ਐਡਵੋਕੇਟ ਰਮੇਸ਼ ਗਰੋਵਰ ਵੱਲੋਂ ਸਾਇਕੋਲੋਜਿਸਟ ਸਪੈਸ਼ਲ ਸਕੂਲ ਦਾ ਦੌਰਾ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ
Publish Date: Fri, 20 Nov 2026 04:02 PM (IST)
Updated Date: Fri, 20 Nov 2026 04:04 PM (IST)
ਵਕੀਲ ਮਹਿਰੋਂ, ਪੰਜਾਬੀ ਜਾਗਰਣ ਮੋਗਾ: ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਐਡਵੋਕੇਟ ਰਮੇਸ਼ ਗਰੋਵਰ ਵੱਲੋਂ ਮੋਗਾ ਦੇ ਅੰਮ੍ਰਿਤਸਰ ਰੋਡ ਸਥਿਤ ਸਾਇਕੋਲੋਜਿਸਟ ਸਪੈਸ਼ਲ ਸਕੂਲ ਦਾ ਵਿਸ਼ੇਸ਼ ਦੌਰਾ ਕੀਤਾ ਗਿਆ। ਇਸ ਦੌਰੇ ਦੌਰਾਨ ਉਨ੍ਹਾਂ ਨੇ ਸਕੂਲ ਦੇ ਸਟਾਫ਼ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨਾਲ ਵੱਖ-ਵੱਖ ਸਮਾਜਿਕ, ਵਿਦਿਅਕ ਅਤੇ ਰਾਜਨੀਤਿਕ ਮੁੱਦਿਆਂ ਤੇ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਉਨ੍ਹਾਂ ਨੇ ਸਟਾਫ਼ ਨੂੰ ਭਾਰਤੀ ਜਨਤਾ ਪਾਰਟੀ ਦੀ ਵਿਚਾਰਧਾਰਾ, ਨੀਤੀਆਂ ਅਤੇ ਪਾਰਟੀ ਵੱਲੋਂ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਐਡਵੋਕੇਟ ਰਮੇਸ਼ ਗਰੋਵਰ ਨੇ ਗੱਲਬਾਤ ਕਰਦਿਆਂ ਕਿਹਾ ਕਿ ਕਿਸੇ ਵੀ ਸੂਬੇ ਅਤੇ ਦੇਸ਼ ਦੀ ਤਰੱਕੀ ਲਈ ਸਿੱਖਿਆ, ਸੁਰੱਖਿਆ ਅਤੇ ਮਜ਼ਬੂਤ ਪ੍ਰਸ਼ਾਸਨ ਬੇਹੱਦ ਜ਼ਰੂਰੀ ਹਨ। ਉਨ੍ਹਾਂ ਕਿਹਾ ਕਿ ਸਿੱਖਿਆ ਦੇ ਖੇਤਰ ਨੂੰ ਮਜ਼ਬੂਤ ਬਣਾਉਣਾ ਸਮੇਂ ਦੀ ਮੁੱਖ ਲੋੜ ਹੈ। ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਸਕੂਲਾਂ ਵਿਚ ਪੜ੍ਹਾਈ ਦਾ ਮਿਆਰ ਉੱਚਾ ਚੁੱਕਣ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਬਿਹਤਰ ਵਿੱਦਿਅਕ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ। ਉਨ੍ਹਾਂ ਵਿਸ਼ੇਸ਼ ਤੌਰ ’ਤੇ ਕਿਹਾ ਕਿ ਵਿਸ਼ੇਸ਼ ਜ਼ਰੂਰਤਾਂ ਵਾਲੇ ਬੱਚਿਆਂ ਦੀ ਸਿੱਖਿਆ ਅਤੇ ਉਨ੍ਹਾਂ ਦੇ ਸਰਵਪੱਖੀ ਵਿਕਾਸ ਵੱਲ ਵੀ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ। ਉਨ੍ਹਾਂ ਅੱਗੇ ਕਿਹਾ ਕਿ ਭਾਜਪਾ ਦੀ ਸਰਕਾਰ ਆਉਣ ਤੇ ਸੂਬੇ ਵਿਚ ਕਾਨੂੰਨ ਵਿਵਸਥਾ ਦੀ ਸਥਿਤੀ ਨੂੰ ਸੁਧਾਰਨ, ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਅਤੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸਕੂਲਾਂ ਦੀਆਂ ਸਮੱਸਿਆਵਾਂ ਨੂੰ ਸਮਝਣਾ ਅਤੇ ਸਿੱਖਿਆ ਸੰਸਥਾਵਾਂ ਨੂੰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣਾ ਵੀ ਅਹਿਮ ਹੈ। ਇਸ ਦੌਰਾਨ ਐਡਵੋਕੇਟ ਰਮੇਸ਼ ਗਰੋਵਰ ਵੱਲੋਂ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਤੋਂ ਜਾਣੂੰ ਕਰਵਾਉਣ ਅਤੇ ਪ੍ਰੇਰਿਤ ਕਰਨ ਉਪਰੰਤ ਚਾਰ ਵਿਅਕਤੀਆਂ ਨੇ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ। ਭਾਜਪਾ ਵਿਚ ਸ਼ਾਮਲ ਹੋਣ ਵਾਲਿਆਂ ਵਿਚ ਸਚਿਨ ਕੁਮਾਰ ਮੋਗਾ, ਅਰਸ਼ਦੀਪ ਸਿੰਘ ਮਹਿਣਾ, ਲਵਪ੍ਰੀਤ ਸਿੰਘ ਲੰਡੇਕੇ ਅਤੇ ਗਗਨਦੀਪ ਸਿੰਘ ਡਾਲਾ ਦੇ ਨਾਮ ਸ਼ਾਮਲ ਹਨ। ਇਸ ਮੌਕੇ ਪਾਰਟੀ ਵਿਚ ਸ਼ਾਮਲ ਹੋਏ ਨਵੇਂ ਮੈਂਬਰਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਸਿਰੋਪੇ ਦੇ ਕੇ ਸਨਮਾਨਿਤ ਕੀਤਾ ਗਿਆ। ਐਡਵੋਕੇਟ ਰਮੇਸ਼ ਗਰੋਵਰ ਨੇ ਨਵੇਂ ਮੈਂਬਰਾਂ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਕਿਹਾ ਕਿ ਪਾਰਟੀ ਨਾਲ ਜੁੜਨ ਵਾਲੇ ਹਰੇਕ ਵਰਕਰ ਨੂੰ ਬਣਦਾ ਮਾਣ-ਸਨਮਾਨ ਦਿੱਤਾ ਜਾਵੇਗਾ ਅਤੇ ਸਾਰਿਆਂ ਨੂੰ ਨਾਲ ਲੈ ਕੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਕੰਮ ਕੀਤਾ ਜਾਵੇਗਾ। ਉਨ੍ਹਾਂ ਆਸ ਪ੍ਰਗਟਾਈ ਕਿ ਨਵੇਂ ਸਾਥੀਆਂ ਦੇ ਪਾਰਟੀ ਨਾਲ ਜੁੜਨ ਨਾਲ ਜਥੇਬੰਦੀ ਨੂੰ ਹੋਰ ਮਜ਼ਬੂਤੀ ਮਿਲੇਗੀ। ਇਸ ਮੌਕੇ ਹਿਤੇਸ਼ ਗੁਪਤਾ ਅਤੇ ਅਨੁਜ ਸ਼ਰਮਾ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਸਮੁੱਚਾ ਪ੍ਰੋਗਰਾਮ ਆਪਸੀ ਵਿਚਾਰ-ਵਟਾਂਦਰੇ ਅਤੇ ਨਵੇਂ ਮੈਂਬਰਾਂ ਦੇ ਸਵਾਗਤ ਨਾਲ ਸੰਪੰਨ ਹੋਇਆ।