ਏਡੀਸੀ ਨੇ ਬਾਘਾਪੁਰਾਣਾ ਦੇ ਪੋਲਿੰਗ ਸਟੇਸ਼ਨਾਂ ਦਾ ਕੀਤਾ ਦੌਰਾ ਨਗਰ ਕੌਂਸਲ ਬਾਘਾਪੁਰਾਣਾ ਦੀਆਂ ਚੋਣਾਂ
Publish Date: Sat, 28 Nov 2026 03:39 PM (IST)
Updated Date: Sat, 28 Nov 2026 03:40 PM (IST)
ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ ਮੋਗਾ : ਨਗਰ ਕੌਂਸਲ ਬਾਘਾਪੁਰਾਣਾ ਦੀਆਂ ਚੋਣਾਂ ਦੌਰਾਨ ਵੋਟਿੰਗ ਪ੍ਰਕਿਰਿਆ ਦਾ ਜਾਇਜ਼ਾ ਲੈਣ ਲਈ ਵਧੀਕ ਡਿਪਟੀ ਕਮਿਸ਼ਨਰ ਪੇਂਡੂ ਵਿਕਾਸ ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਕੁਲਪ੍ਰੀਤ ਸਿੰਘ ਅਤੇ ਰਿਟਰਨਿੰਗ ਅਫ਼ਸਰ ਨਗਰ ਕੌਂਸਲ ਚੋਣਾਂ ਬਾਘਾਪੁਰਾਣਾ-ਕਮ-ਐੱਸਡੀਐੱਮ ਨਿਹਾਲ ਸਿੰਘ ਵਾਲਾ ਗਗਨਦੀਪ ਵੱਲੋਂ ਬਾਘਾਪੁਰਾਣਾ ਦੇ ਵੱਖ-ਵੱਖ ਪੋਲਿੰਗ ਸਟੇਸ਼ਨਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਪੋਲਿੰਗ ਸਟੇਸ਼ਨਾਂ ਤੇ ਚੱਲ ਰਹੀ ਵੋਟਿੰਗ ਪ੍ਰਕਿਰਿਆ ਦਾ ਬਾਰੀਕੀ ਨਾਲ ਨਿਰੀਖਣ ਕੀਤਾ ਅਤੇ ਚੋਣ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਪੋਲਿੰਗ ਸਟਾਫ਼ ਨਾਲ ਗੱਲਬਾਤ ਕਰਦਿਆਂ ਵੋਟਿੰਗ ਦੀ ਪ੍ਰਗਤੀ ਅਤੇ ਕੀਤੇ ਗਏ ਪ੍ਰਬੰਧਾਂ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਵੱਲੋਂ ਹੁਣ ਤੱਕ ਦੇ ਪ੍ਰਬੰਧਾਂ ਅਤੇ ਵੋਟਿੰਗ ਪ੍ਰਕਿਰਿਆ ਤੇ ਤਸੱਲੀ ਪ੍ਰਗਟਾਈ ਗਈ। ਇਸ ਮੌਕੇ ਅਧਿਕਾਰੀਆਂ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਮੋਗਾ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪੂਰੀ ਤਰ੍ਹਾਂ ਪਾਲਣਾ ਕਰਦਿਆਂ ਚੋਣ ਪ੍ਰਕਿਰਿਆ ਨੂੰ ਸੁਚਾਰੂ, ਨਿਰਪੱਖ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਚੋਣਾਂ ਦੌਰਾਨ ਸਾਰੇ ਪ੍ਰਬੰਧਾਂ ਅਤੇ ਵੋਟਿੰਗ ਪ੍ਰਕਿਰਿਆ ਤੇ ਲਗਾਤਾਰ ਨਿਗਰਾਨੀ ਰੱਖੀ ਜਾ ਰਹੀ ਹੈ, ਤਾਂ ਜੋ ਚੋਣਾਂ ਸ਼ਾਂਤੀਪੂਰਨ ਅਤੇ ਪਾਰਦਰਸ਼ੀ ਢੰਗ ਨਾਲ ਸੰਪੰਨ ਹੋ ਸਕਣ। ਉਨ੍ਹਾਂ ਨੇ ਚੋਣ ਡਿਊਟੀ ਤੇ ਤਾਇਨਾਤ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਅਤੇ ਨਿਰਪੱਖਤਾ ਨਾਲ ਨਿਭਾਉਣ ਦੇ ਨਿਰਦੇਸ਼ ਵੀ ਦਿੱਤੇ।