- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਧੀਕ ਮੁੱਖ ਸਕੱਤਰ ਪੰਜਾਬ ਸਰਕਾਰ

ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ ਮੋਗਾ: ਵਧੀਕ ਮੁੱਖ ਸਕੱਤਰ ਪੰਜਾਬ ਸਰਕਾਰ ਡੀਕੇ ਤਿਵਾੜੀ ਵੱਲੋਂ ਮੋਗਾ ਜ਼ਿਲ੍ਹੇ ਵਿਚ ਝੋਨੇ ਦੀ ਖਰੀਦ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਬੁੱਧਵਾਰ ਨੂੰ ਡੀਸੀ ਸਾਗਰ ਸੇਤੀਆ ਤੋਂ ਇਲਾਵਾ ਖੁਰਾਕ ਤੇ ਸਿਵਲ ਸਪਲਾਈ ਤੇ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਫ਼ਸਲ ਦਾ ਦਾਣਾ ਦਾਣਾ ਖ਼ਰੀਦਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਖ਼ਰੀਦ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ, ਜਿਸ ਤਹਿਤ ਮੋਗਾ ਜ਼ਿਲ੍ਹੇ ਵਿਚ 13.5 ਲੱਖ ਮੀਟਰਕ ਟਨ ਝੋਨੇ ਦੀ ਖ਼ਰੀਦ ਦਾ ਟੀਚਾ ਰੱਖਿਆ ਗਿਆ ਹੈ, ਜਿਸਨੂੰ ਕਿਸਾਨਾਂ ਦੀ ਮਿਹਨਤ ਨਾਲ ਪੈਦਾ ਕੀਤੀ ਫਸਲ ਦੇ ਚੰਗੇ ਝਾੜ ਨਾਲ ਪੂਰਾ ਕਰ ਲਿਆ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਲਗਾਤਾਰ ਮੰਡੀਆਂ ਦਾ ਦੌਰਾ ਕਰਨ ਤੇ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ ਨਾਲ ਗੱਲਬਾਤ ਕਰਕੇ ਪੂਰੀ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਖ਼ਰੀਦ ਵੇਲੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਾ ਆਵੇ ਜਿਸ ਲਈ ਪੰਜਾਬ ਸਰਕਾਰ ਵੱਲੋਂ ਬਾਰਦਾਨੇ , ਕਿਸਾਨਾਂ ਨੂੰ ਅਦਾਇਗੀ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਮੋਗਾ ਦਾਣਾ ਮੰਡੀ ਦਾ ਦੌਰਾ ਕਰਕੇ ਕਿਸਾਨਾਂ ਤੇ ਆੜ੍ਹਤੀਆਂ ਨਾਲ ਦੇ ਗੱਲਬਾਤ ਕੀਤੀ ਤੇ ਖ਼ਰੀਦ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਡੀਸੀ ਸਾਗਰ ਸੇਤੀਆ ਨੇ ਦੱਸਿਆ ਕਿ ਮੋਗਾ ਜ਼ਿਲ੍ਹੇ ਵਿਚ ਕੁੱਲ ਸਥਾਈ ਤੇ ਆਰਜ਼ੀ 112 ਮੰਡੀਆਂ ਹਨ , ਜਿਸ ਵਿਚੋਂ 97 ਮੰਡੀਆਂ ਵਿਚ ਝੋਨੇ ਦੀ ਆਮਦ ਹੋ ਗਈ ਹੈ ਤੇ ਅਗਲੇ ਕੁੱਝ ਦਿਨਾਂ ਵਿਚ ਝੋਨੇ ਦੀ ਆਮਦ ਵਿਚ ਤੇਜ਼ੀ ਆਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਹੁਣ ਤੱਕ 1 ਲੱਖ ਮੀਟਰਕ ਟਨ ਝੋਨੇ ਦੀ ਖ਼ਰੀਦ ਹੋ ਚੁੱਕੀ ਹੈ ਜਿਸ ਲਈ ਕਿਸਾਨਾਂ ਨੂੰ ਨਾਲੋ ਨਾਲ ਅਦਾਇਗੀ ਹੋ ਚੁੱਕੀ ਹੈ। ਤਿਵਾੜੀ ਵੱਲੋਂ ਮੋਗਾ ਜ਼ਿਲ੍ਹੇ ਵਿਚ ਪਰਾਲੀ ਦੇ ਯੋਗ ਨਿਪਟਾਰੇ ਦੀ ਵੀ ਸਮੀਖਿਆ ਕੀਤੀ ਗਈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਖੇਤਾਂ ਵਿਚ ਹੀ ਪਰਾਲੀ ਦਾ ਨਿਪਟਾਰਾ ਕਰਨ ਜਿਸ ਨਾਲ ਜ਼ਮੀਨ ਦੀ ਸਿਹਤ ਵਿਚ ਸੁਧਾਰ ਹੋਵੇਗਾ ਤੇ ਵਾਤਾਵਰਣ ਸੰਭਾਲ ਵਿੱਚ ਵੀ ਮਦਦ ਮਿਲੇਗੀ। ਉਨ੍ਹਾਂ ਜ਼ਿਲ੍ਹੇ ਵਿਚ ਗਠਿਤ ਕੀਤੀਆਂ 9 ਪਰਾਲੀ ਪ੍ਰਟੈਕਸ਼ਨ ਫੋਰਸ ਦੇ ਕੰਮ ਦੀ ਵੀ ਸਮੀਖਿਆ ਕੀਤੀ। ਇਸ ਤੋਂ ਇਲਾਵਾ ਬੇਲਰਾਂ ਰਾਹੀਂ ਪਰਾਲੀ ਦੀਆਂ ਗੱਠਾਂ ਬਣਾਕੇ ਪਰਾਲੀ ਨੂੰ ਸਾਂਭਣ ਦਾ ਵੀ ਜਾਇਜ਼ਾ ਲਿਆ ਗਿਆ। ਇਸ ਮੌਕੇ ਡੀਸੀ ਨੇ ਕਿਹਾ ਕਿ ਮੋਗਾ ਜ਼ਿਲ੍ਹੇ ਵਿਚ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਵਿਆਪਕ ਮੁਹਿੰਮ ਚਲਾਈ ਗਈ ਹੈ । ਇਸ ਤੋਂ ਇਲਾਵਾ ਪਰਾਲੀ ਨੂੰ ਸਾੜਨ ਦੇ ਮਾਮਲਿਆਂ ਵਿਚ ਕਿਸਾਨਾਂ ਦੇ ਸਹਿਯੋਗ ਤੇ ਪ੍ਰਸ਼ਾਸਨ ਦੀ ਕਾਰਵਾਈ ਨਾਲ 52 ਫੀਸਦੀ ਦੀ ਕਮੀ ਦਰਜ ਕੀਤੀ ਗਈ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਪਰਾਲੀ ਨੂੰ ਸਾੜੇ ਜਾਣ ਤੋਂ ਰੋਕਣ ਲਈ 197 ਨੋਡਲ ਅਫ਼ਸਰ ਤੇ ਕਲੱਸਟਰ ਅਫ਼ਸਰ ਨਿਯੁਕਤ ਕੀਤੇ ਗਏ ਹਨ। ਇਸ ਤੋਂ ਇਲਾਵਾ ਕਿਸਾਨਾਂ ਨੂੰ 1214 ਮਸ਼ੀਨਾਂ ਸਬਸਿਡੀ ਉੱਪਰ ਦਿੱਤੀਆਂ ਗਈਆਂ ਹਨ ਤੇ ਸਹਿਕਾਰਤਾ ਵਿਭਾਗ ਵੱਲੋਂ ਵੀ 386 ਮਸ਼ੀਨਾਂ ਖ਼ਰੀਦੀਆਂ ਗਈਆਂ ਹਨ ਜੋ ਕਿ ਕਿਸਾਨਾਂ ਨੂੰ ਵਰਤਣ ਲਈ ਦਿੱਤੀਆਂ ਗਈਆਂ ਹਨ । ਇਸੇ ਤਰ੍ਹਾਂ ਵਾਲ ਪੇਂਟਿੰਗ ਤੇ ਨੁੱਕੜ ਨਾਟਕਾਂ ਰਾਹੀਂ ਵੀ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ।