ਪਹਿਲ ਦੇ ਆਧਾਰ ’ਤੇ ਸੁਣਵਾਈ ਬਾਰੇ ਵਧੀਕ ਡਿਪਟੀ ਕਮਿਸ਼ਨਰ ਦੇ ਧਿਆਨ ਵਿਚ ਲਿਆਂਦਾ ਗਿਆ। ਸਾਬਕਾ ਫੌਜੀਆਂ ਲਈ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਗਈ। ਸਾਬਕਾ ਫੌਜੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਆ ਰਹੀਆਂ ਮੁਸ਼ਕਿਲਾਂ ਦੇ ਹੱਲ ਲਈ ਪੁਲਿਸ ਵਿਭਾਗ ਨੂੰ ਜਾਣੂ ਕਰਵਾਇਆ ਗਿਆ। ਏਡੀਸੀ ਵੱਲੋਂ ਸਾਰੇ ਮੁੱਦਿਆਂ ’ਤੇ ਵਿਚਾਰ ਕਰਨ ਬਾਅਦ ਸਬੰਧਿਤ ਵਿਭਾਗਾਂ ਨੂੰ ਸਾਬਕਾ ਫੌਜੀਆਂ ਨੂੰ ਆ ਰਹੀਆਂ ਮੁਸ਼ਕਿਲਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਲਈ ਕਿਹਾ ਗਿਆ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਮੋਗਾ ਵੱਲੋਂ ਸਮੂਹ ਵਿਭਾਗਾਂ ਨੂੰ ਸਖ਼ਤ ਆਦੇਸ਼ ਪਹਿਲਾਂ ਤੋਂ ਹੀ ਜਾਰੀ ਕੀਤੇ ਹੋਏ ਹਨ ਕਿ ਸਾਰੇ ਵਿਭਾਗਾਂ ਵਿਚ ਸਾਬਕਾ ਸੈਨਿਕਾਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਬਣਦਾ ਮਾਨ-ਸਨਮਾਨ ਦਿੱਤਾ ਜਾਣਾ ਯਕੀਨੀ ਬਣਾਇਆ ਜਾਵੇ। ਜ਼ਿਲ੍ਹਾ ਰੁਜ਼ਗਾਰ ਅਫ਼ਸਰ ਮੋਗਾ ਡਿੰਪਲ ਥਾਪਰ ਵੱਲੋਂ ਸਾਬਕਾ ਫੌਜੀਆਂ ਦੇ ਅਸ਼ਿਰਤਾਂ ਲਈ ਫੌਜ ਵਿਚ ਭਰਤੀ ਲਈ ਸੀ ਪਾਈਟ ਕੈਂਪ ਦੇ ਸਹਿਯੋਗ ਨਾਲ ਕੀਤੇ ਜਾ ਰਹੇ ਉਪਰਾਲਿਆਂ ਅਤੇ ਕੰਮਾਂ ਦੀ ਸੰਖੇਪ ਜਾਣਕਾਰੀ ਦਿੱਤੀ ਗਈ। ਸੂਬੇਦਾਰ ਐੱਸ ਮੂਰਤੀ ਇੰਚਾਰਜ ਐੱਨਸੀਸੀ ਮੋਗਾ ਵੱਲੋਂ ਸਕੂਲਾਂ ਕਾਲਜਾਂ ਦੇ ਬੱਚਿਆਂ ਵਾਸਤੇ ਕੀਤੇ ਜਾ ਰਹੇ ਵਿਸ਼ੇਸ ਉਪਰਾਲਿਆਂ ਸਬੰਧੀ ਜਾਣਕਾਰੀ ਦਿੱਤੀ ਗਈ।