ਪਿੰਡ ਰੋਡੇ ਏਡੀਸੀ ਨੇ ਮੌਕੇ ’ਤੇ ਪਹੁੰਚ ਕੇ ਬੁਝਵਾਈ ਪਰਾਲੀ ਨੂੰ ਲੱਗੀ ਅੱਗ ਜ਼ਿਲ੍ਹਾ ਮੋਗਾ ਵਿਚ ਪਰਾਲੀ ਸਾੜਨ
Publish Date: Tue, 10 Nov 2026 05:39 PM (IST)
Updated Date: Wed, 11 Nov 2026 04:00 AM (IST)
ਪਰਾਲੀ ਸਾੜਨ ਦੀਆਂ ਘਟਨਾਵਾਂ ਪ੍ਰਤੀ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਗੰਭੀਰ, ਉਲੰਘਣਾ ਕਰਨ ਵਾਲਿਆਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਅਤੇ ਵਾਤਾਵਰਣ ਦੀ ਸੰਭਾਲ ਵਿਚ ਪ੍ਰਸ਼ਾਸਨ ਦਾ ਸਹਿਯੋਗ ਕਰਨ ਦੀ ਅਪੀਲ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਮੋਗਾ : ਜ਼ਿਲ੍ਹਾ ਮੋਗਾ ਵਿਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਵਾਤਾਵਰਣ ਨੂੰ ਪ੍ਰਦੂਸ਼ਣ ਤੋਂ ਬਚਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ। ਇਸੇ ਲੜੀ ਤਹਿਤ ਪਿੰਡ ਰੋਡੇ ਵਿਖੇ ਪਰਾਲੀ ਨੂੰ ਅੱਗ ਲੱਗਣ ਦੀ ਸੂਚਨਾ ਮਿਲਣ ’ਤੇ ਵਧੀਕ ਡਿਪਟੀ ਕਮਿਸ਼ਨਰ (ਜ) ਜਸਪਿੰਦਰ ਸਿੰਘ ਨੇ ਤੁਰੰਤ ਮੌਕੇ ’ਤੇ ਪਹੁੰਚ ਕੇ ਅੱਗ ਬੁਝਾਉਣ ਦੀ ਕਾਰਵਾਈ ਕਰਵਾਈ। ਉਨ੍ਹਾਂ ਦੀ ਮੌਜੂਦਗੀ ਵਿਚ ਸਬੰਧਤ ਅਮਲੇ ਵੱਲੋਂ ਅੱਗ ’ਤੇ ਕਾਬੂ ਪਾਇਆ ਗਿਆ ਤਾਂ ਜੋ ਅੱਗ ਨੂੰ ਹੋਰ ਫੈਲਣ ਤੋਂ ਰੋਕਿਆ ਜਾ ਸਕੇ। ਇਸ ਮੌਕੇ ਉਨ੍ਹਾਂ ਸਪੱਸ਼ਟ ਕੀਤਾ ਕਿ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬੇਹੱਦ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ ਅਤੇ ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਪਰਾਲੀ ਸਾੜਨ ਦੀਆਂ ਘਟਨਾਵਾਂ ’ਤੇ ਨਜ਼ਰ ਰੱਖਣ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਅਤੇ ਫੀਲਡ ਸਟਾਫ਼ ਨੂੰ ਸਰਗਰਮ ਕੀਤਾ ਗਿਆ ਹੈ। ਅੱਗ ਲੱਗਣ ਦੀ ਸੂਚਨਾ ਮਿਲਦਿਆਂ ਹੀ ਤੁਰੰਤ ਮੌਕੇ ’ਤੇ ਪਹੁੰਚ ਕੇ ਅੱਗ ਬੁਝਾਉਣ ਅਤੇ ਲੋੜੀਂਦੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਰਾਲੀ ਸਾੜਨ ਨਾਲ ਹਵਾ ਪ੍ਰਦੂਸ਼ਣ ਵਧਦਾ ਹੈ, ਜਿਸ ਦਾ ਮਨੁੱਖੀ ਸਿਹਤ, ਬੱਚਿਆਂ, ਬਜ਼ੁਰਗਾਂ ਅਤੇ ਵਾਤਾਵਰਣ ’ਤੇ ਮਾੜਾ ਅਸਰ ਪੈਂਦਾ ਹੈ। ਇਸ ਤੋਂ ਇਲਾਵਾ ਖੇਤਾਂ ਦੀ ਉਪਜਾਊ ਸ਼ਕਤੀ ਅਤੇ ਮਿੱਤਰ ਕੀੜਿਆਂ ਨੂੰ ਵੀ ਨੁਕਸਾਨ ਪਹੁੰਚਦਾ ਹੈ। ਇਸ ਲਈ ਕਿਸਾਨਾਂ ਨੂੰ ਚਾਹੀਦਾ ਹੈ ਕਿ ਉਹ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਖੇਤੀਬਾੜੀ ਵਿਭਾਗ ਵੱਲੋਂ ਸੁਝਾਏ ਗਏ ਵਿਗਿਆਨਕ ਤਰੀਕਿਆਂ ਅਤੇ ਮਸ਼ੀਨਰੀ ਦੀ ਵਰਤੋਂ ਕਰਕੇ ਇਸ ਦਾ ਸੁਚੱਜਾ ਪ੍ਰਬੰਧਨ ਕਰਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਵਾਤਾਵਰਣ ਦੀ ਸੁਰੱਖਿਆ ਅਤੇ ਆਉਣ ਵਾਲੀਆਂ ਪੀੜ੍ਹੀਆਂ ਦੇ ਸਿਹਤਮੰਦ ਭਵਿੱਖ ਲਈ ਪਰਾਲੀ ਨਾ ਸਾੜਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚਲਾਈ ਜਾ ਰਹੀ ਮੁਹਿੰਮ ਵਿੱਚ ਸਰਗਰਮ ਸਹਿਯੋਗ ਦੇਣ। ਉਨ੍ਹਾਂ ਦੁਹਰਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਰਾਲੀ ਸਾੜਨ ਦੀ ਰੋਕਥਾਮ ਲਈ ਖੇਤਰੀ ਪੱਧਰ ’ਤੇ ਨਿਰੰਤਰ ਨਿਗਰਾਨੀ ਜਾਰੀ ਰਹੇਗੀ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਨਿਯਮਾਂ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ।