- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਵਿਧਾਨ ਸਭਾ ਦੀਆਂ

ਵਕੀਲ ਮਹਿਰੋਂ, ਪੰਜਾਬੀ ਜਾਗਰਣ ਮੋਗਾ: ਪੰਜਾਬ ਵਿਧਾਨ ਸਭਾ ਦੀਆਂ 2027 ਵਿਚ ਹੋਣ ਵਾਲੀਆਂ ਆਗਾਮੀ ਚੋਣਾਂ ਜਿਵੇਂ-ਜਿਵੇਂ ਨੇੜੇ ਆ ਰਹੀਆਂ ਹਨ, ਤਿਵੇਂ-ਤਿਵੇਂ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਵੱਲੋਂ ਆਪੋ-ਆਪਣੇ ਹਲਕਿਆਂ ਵਿਚ ਚੋਣ ਸਰਗਰਮੀਆਂ ਤੇਜ਼ ਕੀਤੀਆਂ ਜਾ ਰਹੀਆਂ ਹਨ। ਸੰਭਾਵੀ ਉਮੀਦਵਾਰਾਂ ਵੱਲੋਂ ਜਿੱਥੇ ਲੋਕਾਂ ਨਾਲ ਰਾਬਤਾ ਵਧਾਇਆ ਜਾ ਰਿਹਾ ਹੈ, ਉੱਥੇ ਹੀ ਗਰਾਊਂਡ ਪੱਧਰ ’ਤੇ ਆਪਣੀ ਸਥਿਤੀ ਮਜ਼ਬੂਤ ਕਰਨ ਲਈ ਬੂਥ ਪੱਧਰ ਦੀਆਂ ਮੀਟਿੰਗਾਂ ਅਤੇ ਵਰਕਰਾਂ ਨਾਲ ਸੰਪਰਕ ਮੁਹਿੰਮ ਵੀ ਚਲਾਈ ਜਾ ਰਹੀ ਹੈ। ਇਸੇ ਕੜੀ ਤਹਿਤ ਵਿਧਾਨ ਸਭਾ ਹਲਕਾ ਮੋਗਾ ਵਿਚ ਕਾਂਗਰਸ ਪਾਰਟੀ ਦੇ ਚੋਣ ਨਿਸ਼ਾਨ ’ਤੇ ਚੋਣ ਲੜਨ ਦੇ ਚਾਹਵਾਨ ਆਗੂਆਂ ਦੀ ਕਤਾਰ ਵੀ ਦਿਨੋਂ-ਦਿਨ ਲੰਮੀ ਹੁੰਦੀ ਜਾ ਰਹੀ ਹੈ। ਹਲਕੇ ਵਿਚ ਵੱਖ-ਵੱਖ ਆਗੂਆਂ ਵੱਲੋਂ ਆਪਣੀਆਂ ਸਿਆਸੀ ਸਰਗਰਮੀਆਂ ਵਧਾਏ ਜਾਣ ਦੇ ਵਿਚਕਾਰ ਕਾਂਗਰਸ ਪਾਰਟੀ ਨਾਲ ਸਬੰਧਤ ਕੁਝ ਪ੍ਰਮੁੱਖ ਆਗੂਆਂ ਨੇ ਹਲਕਾ ਇੰਚਾਰਜ ਮਾਲਵਿਕਾ ਸੂਦ ਦੇ ਹੱਕ ਵਿਚ ਆਪਣਾ ਸਪੱਸ਼ਟ ਸਮਰਥਨ ਜ਼ਾਹਿਰ ਕੀਤਾ ਹੈ। ਵਿਧਾਨ ਸਭਾ ਹਲਕਾ ਮੋਗਾ ਅਧੀਨ ਪੈਂਦੇ ਕਾਂਗਰਸੀ ਆਗੂ ਗੁਰਚਰਨ ਸਿੰਘ, ਜਸਪਾਲ ਸਿੰਘ, ਗੁਰਚਰਨ ਲੱਕੀ ਸਾਬਕਾ ਸਰਪੰਚ ਚੜਿੱਕ, ਸ਼ਿਵਰਾਜ ਝੰਡੇਆਣਾ ਗਰਬੀ ਅਤੇ ਗੁਰਪ੍ਰੀਤ ਸਿੰਘ ਸੋਸ਼ਨ ਨੇ ਕਿਹਾ ਕਿ ਉਹ ਹਲਕਾ ਇੰਚਾਰਜ ਮਾਲਵਿਕਾ ਸੂਦ ਦੇ ਨਾਲ ਡਟ ਕੇ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਮਾਲਵਿਕਾ ਸੂਦ ਨੇ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਦੀ ਟਿਕਟ ’ਤੇ ਚੋਣ ਲੜਨ ਤੋਂ ਬਾਅਦ ਲਗਾਤਾਰ ਹਲਕੇ ਦੇ ਲੋਕਾਂ ਨਾਲ ਆਪਣਾ ਸੰਪਰਕ ਬਣਾਈ ਰੱਖਿਆ ਹੈ ਅਤੇ ਲੋਕਾਂ ਦੇ ਦੁੱਖ-ਸੁੱਖ ਵਿਚ ਸ਼ਾਮਲ ਹੁੰਦੇ ਰਹੇ ਹਨ। ਉਕਤ ਆਗੂਆਂ ਨੇ ਕਿਹਾ ਕਿ ਸਿਆਸੀ ਪਾਰਟੀਆਂ ਵਿਚ ਹਰ ਆਗੂ ਨੂੰ ਪਾਰਟੀ ਕੋਲ ਆਪਣਾ ਹੱਕ ਅਤੇ ਦਾਅਵਾ ਪੇਸ਼ ਕਰਨ ਦਾ ਅਧਿਕਾਰ ਹੈ, ਪਰ ਮੌਜੂਦਾ ਸਮੇਂ ਵਿਚ ਉਹ ਪੂਰੀ ਤਰ੍ਹਾਂ ਹਲਕਾ ਇੰਚਾਰਜ ਮਾਲਵਿਕਾ ਸੂਦ ਦੇ ਨਾਲ ਹਨ ਅਤੇ ਕੋਈ ਵੀ ਆਗੂ ਉਨ੍ਹਾਂ ਨੂੰ ਧੱਕੇ ਨਾਲ ਆਪਣੇ ਵੱਲ ਨਹੀਂ ਖਿੱਚ ਸਕਦਾ। ਉਨ੍ਹਾਂ ਦਾਅਵਾ ਕੀਤਾ ਕਿ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਮਾਲਵਿਕਾ ਸੂਦ ਨੂੰ ਹਲਕਾ ਮੋਗਾ ਤੋਂ ਵੱਡੀ ਲੀਡ ਨਾਲ ਜਿਤਾਉਣ ਲਈ ਉਹ ਦਿਨ-ਰਾਤ ਇੱਕ ਕਰ ਦੇਣਗੇ ਅਤੇ ਇਸ ਮਕਸਦ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਸਮੂਹ ਵਰਕਰਾਂ ਨੂੰ ਇਕਜੁੱਟ ਕਰਕੇ ਪਾਰਟੀ ਦੀ ਜਿੱਤ ਲਈ ਪੂਰੀ ਤਾਕਤ ਨਾਲ ਕੰਮ ਕੀਤਾ ਜਾਵੇਗਾ।