- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ

ਵਕੀਲ ਮਹਿਰੋਂ, ਪੰਜਾਬੀ ਜਾਗਰਣ ਮੋਗਾ: ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਾਰਟੀ ਦੀਆਂ ਸਰਗਰਮੀਆਂ ਤੇਜ਼ ਕਰਦਿਆਂ ਪਿੰਡ ਪੱਧਰ ’ਤੇ ਲਾਮਬੰਦੀ ਸ਼ੁਰੂ ਕਰ ਦਿੱਤੀ ਗਈ ਹੈ। ਇਸੇ ਤਹਿਤ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਬਲਰਾਜ ਸਿੰਘ ਖ਼ਾਲਸਾ ਨੇ ਪਿੰਡ ਵਰੇ ਦਾ ਦੌਰਾ ਕਰਕੇ ਪਾਰਟੀ ਆਗੂਆਂ, ਵਰਕਰਾਂ ਅਤੇ ਸਮਰਥਕਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਪਾਰਟੀ ਦੀਆਂ ਨੀਤੀਆਂ, ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀ ਤਿਆਰੀ ਅਤੇ ਪਿੰਡ ਪੱਧਰ ’ਤੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਬਲਰਾਜ ਸਿੰਘ ਖ਼ਾਲਸਾ ਨੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਾਰਟੀ ਵੱਲੋਂ ਹੁਣ ਤੋਂ ਹੀ ਜ਼ਮੀਨੀ ਪੱਧਰ ’ਤੇ ਲੋਕਾਂ ਨਾਲ ਸੰਪਰਕ ਬਣਾਉਣ ਦਾ ਕੰਮ ਸ਼ੁਰੂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਜਥੇਬੰਦੀ ਦੀ ਮਜ਼ਬੂਤੀ ਉਸ ਦੇ ਵਰਕਰਾਂ ਅਤੇ ਆਮ ਲੋਕਾਂ ਨਾਲ ਜੁੜੇ ਹੋਣ ’ਤੇ ਨਿਰਭਰ ਕਰਦੀ ਹੈ, ਇਸ ਲਈ ਪਿੰਡ-ਪਿੰਡ ਜਾ ਕੇ ਲੋਕਾਂ ਨਾਲ ਸਿੱਧਾ ਸੰਪਰਕ ਕੀਤਾ ਜਾਵੇਗਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਤੇ ਵਿਚਾਰ ਸੁਣੇ ਜਾਣਗੇ। ਬਲਰਾਜ ਸਿੰਘ ਖ਼ਾਲਸਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨਾਲ ਜੁੜੇ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਪਾਰਟੀ ਵੱਲੋਂ ਲਗਾਤਾਰ ਆਵਾਜ਼ ਬੁਲੰਦ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵਰਕਰਾਂ ਨੂੰ ਇਕਜੁੱਟ ਹੋ ਕੇ ਪਿੰਡ ਪੱਧਰ ’ਤੇ ਜਥੇਬੰਦੀ ਨੂੰ ਮਜ਼ਬੂਤ ਕਰਨ ਲਈ ਮਿਹਨਤ ਕਰਨੀ ਚਾਹੀਦੀ ਹੈ। ਉਨ੍ਹਾਂ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਆਪਸੀ ਤਾਲਮੇਲ ਨਾਲ ਲੋਕਾਂ ਤੱਕ ਪਹੁੰਚ ਕਰਨ ਅਤੇ ਪਾਰਟੀ ਦੀਆਂ ਨੀਤੀਆਂ ਤੋਂ ਆਮ ਲੋਕਾਂ ਨੂੰ ਜਾਣੂ ਕਰਵਾਉਣ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਪਿੰਡਾਂ ਵਿਚ ਮੀਟਿੰਗਾਂ ਅਤੇ ਲੋਕ ਸੰਪਰਕ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਅਨੁਸਾਰ 2027 ਦੀਆਂ ਚੋਣਾਂ ਲਈ ਤਿਆਰੀ ਸਿਰਫ਼ ਚੋਣਾਂ ਦੇ ਨੇੜੇ ਆਉਣ ’ਤੇ ਨਹੀਂ, ਸਗੋਂ ਹੁਣ ਤੋਂ ਹੀ ਕੀਤੀ ਜਾਣੀ ਜ਼ਰੂਰੀ ਹੈ। ਇਸ ਲਈ ਪਾਰਟੀ ਦੇ ਆਗੂ ਅਤੇ ਵਰਕਰ ਲੋਕਾਂ ਨਾਲ ਨਿਰੰਤਰ ਸੰਪਰਕ ਵਿਚ ਰਹਿਣਗੇ। ਪਿੰਡ ਵਰੇ ਵਿਖੇ ਹੋਈ ਇਸ ਮੁਲਾਕਾਤ ਦੌਰਾਨ ਭੁਪਿੰਦਰ ਸਿੰਘ, ਬਲਜੀਤ ਸਿੰਘ, ਜਗਸੀਰ ਸਿੰਘ, ਜਗਤਾਰ ਸਿੰਘ, ਪਰਮਿੰਦਰ ਸਿੰਘ, ਮੰਗਲ ਸਿੰਘ, ਪ੍ਰੀਤਮ ਸਿੰਘ, ਮਨੋਹਰ ਸਿੰਘ, ਪਰਮਿੰਦਰ ਸਿੰਘ, ਪ੍ਰਕਾਸ਼ ਸਿੰਘ, ਜਗਜੀਤ ਸਿੰਘ, ਗੁਰਚਰਨ ਸਿੰਘ, ਬਲਦੇਵ ਸਿੰਘ ਅਤੇ ਗੁਰਪ੍ਰੀਤ ਸਿੰਘ ਸਮੇਤ ਹੋਰ ਪਾਰਟੀ ਆਗੂ ਅਤੇ ਵਰਕਰ ਹਾਜ਼ਰ ਸਨ।