ਕਿਸਾਨਾਂ ਦੇ ਹੱਕ ’ਚ ਅਕਾਲੀ ਦਲ ਦੀ ਮੀਟਿੰਗ ਹੋਈ
ਪਿਛਲੇ ਦਿਨੀ ਇਲਾਕੇ ਵਿਚ ਪਈ ਬੇਮੌਸਮੀ
Publish Date: Fri, 24 Apr 2026 06:16 PM (IST)
Updated Date: Sat, 25 Apr 2026 04:08 AM (IST)

ਪਵਨ ਗਰਗ ਪੰਜਾਬੀ ਜਾਗਰਣ, ਬਾਘਾਪੁਰਾਣਾ : ਪਿਛਲੇ ਦਿਨੀ ਇਲਾਕੇ ਵਿਚ ਪਈ ਬੇਮੌਸਮੀ ਬਾਰਿਸ਼ ਅਤੇ ਤਬਾਹਕੁਨ ਗੜੇਮਾਰੀ ਨੇ ਕਿਸਾਨਾਂ ਦੀਆਂ ਉਮੀਦਾਂ ਨੂੰ ਵੱਡਾ ਝਟਕਾ ਦਿੱਤਾ ਹੈ। ਖੇਤਾਂ ਵਿਚ ਤਿਆਰ ਖੜ੍ਹੀਆਂ ਫਸਲਾਂ ਪਲਾਂ ਵਿਚ ਨਸ਼ਟ ਹੋ ਗਈਆਂ, ਜਿਸ ਨਾਲ ਕਿਸਾਨਾਂ ਨੂੰ ਭਾਰੀ ਆਰਥਿਕ ਨੁਕਸਾਨ ਝੱਲਣਾ ਪਿਆ ਹੈ। ਇਸ ਮੁਸ਼ਕਲ ਘੜੀ ਵਿਚ ਸਰਕਾਰ ਵੱਲੋਂ ਕੋਈ ਢੰਗ ਦੀ ਕਾਰਵਾਈ ਨਾ ਹੋਣ ‘ਤੇ ਕਿਸਾਨਾਂ ਵਿਚ ਰੋਸ ਵਧਦਾ ਜਾ ਰਿਹਾ ਹੈ। ਇਸ ਗੰਭੀਰ ਸਥਿਤੀ ਨੂੰ ਦੇਖਦੇ ਹੋਏ ਸ੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਮਾਹਲਾ ਕਲਾਂ ਵਿਚ ਇਕ ਅਹਿਮ ਮੀਟਿੰਗ ਬੁਲਾਈ ਗਈ। ਇਹ ਮੀਟਿੰਗ ਕੋਰ ਕਮੇਟੀ ਮੈਂਬਰ ਤੀਰਥ ਸਿੰਘ ਮਾਹਲਾ ਦੀ ਅਗਵਾਈ ਹੇਠ ਹੋਈ, ਜਿਸ ਵਿਚ ਹਲਕਾ ਬਾਘਾਪੁਰਾਣਾ ਦੀ ਪਾਰਟੀ ਜੱਥੇਬੰਦੀ ਵੱਡੀ ਗਿਣਤੀ ਵਿਚ ਸ਼ਾਮਲ ਹੋਈ। ਮੀਟਿੰਗ ਦੌਰਾਨ ਆਗੂਆਂ ਨੇ ਸਰਕਾਰ ਦੀ ਕਾਰਗੁਜ਼ਾਰੀ ‘ਤੇ ਤਿੱਖੇ ਸਵਾਲ ਖੜ੍ਹੇ ਕੀਤੇ। ਉਨ੍ਹਾਂ ਕਿਹਾ ਕਿ ਭਾਰੀ ਨੁਕਸਾਨ ਦੇ ਬਾਵਜੂਦ ਅਜੇ ਤੱਕ ਕਿਸਾਨਾਂ ਲਈ ਕੋਈ ਢੁੱਕਵੀਂ ਮਦਦ ਜਾਂ ਮੁਆਵਜ਼ੇ ਦਾ ਐਲਾਨ ਨਹੀਂ ਕੀਤਾ ਗਿਆ। ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰੀ ਮੰਤਰੀ ਸਿਰਫ਼ ਬਿਆਨਬਾਜ਼ੀ ਤੱਕ ਸੀਮਿਤ ਹਨ, ਜਦਕਿ ਜ਼ਮੀਨੀ ਪੱਧਰ ‘ਤੇ ਕਿਸਾਨਾਂ ਨੂੰ ਅਕੇਲਾ ਛੱਡ ਦਿੱਤਾ ਗਿਆ ਹੈ। ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ ਅਤੇ ਤੀਰਥ ਸਿੰਘ ਮਾਹਲਾ ਨੇ ਕਿਹਾ ਕਿ ਮੌਜੂਦਾ ਸਰਕਾਰ ਦੀ ਸੋਚ ਕਿਸਾਨ ਵਿਰੋਧੀ ਹੈ ਅਤੇ ਇਹ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੀ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇ ਜਲਦ ਹੀ ਕਿਸਾਨਾਂ ਨੂੰ ਯੋਗ ਮੁਆਵਜ਼ਾ ਨਾ ਦਿੱਤਾ ਗਿਆ ਤਾਂ ਪਾਰਟੀ ਵੱਲੋਂ ਸੰਘਰਸ਼ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਆਗੂਆਂ ਨੇ ਇਹ ਵੀ ਐਲਾਨ ਕੀਤਾ ਕਿ ਸ੍ਰੋਮਣੀ ਅਕਾਲੀ ਦਲ ਕਿਸਾਨਾਂ ਦੀ ਮਦਦ ਲਈ ਅੱਗੇ ਆਉਂਦਿਆਂ ਕਣਕ ਇਕੱਠੀ ਕਰੇਗਾ ਅਤੇ ਪ੍ਰਭਾਵਿਤ ਪਰਿਵਾਰਾਂ ਤੱਕ ਪਹੁੰਚਾਵੇਗਾ, ਤਾਂ ਜੋ ਉਨ੍ਹਾਂ ਨੂੰ ਕੁਝ ਰਾਹਤ ਮਿਲ ਸਕੇ। ਉਨ੍ਹਾਂ ਕਿਹਾ ਕਿ ਪਾਰਟੀ ਹਮੇਸ਼ਾ ਕਿਸਾਨਾਂ ਦੇ ਨਾਲ ਖੜ੍ਹੀ ਰਹੀ ਹੈ ਅਤੇ ਅੱਗੇ ਵੀ ਹਰ ਸੰਕਟ ਵੇਲੇ ਉਨ੍ਹਾਂ ਦਾ ਸਾਥ ਦੇਵੇਗੀ। ਮੀਟਿੰਗ ਵਿਚ ਸ਼ਾਮਲ ਹੋਏ ਆਗੂਆਂ ਅਤੇ ਵਰਕਰਾਂ ਨੇ ਇਕਸੁਰ ਹੋ ਕੇ ਸਰਕਾਰ ਤੋਂ ਤੁਰੰਤ ਨੁਕਸਾਨ ਦੀ ਪੜਤਾਲ ਕਰਕੇ ਯੋਗ ਮੁਆਵਜ਼ਾ ਜਾਰੀ ਕਰਨ ਦੀ ਮੰਗ ਕੀਤੀ ਅਤੇ ਕਿਹਾ ਕਿ ਜੇ ਇਹ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।