ਵਧੀਕ ਮੁੱਖ ਸਕੱਤਰ ਡੀਕੇ ਤਿਵਾੜੀ ਵੱਲੋਂ ਮੋਗਾ ਦੇ ਪੀਐੱਮ ਸ੍ਰੀ ਸਕੂਲਾਂ ਦਾ ਦੌਰਾ ਪੰਜਾਬ ਸਰਕਾਰ ਦੇ ਸਕੂਲ ਸਿੱਖਿਆ
Publish Date: Wed, 19 Aug 2026 07:14 PM (IST)
Updated Date: Wed, 19 Aug 2026 07:15 PM (IST)
ਸਕੂਲਾਂ ’ਚ ਵਿੱਦਿਅਕ ਪ੍ਰਬੰਧਾਂ ਦਾ ਜਾਇਜ਼ਾ, ਵਿਦਿਆਰਥੀਆਂ ਤੇ ਅਧਿਆਪਕਾਂ ਨਾਲ ਕੀਤਾ ਸਿੱਧਾ ਸੰਵਾਦ ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ ਮੋਗਾ: ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ’ਚ ਵਿੱਦਿਅਕ ਪ੍ਰਬੰਧਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਅਤੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸਕੂਲਾਂ ਦੀ ਨਿਯਮਤ ਨਿਗਰਾਨੀ ਅਤੇ ਚੈਕਿੰਗ ਕੀਤੀ ਜਾ ਰਹੀ ਹੈ। ਇਸੇ ਲੜੀ ਤਹਿਤ ਵਧੀਕ ਮੁੱਖ ਸਕੱਤਰ , ਗੁੱਡ ਗਵਰਨੈਂਸ ਤੇ ਸੂਚਨਾ ਤਕਨੀਕ ਵਿਭਾਗ , ਡੀਕੇ ਤਿਵਾੜੀ ਵੱਲੋਂ ਅੱਜ ਜ਼ਿਲ੍ਹਾ ਮੋਗਾ ਦੇ ਪੀਐੱਮ ਸ੍ਰੀ ਸਰਕਾਰੀ ਸਕੂਲਾਂ ਦਾ ਅਚਨਚੇਤ ਦੌਰਾ ਕਰਕੇ ਉੱਥੇ ਚੱਲ ਰਹੀਆਂ ਵਿੱਦਿਅਕ ਅਤੇ ਪ੍ਰਸ਼ਾਸਨਿਕ ਗਤੀਵਿਧੀਆਂ ਦਾ ਵਿਸਥਾਰ ਨਾਲ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਸਾਗਰ ਸੇਤੀਆ ਵੀ ਹਾਜ਼ਰ ਸਨ। ਡੀਕੇ ਤਿਵਾੜੀ ਵੱਲੋਂ ਪੀਐੱਮ ਸ੍ਰੀ ਸਕੂਲ ਧੱਲੇਕੇ, ਪੀਐੱਮ ਸ੍ਰੀ ਸਕੂਲ ਕੋਟ ਈਸੇ ਖਾਂ ਲੜਕੀਆਂ, ਪੀਐੱਮ ਸ੍ਰੀ ਸਕੂਲ ਧਰਮਕੋਟ ਲੜਕੀਆਂ ਅਤੇ ਪੀਐੱਮ ਸ੍ਰੀ ਸਕੂਲ ਗੋਧੇਵਾਲਾ ਲੜਕੀਆਂ ਦਾ ਦੌਰਾ ਕੀਤਾ ਗਿਆ। ਉਨ੍ਹਾਂ ਵੱਲੋਂ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਸਿੱਧਾ ਸੰਵਾਦ ਕਰਦਿਆਂ ਸਕੂਲਾਂ ਵਿੱਚ ਸਿੱਖਿਆ ਦੇ ਪੱਧਰ, ਵਿਦਿਆਰਥੀਆਂ ਦੀ ਸਿੱਖਣ ਪ੍ਰਗਤੀ ਅਤੇ ਉੱਪਲਬਧ ਸਹੂਲਤਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਗਈ। ਦੌਰੇ ਦੌਰਾਨ ਸ੍ਰੀ ਡੀਕੇ ਤਿਵਾੜੀ ਵੱਲੋਂ ਸਕੂਲਾਂ ਵਿਚ ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਹਾਜ਼ਰੀ, ਕਲਾਸ ਰੂਮਾਂ ਦੀ ਸਥਿਤੀ, ਪੜ੍ਹਾਈ ਦੇ ਪੱਧਰ, ਸਫ਼ਾਈ ਪ੍ਰਬੰਧਾਂ, ਪੀਣ ਵਾਲੇ ਸਾਫ਼ ਪਾਣੀ, ਪਖਾਨਿਆਂ, ਮਿਡ-ਡੇ ਮੀਲ/ਪੀ.ਐੱਮ. ਪੋਸ਼ਣ ਸਕੀਮ, ਸਕੂਲ ਰਿਕਾਰਡ ਅਤੇ ਹੋਰ ਬੁਨਿਆਦੀ ਸਹੂਲਤਾਂ ਦਾ ਨਿਰੀਖਣ ਕੀਤਾ ਗਿਆ। ਉਨ੍ਹਾਂ ਵੱਲੋਂ ਸਕੂਲਾਂ ਵਿਚ ਵਿਦਿਆਰਥੀਆਂ ਲਈ ਮੁਹੱਈਆ ਕਰਵਾਈਆਂ ਜਾ ਰਹੀਆਂ ਸਹੂਲਤਾਂ ਅਤੇ ਉਨ੍ਹਾਂ ਦੀ ਪ੍ਰਭਾਵਸ਼ਾਲੀ ਵਰਤੋਂ ਸਬੰਧੀ ਵੀ ਜਾਣਕਾਰੀ ਹਾਸਲ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਅਧਿਆਪਕਾਂ ਨਾਲ ਗੱਲਬਾਤ ਕਰਕੇ ਵਿਦਿਆਰਥੀਆਂ ਦੇ ਸਿੱਖਣ ਨਤੀਜਿਆਂ ਵਿਚ ਹੋਰ ਸੁਧਾਰ ਲਿਆਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਣਿਆ। ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀ ਪੜ੍ਹਾਈ, ਸਕੂਲ ਵਿਚ ਉੱਪਲਬਧ ਸਹੂਲਤਾਂ ਅਤੇ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਸਬੰਧੀ ਫੀਡਬੈਕ ਵੀ ਲਿਆ ਗਿਆ। ਡੀਕੇ ਤਿਵਾੜੀ ਨੇ ਸਕੂਲ ਮੁਖੀਆਂ ਅਤੇ ਅਧਿਆਪਕਾਂ ਨੂੰ ਹਦਾਇਤ ਕੀਤੀ ਕਿ ਵਿਦਿਆਰਥੀਆਂ ਦੀ ਪੜ੍ਹਾਈ ਅਤੇ ਉਨ੍ਹਾਂ ਦੇ ਸਰਵਪੱਖੀ ਵਿਕਾਸ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਹਰੇਕ ਵਿਦਿਆਰਥੀ ਦੀ ਸਿੱਖਣ ਪ੍ਰਗਤੀ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇ ਅਤੇ ਜਿਨ੍ਹਾਂ ਵਿਦਿਆਰਥੀਆਂ ਨੂੰ ਕਿਸੇ ਵਿਸ਼ੇ ਵਿਚ ਵਾਧੂ ਸਹਾਇਤਾ ਦੀ ਲੋੜ ਹੈ, ਉਨ੍ਹਾਂ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣ। ਇਸ ਦੇ ਨਾਲ ਹੀ ਸਕੂਲਾਂ ਵਿਚ ਸਫ਼ਾਈ, ਸੁਰੱਖਿਆ, ਅਨੁਸ਼ਾਸਨ ਅਤੇ ਬੁਨਿਆਦੀ ਸਹੂਲਤਾਂ ਨੂੰ ਯਕੀਨੀ ਬਣਾਉਣ ਲਈ ਵੀ ਲੋੜੀਂਦੇ ਕਦਮ ਚੁੱਕਣ ਲਈ ਕਿਹਾ ਗਿਆ। ਉਨ੍ਹਾਂ ਕਿਹਾ ਕਿ ਸਕੂਲਾਂ ਦੀ ਚੈਕਿੰਗ ਦਾ ਉਦੇਸ਼ ਸਿਰਫ਼ ਕਮੀਆਂ ਲੱਭਣਾ ਨਹੀਂ, ਸਗੋਂ ਸਕੂਲਾਂ ਦੇ ਵਿਦਿਅਕ ਅਤੇ ਪ੍ਰਸ਼ਾਸਨਿਕ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਬਣਾਉਣ ਲਈ ਲੋੜੀਂਦੀ ਸਹਾਇਤਾ, ਮਾਰਗਦਰਸ਼ਨ ਅਤੇ ਸੁਧਾਰਾਤਮਕ ਕਦਮ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਲਈ ਅਧਿਆਪਕਾਂ, ਸਕੂਲ ਮੁਖੀਆਂ ਅਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਆਪਸੀ ਤਾਲਮੇਲ ਨਾਲ ਪੂਰੀ ਤਨਦੇਹੀ ਨਾਲ ਕੰਮ ਕਰਨਾ ਚਾਹੀਦਾ ਹੈ। ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਮੋਗਾ ’ਚ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਅਤੇ ਵਿਦਿਆਰਥੀਆਂ ਨੂੰ ਬਿਹਤਰ ਵਿੱਦਿਅਕ ਮਾਹੌਲ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿਚ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਪੜ੍ਹਾਈ ਦੀ ਗੁਣਵੱਤਾ, ਵਿਦਿਆਰਥੀਆਂ ਦੀ ਸਿੱਖਣ ਪ੍ਰਗਤੀ ਅਤੇ ਸਕੂਲਾਂ ਦੇ ਸਮੁੱਚੇ ਪ੍ਰਬੰਧਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋੜਵੰਦ ਵਿਦਿਆਰਥੀਆਂ ਨੂੰ ਸਰੀਰਕ ਤੌਰ ’ਤੇ ਹੋਰ ਸਮਰੱਥ ਬਣਾਉਣ ਲਈ ਸ਼ੁਰੂ ਕੀਤੇ ਗਏ 100 ਦਿਨਾ ਪੋਸ਼ਣ ਅਭਿਆਨ ਬਾਰੇ ਵੀ ਜਾਣਕਾਰੀ ਦਿੱਤੀ । ਇਸ ਮੌਕੇ ਸਿੱਖਿਆ ਵਿਭਾਗ ਦੇ ਸਥਾਨਕ ਅਧਿਕਾਰੀ, ਸਕੂਲ ਮੁਖੀ ਅਤੇ ਅਧਿਆਪਕ ਵੀ ਹਾਜ਼ਰ ਸਨ।