- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਸਰਕਾਰ ਵੱਲੋਂ ਆਂਗਣਵਾੜੀ

ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ ਮੋਗਾ : ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਕੇਂਦਰਾਂ ਰਾਹੀਂ ਬੱਚਿਆਂ, ਗਰਭਵਤੀ ਔਰਤਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ ਬਿਹਤਰ ਪੋਸ਼ਣ ਸਹੂਲਤਾਂ ਮੁਹੱਈਆ ਕਰਵਾਉਣ ਅਤੇ ਸਰਕਾਰੀ ਭਲਾਈ ਸਕੀਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਦੀ ਵਚਨਬੱਧਤਾ ਤਹਿਤ ਪੰਜਾਬ ਸਰਕਾਰ ਦੇ ਵਧੀਕ ਮੁੱਖ ਸਕੱਤਰ ਡੀਕੇ ਤਿਵਾੜੀ ਵੱਲੋਂ ਬੁੱਧਵਾਰ ਨੂੰ ਜ਼ਿਲ੍ਹਾ ਮੋਗਾ ਦੇ ਲੋਹਾਰਾ, ਖੋਸਾ ਕੋਟਲਾ ਅਤੇ ਗਗੜਾ ਸਥਿਤ ਆਂਗਣਵਾੜੀ ਕੇਂਦਰਾਂ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਕੇਂਦਰਾਂ ਵਿਚ ਉਪਲਬਧ ਬੁਨਿਆਦੀ ਸਹੂਲਤਾਂ, ਸਾਫ਼-ਸਫ਼ਾਈ ਦੇ ਪ੍ਰਬੰਧਾਂ ਅਤੇ ਲਾਭਪਾਤਰੀਆਂ ਲਈ ਖਾਧ ਪਦਾਰਥਾਂ ਦੀ ਉਪਲਬਧਤਾ ਦਾ ਵਿਸਥਾਰ ਨਾਲ ਜਾਇਜ਼ਾ ਲਿਆ। ਇਸ ਮੌਕੇ ਏਡੀਸੀ ਜਸਪਿੰਦਰ ਸਿੰਘ ਵੀ ਮੌਜੂਦ ਸਨ। ਦੌਰੇ ਦੌਰਾਨ ਵਧੀਕ ਮੁੱਖ ਸਕੱਤਰ ਨੇ ਆਂਗਣਵਾੜੀ ਕੇਂਦਰਾਂ ਵਿਚ ਸਾਫ਼-ਸਫ਼ਾਈ ਦੀ ਸਥਿਤੀ ਅਤੇ ਖਾਧ ਪਦਾਰਥਾਂ ਦੀ ਘਾਟ ਸਬੰਧੀ ਗੰਭੀਰ ਨੋਟਿਸ ਲੈਂਦਿਆਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਕਮੀਆਂ ਨੂੰ ਦੂਰ ਕਰਨ ਲਈ ਤੁਰੰਤ ਲੋੜੀਂਦੇ ਕਦਮ ਚੁੱਕੇ ਜਾਣ। ਉਨ੍ਹਾਂ ਜ਼ੋਰ ਦਿੱਤਾ ਕਿ ਆਂਗਣਵਾੜੀ ਕੇਂਦਰਾਂ ਵਿਚ ਸਫ਼ਾਈ, ਸਾਫ਼ ਪੀਣ ਵਾਲੇ ਪਾਣੀ, ਸੁਰੱਖਿਅਤ ਵਾਤਾਵਰਨ ਅਤੇ ਪੌਸ਼ਟਿਕ ਖੁਰਾਕ ਦੇ ਢੁੱਕਵੇਂ ਪ੍ਰਬੰਧ ਯਕੀਨੀ ਬਣਾਏ ਜਾਣ, ਤਾਂ ਜੋ ਲਾਭਪਾਤਰੀਆਂ ਦੀ ਸਿਹਤ ਅਤੇ ਪੋਸ਼ਣ ਸਬੰਧੀ ਲੋੜਾਂ ਦੀ ਪੂਰਤੀ ਹੋ ਸਕੇ। ਉਨ੍ਹਾਂ ਕਿਹਾ ਕਿ ਆਂਗਣਵਾੜੀ ਕੇਂਦਰ ਬੱਚਿਆਂ ਦੇ ਮੁੱਢਲੇ ਵਿਕਾਸ, ਪੋਸ਼ਣ ਅਤੇ ਸਿਹਤ ਸੰਭਾਲ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਲਈ ਇਨ੍ਹਾਂ ਕੇਂਦਰਾਂ ਵਿਚ ਸਰਕਾਰੀ ਮਾਪਦੰਡਾਂ ਅਨੁਸਾਰ ਸਹੂਲਤਾਂ ਦੀ ਉਪਲਬਧਤਾ ਅਤੇ ਸੇਵਾਵਾਂ ਦੀ ਗੁਣਵੱਤਾ ਕਾਇਮ ਰੱਖਣਾ ਸਬੰਧਤ ਵਿਭਾਗਾਂ ਦੀ ਮੁੱਖ ਜ਼ਿੰਮੇਵਾਰੀ ਹੈ। ਵਧੀਕ ਮੁੱਖ ਸਕੱਤਰ ਨੇ ਅਧਿਕਾਰੀਆਂ ਨੂੰ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਕਿ ਸਰਕਾਰੀ ਹਦਾਇਤਾਂ ਦੀ ਪਾਲਣਾ ਵਿਚ ਕਿਸੇ ਕਿਸਮ ਦੀ ਅਣਗਹਿਲੀ ਨਾ ਹੋਵੇ ਅਤੇ ਆਂਗਣਵਾੜੀ ਕੇਂਦਰਾਂ ਦੇ ਕੰਮਕਾਜ ਦੀ ਨਿਯਮਤ ਨਿਗਰਾਨੀ ਕੀਤੀ ਜਾਵੇ। ਉਨ੍ਹਾਂ ਅਨੁਸਾਰ, ਲੋਕਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਪਾਰਦਰਸ਼ੀ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਉਣ ਲਈ ਜ਼ਮੀਨੀ ਪੱਧਰ ’ਤੇ ਪ੍ਰਬੰਧਾਂ ਨੂੰ ਮਜ਼ਬੂਤ ਕਰਨਾ ਜ਼ਰੂਰੀ ਹੈ।